ਜਗਰੂਪ ਸਿੰਘ ਸੇਖੋਂ ਨੂੰ ਗ਼ਦਰੀ ਭਾਈ ਸੰਤੋਖ ਸਿੰਘ ਧਰਦਿਓ ਪੁਰਸਕਾਰ
ਹਤਿੰਦਰ ਮਹਿਤਾ
ਜਲੰਧਰ, 1 ਫਰਵਰੀ
ਸਾਹਿਤ ਕਲਾ ਕੇਂਦਰ ਜਲੰਧਰ ਅਤੇ ਇਪਸਾ ਆਸਟਰੇਲੀਆ ਵੱਲੋਂ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਨੌਵਾਂ ਗ਼ਦਰੀ ਭਾਈ ਸੰਤੋਖ ਸਿੰਘ ਧਰਦਿਓ ਪੁਰਸਕਾਰ 2025 ਸਿਆਸੀ ਚਿੰਤਕ ਡਾ. ਜਗਰੂਪ ਸਿੰਘ ਸੇਖੋਂ ਨੂੰ ਦਿੱਤਾ ਗਿਆ। ਸਮਾਗਮ ਕਾਲਜ ਦੇ ਆਡੀਟੋਰੀਅਮ ਵਿੱਚ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾ. ਅਮਰਜੀਤ ਸਿੰਘ ਸਿੱਧੂ ਸ਼ਾਮਲ ਹੋਏ। ਪ੍ਰਧਾਨਗੀ ਮੰਡਲ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਪ੍ਰੋ. ਜਗੀਰ ਸਿੰਘ ਕਾਹਲੋਂ, ਭੁਪਿੰਦਰ ਸਿੰਘ ਮੱਲ਼ੀ ਅਤੇ ਕਾਮਰੇਡ ਗੁਰਮੀਤ ਸਿੰਘ ਨੇ ਸ਼ਿਰਕਤ ਕੀਤੀ।
ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸਾਹਿਤ ਕਲਾ ਕੇਂਦਰ ਅਤੇ ਇਪਸਾ ਆਸਟਰੇਲੀਆ ਦੀ ਇਹ ਪ੍ਰੰਪਰਾ ਰਹੀ ਹੈ ਕਿ ਇਸ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਪ੍ਰਾਪਤੀ ਹਾਸਿਲ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਂਦਾ ਰਿਹਾ ਹੈ ਅਤੇ ਇਹ ਸਮਾਗਮ ਦੀ ਇਸੇ ਪ੍ਰੰਪਰਾ ਦਾ ਹਿੱਸਾ ਹੈ। ਇਸ ਉਪਰੰਤ ਕੇਂਦਰ ਦੇ ਪ੍ਰਧਾਨ ਡਾ. ਗੋਪਾਲ ਸਿੰਘ ਬੁੱਟਰ ਨੇ ਇਸ ਸਮਾਗਮ ਦੀ ਅਹਿਮੀਅਤ ਬਾਰੇ ਦੱਸਦਿਆਂ ਇਸ ਸਨਮਾਨ ਨਾਲ ਸਬੰਧਤ ਸ਼ਖ਼ਸੀਅਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਅਮਰਜੀਤ ਸਿੰਘ ਸਿੱਧੂ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਮੁਖੀ ਅਤੇ ਪ੍ਰੋਫੈਸਰ ਰਹਿ ਚੁੱਕੇ ਹਨ, ਨੇ ਕਿਹਾ ਕਿ ਇਸ ਸਮਾਗਮ ਦਾ ਹਿੱਸਾ ਬਣਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਕਾਲਜ ਵਲੋਂ ਕਾਮਰੇਡ ਗੁਰਮੀਤ ਸਿੰਘ, ਪ੍ਰੋ. ਜਗੀਰ ਸਿੰਘ ਕਾਹਲੋਂ, ਭੁਪਿੰਦਰ ਸਿੰਘ, ਜਤਿੰਦਰ ਸਿੰਘ ਪੰਮੀ ਅਤੇ ਮਾਸਟਰ ਜਸਵੀਰ ਸਿੰਘ ਦਾ ਵੀ ਸਨਮਾਨ ਕੀਤਾ ਗਿਆ। ਕੇਂਦਰ ਦੇ ਸਰਪ੍ਰਸਤ ਇੰਜ: ਸੀਤਲ ਸਿੰਘ ਸੰਘਾ ਨੇ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਡਾ. ਹਰਜਿੰਦਰ ਸਿੰਘ ਸੇਖੋਂ ਨੇ ਨਿਭਾਈ।