ਛੇ ਮਹੀਨਿਆਂ ਤੋਂ ਤਨਖ਼ਾਹ ਤੋਂ ਵਾਂਝਾ ‘ਆਤਮਾ’ ਦਾ ਸਟਾਫ਼
ਗੁਰਦੀਪ ਸਿੰਘ ਲਾਲੀ
ਸੰਗਰੂਰ, 31 ਜਨਵਰੀ
ਖੇਤੀਬਾੜੀ ਵਿਭਾਗ ਅਧੀਨ ਚੱਲ ਰਹੀ ਸੰਸਥਾ ‘ਆਤਮਾ’ ਦੇ ਸਟਾਫ਼ ਨੂੰ ਪਿਛਲੇ ਛੇ ਮਹੀਨਿਆਂ ਤੋਂ ਤਨਖਾਹ ਨਸੀਬ ਨਹੀਂ ਹੋਈ। ਆਤਮਾ ਸਟਾਫ਼ ਵੱਲੋਂ ਸੰਯੁਕਤ ਆਤਮਾ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਪਹਿਲਾਂ ਬਲਾਕ ਪੱਧਰ ’ਤੇ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਗਈ, ਫਿਰ ਜ਼ਿਲ੍ਹਾ ਪੱਧਰ ’ਤੇ ਰੋਸ ਧਰਨੇ ਦਿੱਤੇ ਗਏ, ਇਸ ਉਪਰੰਤ ਡਾਇਰੈਕਟਰ ਦਫ਼ਤਰ ਅੱਗੇ ਵੀ ਧਰਨਾ ਦਿੱਤਾ ਗਿਆ ਅਤੇ ਅਖੀਰ ਮੁੱਖ ਮੰਤਰੀ ਦੀ ਕੋਠੀ ਅੱਗੇ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ ਪਰ ਤਨਖਾਹ ਦੇਣ ਦੇ ਭਰੋਸਿਆਂ ਨਾਲ ਹੀ ਡੰਗ ਟਪਾਇਆ ਜਾਂਦਾ ਰਿਹਾ ਜਦਕਿ ਤਨਖਾਹ ਜਾਰੀ ਨਹੀਂ ਕੀਤੀ ਗਈ ਜਿਸ ਕਾਰਨ ਰੋਸ ਵਜੋਂ ਹੁਣ ਆਤਮਾ ਸਟਾਫ਼ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਕਾਲੇ ਝੰਡਿਆਂ ਨਾਲ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।
ਸੰਯੁਕਤ ਆਤਮਾ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਔਲਖ ਅਤੇ ਮੀਡੀਆ ਸਲਾਹਕਾਰ ਗਗਨਦੀਪ ਸਿੰਘ ਚੀਮਾਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ 60-40 ਦੇ ਅਨੁਪਾਤ ਨਾਲ ਚੱਲ ਰਹੀ ਸਿਰਮੌਰ ਸੰਸਥਾ ਆਤਮਾ ਵਿੱਚ ਵੱਖ-ਵੱਖ ਅਹੁਦਿਆਂ ’ਤੇ ਪੜ੍ਹੇ ਲਿਖੇ ਉਚ ਵਿੱਦਿਆ ਪ੍ਰਾਪਤ 450 ਅਧਿਕਾਰੀ ਅਤੇ ਕਰਮਚਾਰੀ ਕੰਮ ਕਰ ਰਹੇ ਹਨ ਪਰ ਦੁੱਖ ਦੀ ਗੱਲ ਹੈ ਕਿ ਆਤਮਾ ਦੇ ਸਟਾਫ਼ ਨੂੰ ਪਿਛਲੇ 6 ਮਹੀਨਿਆਂ ਤੋਂ ਤਨਖਾਹ ਨਹੀਂ ਦਿੱਤੀ ਗਈ ਜਿਸ ਕਾਰਨ ਸਟਾਫ਼ ਨੂੰ ਭਾਰੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਤਨਖਾਹ ਜਾਰੀ ਕਰਾਉਣ ਲਈ ਆਤਮਾ ਸਟਾਫ਼ ਵੱਲੋਂ ਕਲਮ ਛੋੜ ਹੜਤਾਲ, ਜ਼ਿਲ੍ਹਾ ਪੱਧਰੀ ਧਰਨੇ, ਡਾਇਰੈਕਟਰ ਦਫ਼ਤਰ ਅੱਗੇ ਪ੍ਰਦਰਸ਼ਨ ਅਤੇ ਮੁੱਖ ਮੰਤਰੀ ਦੀ ਕੋਠੀ ਅੱਗੇ ਵੀ ਰੋਸ ਪ੍ਰਦਰਸ਼ਨ ਕੀਤੇ ਗਏ। ਉਨ੍ਹਾਂ ਕਿਹਾ ਕਿ ਤਨਖਾਹ ਨਾ ਮਿਲਣ ਕਾਰਨ ਆਤਮਾ ਸਟਾਫ਼ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਉਨ੍ਹਾਂ ਐਲਾਨ ਕੀਤਾ ਕਿ ਜਲਦ ਹੀ ਪ੍ਰੋਗਰਾਮ ਉਲੀਕਦਿਆਂ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਸਥਿਤ ਕੋਠੀ ਅੱਗੇ ਕਾਲੇ ਝੰਡਿਆਂ ਨਾਲ ਰੋਸ ਪ੍ਰਦਰਸ਼ਨ ਕਰਨ ਕੀਤਾ ਜਾਵੇਗਾ।