ਚੀਨੀ ਡੋਰ ਦੀ ਵਿਕਰੀ ਰੋਕਣ ਲਈ ਦੁਕਾਨਾਂ ਦੀ ਜਾਂਚ
ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 2 ਫਰਵਰੀ
ਸਥਾਨਕ ਪੁਲੀਸ ਵੱਲੋਂ ਚੀਨੀ ਡੋਰ ਦੀ ਵਿਕਰੀ ਨੂੰ ਰੋਕਣ ਲਈ ਅੱਜ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ ’ਤੇ ਜਾਂਚ ਕੀਤੀ ਪਰ ਉੱਥੇ ਕਿਸੇ ਵੀ ਦੁਕਾਨ ਤੋਂ ਅਜਿਹੀ ਡੋਰ ਬਰਾਮਦ ਨਾ ਹੋਈ। ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਜ਼ਿਲ੍ਹਾ ਖੰਨਾ ਦਾ ਐੱਸਐੱਸਪੀ ਅਸ਼ਵਨੀ ਗੋਟਿਆਲ ਦੇ ਨਿਰਦੇਸ਼ਾਂ ਤਹਿਤ ਅੱਜ ਪੁਲੀਸ ਦੀਆਂ ਵੱਖ-ਵੱਖ ਟੀਮਾਂ ਵਲੋਂ ਸ਼ਹਿਰ ਵਿੱਚ ਚੀਨੀ ਡੋਰ ਵਿਕਰੀ ਸਬੰਧੀ ਕਈ ਦੁਕਾਨਾਂ ਦੀ ਜਾਂਚ ਕੀਤੀ ਗਈ ਅਤੇ ਤਲਾਸ਼ੀ ਵੀ ਲਈ ਗਈ। ਉਨ੍ਹਾਂ ਕਿਹਾ ਕਿ ਫਿਲਹਾਲ ਕਿਸੇ ਵੀ ਦੁਕਾਨ ਤੋਂ ਚੀਨੀ ਡੋਰ ਬਰਾਮਦ ਨਹੀਂ ਹੋਈ ਪਰ ਫਿਰ ਵੀ ਉਨ੍ਹਾਂ ਦੁਕਾਨਦਾਰਾਂ ਨੂੰ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਵੀ ਦੁਕਾਨਦਾਰ ਚੀਨੀ ਡੋਰ ਵੇਚਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਥਾਣਾ ਮੁਖੀ ਨੇ ਕਿਹਾ ਕਿ ਇਹ ਚਾਈਨਾ ਡੋਰ ਨਾਲ ਕਈ ਵਿਅਕਤੀ ਜ਼ਖ਼ਮੀ ਹੋ ਰਹੇ ਹਨ ਅਤੇ ਪਤੰਗਬਾਜ਼ੀ ਕਰਨ ਵਾਲੇ ਬੱਚਿਆਂ ਲਈ ਵੀ ਘਾਤਕ ਹੈ, ਇਸ ਲਈ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਚੀਨੀ ਡੋਰ ਨਾ ਵਰਤਣ। ਥਾਣਾ ਮੁਖੀ ਨੇ ਕਿਹਾ ਕਿ ਪੁਲੀਸ ਵੱਲੋਂ ਸ਼ਹਿਰ ਵਿਚ ਮੁਨਿਆਦੀ ਵੀ ਕਰਵਾਈ ਗਈ ਹੈ ਕਿ ਕੋਈ ਵੀ ਵਿਅਕਤੀ ਨਾ ਚੀਨੀ ਡੋਰ ਵੇਚੇ ਅਤੇ ਨਾ ਹੀ ਇਸ ਨਾਲ ਪਤੰਗਬਾਜ਼ੀ ਕਰੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਚੀਨੀ ਡੋਰ ਵੇਚਣ ਵਾਲੇ ਦੀ ਸੂਚਨਾ ਤੁਰੰਤ ਪੁਲੀਸ ਨੂੰ ਦੇਣ ਤਾਂ ਜੋ ਅਜਿਹੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਥਾਣੇਦਾਰ ਸੰਜੀਵ ਕੁਮਾਰ ਤੇ ਅਮਰਜੀਤ ਸਿੰਘ ਵੀ ਮੌਜੂਦ ਸਨ।