ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਵੱਲੋਂ ਨਾਗਰਿਕਤਾ ਕਾਨੂੰਨ ਦੀ ਹਮਾਇਤ

ਜਲੰਧਰ ਵਿਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਮਿਤ ਆਜ਼ਾਦ। -ਫੋਟੋ: ਸਰਬਜੀਤ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 28 ਜਨਵਰੀ
ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਅਮਿਤ ਆਜ਼ਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਹੱਕ ਵਿੱਚ ਵਕਾਲਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਭਵਿੱਖ ਨੂੰ ਉੱਜਵਲ ਬਣਾਉਣ ਲਈ ਇਹ ਕਾਨੂੰਨ ਪਾਸ ਕੀਤਾ ਹੈ, ਜੋ ਦੇਸ਼ ਦੇ ਹਿੱਤ ਵਿੱਚ ਹੈ। ਉਹ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨਾਲ ਪੰਡਤ ਦੀਨ ਦਿਆਲ ਉਪਾਧਿਆਏ ਸਮਿਤੀ ਮੰਚ ਦੇ ਸੂਬਾ ਪ੍ਰਧਾਨ ਕਿਸ਼ਨ ਲਾਲ ਸ਼ਰਮਾ, ਐਡਵੋਕੇਟ ਅਸ਼ੋਕ ਗਾਂਧੀ ਤੇ ਸੰਜੇ ਪਰਾਸ਼ਰ ਵੀ ਮੌਜੂਦ ਸਨ। ਅਮਿਤ ਆਜ਼ਾਦ ਨੇ ਕਿਹਾ ਕਿ ਆਜ਼ਾਦ ਪਰਿਵਾਰ ਕੇਂਦਰ ਸਰਕਾਰ ਦੇ ਫੈਸਲੇ ਦਾ ਪੂਰੀ ਤਰ੍ਹਾਂ ਸਮਰਥਨ ਕਰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਫੈਸਲਾ ਮੌਜੂਦਾ ਸਥਿਤੀ ਨੂੰ ਦੇਖ ਕੇ ਨਹੀਂ ਸਗੋਂ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਦੇਖਦਿਆਂ ਕੀਤਾ ਹੈ। ਉਨ੍ਹਾਂ ਅਪੀਲ ਕੀਤੀ ਕਿ ਲੋਕ ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਇਕਜੁੱਟ ਹੋ ਕੇ ਸਮਰਥਨ ਦੇਣ ਤਾਂ ਕਿ ਸਾਰੇ ਦੇਸ਼ ਵਿਚ ਇਸ ਨੂੰ ਚੰਗੀ ਤਰ੍ਹਾਂ ਲਾਗੂ ਕੀਤਾ ਜਾ ਸਕੇ। ਅਮਿਤ ਆਜ਼ਾਦ ਨੇ ਕਿਹਾ ਕਿ ਜਿਹੜੇ ਲੋਕ ਇਸ ਬਿੱਲ ਦਾ ਵਿਰੋਧ ਕਰ ਰਹੇ ਹਨ ਜਾਂ ਤਾਂ ਉਨ੍ਹਾਂ ਨੇ ਇਸ ਦਾ ਅਧਿਐਨ ਨਹੀਂ ਕੀਤਾ ਜਾਂ ਫਿਰ ਚੰਗੀ ਗੱਲ ਦਾ ਵਿਰੋਧ ਕਰਨਾ ਹੀ ਉਨ੍ਹਾਂ ਦੀ ਨੀਤੀ ਵਿੱਚ ਸ਼ਾਮਲ ਹੈ।
ਅਮਿਤ ਆਜ਼ਾਦ ਨੇ ਕਿਹਾ ਕਿ ਸੀਏਏ ਦੇਸ਼ ਵਿੱਚ ਰਹਿ ਰਹੇ ਲੋਕਾਂ ਦੀ ਨਾਗਰਿਕਤਾ ਨਾਲ ਸਬੰਧ ਰੱਖਦਾ ਹੈ ਜਦਕਿ ਐੱਨਆਰਸੀ ਭਾਰਤ ’ਚ ਆ ਰਹੇ ਘੁਸਪੈਠੀਆਂ ਨੂੰ ਰੋਕਣ ਵਾਲਾ ਕਾਨੂੰਨ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਕਾਨੂੰਨ ਨਾਲ ਦੇਸ਼ ਵਿੱਚ ਰਹਿ ਰਹੇ ਮੁਸਲਮਾਨਾਂ ਨੂੰ ਅਜਿਹਾ ਕੋਈ ਨੁਕਸਾਨ ਨਹੀਂ ਹੋਵੇਗਾ ਜਿਸ ਤਰ੍ਹਾਂ ਦਾ ਭਰਮ ਫੈਲਾਇਆ ਜਾ ਰਿਹਾ ਹੈ। ਦਿੱਲੀ ਦੇ ਸ਼ਾਹੀਨ ਬਾਗ ਵਿੱਚ ਸੀਏਏ ਤੇ ਐੱਨਆਰਸੀ ਦੇ ਵਿਰੁੱਧ ਹੋ ਰਹੇ ਪ੍ਰਦਰਸ਼ਨਾਂ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਪ੍ਰਦਰਸ਼ਨਾਂ ਵਿਰੁੱਧ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਸਥਿਤੀ ਕਾਬੂ ਤੋਂ ਬਾਹਰ ਹੋ ਜਾਵੇਗੀ ਤੇ ਇਹ ਦੂਜਾ ਕਸ਼ਮੀਰ ਬਣ ਜਾਵੇਗਾ। ਅਮਿਤ ਆਜ਼ਾਦ ਨੇ ਇਹ ਦਾਅਵਾ ਵੀ ਕੀਤਾ ਕਿ ਪ੍ਰਧਾਨ ਮੰਤਰੀ ਆਪਣੇ ਆਪ ਲਈ ਕੁਝ ਨਹੀਂ ਕਰ ਰਹੇ ਸਗੋਂ ਉਹ ਦੇਸ਼ ਦੇ ਲੋਕਾਂ ਲਈ ਹੀ ਸਾਰਾ ਕੁਝ ਕਰ ਰਹੇ ਹਨ।