ਪਾਤੜਾਂ (ਗੁਰਨਾਮ ਸਿੰਘ ਚੌਹਾਨ): ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਪਟਿਆਲਾ ਨਵਰੀਤ ਕੌਰ ਸੇਖੋਂ ਨੇ ਐੱਸਡੀਐੱਮ ਪਾਤੜਾਂ ਅਸ਼ੋਕ ਕੁਮਾਰ ਅਤੇ ਡਰੇਨੇਜ਼ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਪ੍ਰਥਮ ਗੰਭੀਰ, ਐੱਸਡੀਓ ਗੁਲਸ਼ਨ ਤੇ ਹੋਰ ਅਧਿਕਾਰੀਆਂ ਨਾਲ ਹਲਕਾ ਸ਼ੁਤਰਾਣਾ ਵਿੱਚ ਹੜ੍ਹਾਂ ਤੋਂ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਉਨ੍ਹਾਂ ਨੇ ਟੀਮ ਨਾਲ ਬਰਸਾਤੀ ਨਾਲਿਆਂ ਝੰਬੋ ਚੋਅ, ਖਾਸਪੁਰ ਡਰੇਨ ਅਤੇ ਘੱਗਰ ਨਦੀ ਦੇ ਕੰਢਿਆਂ ਦਾ ਨਿਰੀਖਣ ਕੀਤਾ ਹੈ। ਏਡੀਸੀ ਨਵਰੀਤ ਕੌਰ ਸੇਖੋਂ ਨੇ ਸਬੰਧਿਤ ਵਿਭਾਗਾਂ ਨੂੰ ਚੌਕਸ ਰਹਿਣ ਅਤੇ ਹਰ ਗਤੀਵਿਧੀ ’ਤੇ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਪ੍ਰਸ਼ਾਸਨ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਤਰ੍ਹਾਂ ਦੀਆਂ ਅਫ਼ਵਾਹਾਂ ਉਪਰ ਯਕੀਨ ਨਾ ਕਰਨ ਸਗੋਂ ਸੂਚਨਾ ਲਈ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰਕੇ ਰੱਖਣ। ਐੱਸਡੀਐੱਮ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਅਤੇ ਉਨ੍ਹਾਂ ਦੀ ਸਬ ਡਵੀਜ਼ਨ ਦੀ ਸਮੁੱਚੀ ਟੀਮ ਹਮੇਸ਼ਾ ਚੌਕਸ ਹਨ।