ਪਰਮਜੀਤ ਸਿੰਘ ਕੁਠਾਲਾਮਾਲੇਰਕੋਟਲਾ, 3 ਜੁਲਾਈਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮਾਲੇਰਕੋਟਲਾ ਵੱਲੋਂ ਰਾਸ਼ਟਰੀ ਜਲਵਾਯੂ ਤਬਦੀਲੀ ਅਤੇ ਮਨੁੱਖੀ ਸਿਹਤ ਪ੍ਰੋਗਰਾਮ ਅਧੀਨ ਸਿਵਲ ਸਰਜਨ ਦਫ਼ਤਰ ਵਿੱਚ ਸੈਮੀਨਾਰ ਕਰਵਾਇਆ ਗਿਆ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਵਰਗੀ ਗੰਭੀਰ ਸਮੱਸਿਆ ਨੂੰ ਪੌਦਿਆਂ ਦੀ ਸੰਭਾਲ, ਪਲਾਸਟਿਕ ਮੁਕਤ ਆਲਾ ਦੁਆਲਾ ਅਤੇ ਸਾਫ਼ ਸਾਦੀ ਜੀਵਨ ਜਾਚ ਅਪਣਾ ਕੇ ਹੀ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਸੱਦਾ ਦਿੰਦਿਆਂ ਪੰਛੀ ਪਿਆਰੇ ਮੁਹਿੰਮ ਤਹਿਤ ਸਿਹਤ ਕਰਮਚਾਰੀਆਂ ਅਤੇ ਮਰੀਜ਼ਾਂ ਨੂੰ ਬੂਟੇ ਵੀ ਵੰਡੇ। ਇਸ ਮੌਕੇ ਐਪੀਡੀਮਾਲੋਜਿਸਟ ਡਾ. ਰਮਨਦੀਪ ਕੌਰ, ਸਹਾਇਕ ਸਿਵਲ ਸਰਜਨ ਡਾ. ਸਜ਼ੀਲਾ ਖਾਨ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਿਸ਼ਮਾ ਭੌਰਾ ਨੇ ਕਿਹਾ ਕਿ ਜੇਕਰ ਹਰੇਕ ਨਾਗਰਿਕ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਅੱਗੇ ਆਵੇ ਤਾਂ ਜਲਵਾਯੂ ਪਰਿਵਰਤਨ ਨੂੰ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਣੀ ਪਵੇਗੀ।