For the best experience, open
https://m.punjabitribuneonline.com
on your mobile browser.
Advertisement

ਛਾਜਲੀ ਵਿੱਚ ਪੁਲੀਸ ਵੱਲੋਂ ਕਿਸਾਨਾਂ ’ਤੇ ਲਾਠੀਚਾਰਜ

05:36 AM Apr 16, 2025 IST
ਛਾਜਲੀ ਵਿੱਚ ਪੁਲੀਸ ਵੱਲੋਂ ਕਿਸਾਨਾਂ ’ਤੇ ਲਾਠੀਚਾਰਜ
ਪਿੰਡ ਛਾਜਲੀ ’ਚ ਕਿਸਾਨਾਂ ਤੇ ਲਾਠੀਚਾਰਜ ਕਰਦੇ ਹੋਏ ਪੰਜਾਬ ਪੁਲੀਸ ਦੇ ਮੁਲਾਜਮ। -ਫੋਟੋ: ਸੀਤਲ
Advertisement

ਰਣਜੀਤ ਸਿੰਘ ਸ਼ੀਤਲ/ਸਤਨਾਮ ਸਿੰਘ ਸੱਤੀ
ਦਿੜ੍ਹਬਾ ਮੰਡੀ/ਸੁਨਾਮ ਊਧਮ ਸਿੰਘ ਵਾਲਾ, 15 ਅਪਰੈਲ
ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਹੇਠ ਕਿਸਾਨਾਂ ਨੇ ਅੱਜ ਪਿੰਡ ਛਾਜਲੀ ਵਿੱਚ ‘ਸਕੂਲ ਆਫ ਐਮੀਨੈਂਸ’ ਦਾ ਉਦਘਾਟਨ ਕਰਨ ਲਈ ਰੱਖੇ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕੀਤਾ। ਜਦੋਂ ਕਿਸਾਨ ਮੁੱਖ ਮੰਤਰੀ ਤੋਂ ਸਵਾਲ ਪੁੱਛਣ ਲਈ ਅੱਗੇ ਵਧਣ ਲੱਗੇ ਤਾਂ ਭਾਰੀ ਗਿਣਤੀ ਵਿੱਚ ਤਾਇਨਾਤ ਪੁਲੀਸ ਨੇ ਉਨ੍ਹਾਂ ਨੂੰ ਪਿੰਡ ਛਾਜਲੀ ਦੇ ਚੌਕ ਵਿੱਚ ਹੀ ਰੋਕ ਲਿਆ। ਕਿਸਾਨ ਕੜਕਦੀ ਧੁੱਪ ਵਿੱਚ ਇੱਥੇ ਹੀ ਸੜਕ ’ਤੇ ਧਰਨਾ ਲਾ ਕੇ ਬੈਠ ਗਏ। ਇਸ ਦੌਰਾਨ ਪੁਲੀਸ ਨੇ ਉਨ੍ਹਾਂ ਨੂੰ ਖਦੇੜਨ ਲਈ ਹਲਕਾ ਲਾਠੀਚਾਰਜ ਵੀ ਕੀਤਾ।
ਕਿਸਾਨ ਆਗੂ ਜਸਵੀਰ ਸਿੰਘ ਮੈਦੇਵਾਸ ਨੇ ਦੋਸ਼ ਲਾਇਆ ਕਿ ਜਦੋਂ ਉਹ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨੂੰ ਮਿਲਣ ਜਾ ਰਹੇ ਸਨ ਤਾਂ ਪੁਲੀਸ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਕਿਸਾਨਾਂ ਨਾਲ ਕਥਿਤ ਧੱਕਾ-ਮੁੱਕੀ ਵੀ ਕੀਤੀ। ਉਨ੍ਹਾਂ ਕਿਹਾ ਕਿ ਸ਼ੰਭੂ ਤੇ ਖਨੌਰੀ ਵਿੱਚ ਕਿਸਾਨ ਮੋਰਚਿਆਂ ਖ਼ਿਲਾਫ਼ ਕਾਰਵਾਈ ਦੌਰਾਨ ਕਿਸਾਨਾਂ ਦਾ ਸਾਮਾਨ ਚੋਰੀ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਪੁੱਛਣਾ ਚਾਹੁੰਦੇ ਸਨ ਕਿ ਇਨ੍ਹਾਂ ਮੋਰਚਿਆਂ ਦੌਰਾਨ ਜਦੋਂ ਸਰਕਾਰ ਨੇ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਸੱਦਿਆ ਸੀ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਿਉਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਅੰਦਰੋਂ ਮਿਲੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਕਾਨੂੰਨ ਵਿੱਚ ਫੈਕਟਰੀ ਦਾ ਪਾਣੀ ਧਰਤੀ ਵਿੱਚ ਭੇਜਣ ਦੀ ਸੂਰਤ ਵਿੱਚ ਛੇ ਸਾਲ ਤੱਕ ਦੀ ਸਜ਼ਾ ਸੀ ਪਰ ਭਗਵੰਤ ਮਾਨ ਸਰਕਾਰ ਨੇ ਇਸ ਨੂੰ ਖ਼ਤਮ ਕਰ ਕੇ ਸਿਰਫ਼ ਜੁਰਮਾਨੇ ਵਾਲੀ ਤਜਵੀਜ਼ ਰੱਖ ਦਿੱਤੀ। ਇਹ ਪੰਜਾਬ ਦੇ ਲੋਕਾਂ ਨਾਲ ਧੱਕਾ ਹੈ ਕਿਉਂਕਿ ਸੂਬਾ ਵਾਸੀ ਗੰਦਾ ਪਾਣੀ ਪੀਣ ਲਈ ਮਜਬੂਰ ਹੋਣਗੇ। ਇਸ ਮੌਕੇ ਸੂਬਾ ਆਗੂ ਜਸਵਿੰਦਰ ਸਿੰਘ ਲੌਂਗੋਵਾਲ, ਬਲਜੀਤ ਕੌਰ ਕਿਲਾ ਭਰੀਆਂ, ਜ਼ਿਲ੍ਹਾ ਆਗੂ ਜਸਵੀਰ ਸਿੰਘ ਮਦੇਵਾਸ, ਸੰਤ ਰਾਮ ਸਿੰਘ ਛਾਜਲੀ, ਜੱਗੀ ਸਿੰਘ ਗੰਡੂਆਂ, ਭਗਵੰਤ ਸਿੰਘ ਮਦੇਵਾਸ, ਮੱਖਣ ਸਿੰਘ ਪਾਪੜਾ, ਰਾਜ ਸਿੰਘ ਥੇੜੀ ਆਦਿ ਹਾਜ਼ਰ ਸਨ।

Advertisement

ਮੁੱਖ ਮੰਤਰੀ ਦੇ ਸਮਾਗਮ ’ਚ ਮਜ਼ਦੂਰ ਆਗੂ ਗ੍ਰਿਫ਼ਤਾਰ
ਲਹਿਰਾਗਾਗਾ (ਪੱਤਰ ਪ੍ਰੇਰਕ): ਪਿੰਡ ਛਾਜਲੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਸਕੂਲ ਆਫ ਐਮੀਨੈਂਸ ਦੇ ਉਦਘਾਟਨ ਸਮਾਗਮ ਵਿੱਚ ਪਹੁੰਚਣ ਤੋਂ ਪਹਿਲਾਂ ਪੁਲੀਸ ਨੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ। ਮੁੱਖ ਮੰਤਰੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਬੱਚਿਆਂ ਦੇ ਮਾਪਿਆਂ ਨੂੰ ਖੁੱਲ੍ਹਾ ਸੱਦਾ ਪੱਤਰ ਭੇਜਿਆ ਗਿਆ ਸੀ ਅਤੇ ਬਾਕੀਆਂ ਨੂੰ ਪਾਸ ਜਾਰੀ ਕੀਤੇ ਗਏ ਸਨ। ਗੋਬਿੰਦ ਸਿੰਘ ਛਾਜਲੀ ਨੇ ਦੱਸਿਆ ਕਿ ਉਸ ਦਾ ਬੱਚਾ ਇਸ ਸਕੂਲ ਵਿੱਚ ਪੜ੍ਹਦਾ ਹੈ। ਸਕੂਲ ਵੱਲੋਂ ਸਮਾਗਮ ਵਿੱਚ ਸ਼ਾਮਲ ਹੋਣ ਲਈ ਉਸ ਦਾ ਪਾਸ ਬਣਾਇਆ ਗਿਆ ਸੀ। ਇਸ ਦੇ ਬਾਵਜੂਦ ਪੁਲੀਸ ਵੱਲੋਂ ਉਸ ਨੂੰ ਰੋਕਿਆ ਗਿਆ ਅਤੇ ਕੁੱਝ ਹੋਰ ਲੋਕਾਂ ਨੂੰ ਵੀ ਘਰ ਮੋੜ ਦਿੱਤਾ। ਇਸ ਦੇ ਵਿਰੋਧ ’ਚ ਨਾਅਰੇਬਾਜ਼ੀ ਕਰਨ ’ਤੇ ਛਾਜਲੀ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਗੋਬਿੰਦ ਛਾਜਲੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਦੇ ਨਾਂਅ ਹੇਠ ਪਹਿਲਾਂ ਹੀ ਬਣੇ ਸਕੂਲਾਂ ਵਿੱਚ ਨੀਂਹ ਪੱਥਰ ਰੱਖ ਕੇ ਲੋਕਾਂ ਦੇ ਅੱਖੀਂ ਘੱਟਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Advertisement
Advertisement

Advertisement
Author Image

Gopal Chand

View all posts

Advertisement