ਜਲੰਧਰ ’ਚ 50 ਇਮੀਗ੍ਰੇਸ਼ਨ ਫਰਮਾਂ ਦੇ ਲਾਇਸੈਂਸ ਰੱਦ
ਪੱਤਰ ਪ੍ਰੇਰਕ
ਜਲੰਧਰ, 31 ਮਾਰਚ
ਅਣ-ਅਧਿਕਾਰਤ ਇਮੀਗ੍ਰੇਸ਼ਨ ਫਰਮਾਂ ’ਤੇ ਕਾਰਵਾਈ ਕਰਦਿਆਂ ਜਲੰਧਰ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਅਜਿਹੇ 50 ਇਮੀਗ੍ਰੇਸ਼ਨ ਫਰਮਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਫਰਮਾਂ ਵੱਲੋਂ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਆਪਣੇ ਲਾਇਸੈਂਸ ਨਹੀਂ ਨਵਿਆਏ (ਰੀਨਿਊ) ਗਏ। ਫਰਮਾਂ ਵੱਲੋਂ ਨੋਟਿਸਾਂ ਦਾ ਜਵਾਬ ਨਾ ਦੇਣ ’ਤੇ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਇਨ੍ਹਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ।
ਡਾ. ਅਗਰਵਾਲ ਨੇ ਲੋਕਾਂ ਨੂੰ ਕਾਨੂੰਨੀ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਇਮੀਗ੍ਰੇਸ਼ਨ ਫਰਮਾਂ ਤੋਂ ਬਚਾਉਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਲੋਕਾਂ ਨੂੰ ਸਿਰਫ਼ ਉਨ੍ਹਾਂ ਰਜਿਸਟਰਡ ਇਮੀਗ੍ਰੇਸ਼ਨ ਫਰਮਾਂ ਨਾਲ ਹੀ ਸੰਪਰਕ ਕਰਨ ਦੀ ਅਪੀਲ ਕੀਤੀ, ਜਿਨ੍ਹਾਂ ਵੱਲੋਂ ਪ੍ਰਸ਼ਾਸਨ ਤੋਂ ਉਚਿਤ ਲਾਇਸੈਂਸ ਪ੍ਰਾਪਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਜਲੰਧਰ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਕੰਮ ਕਰ ਰਹੀਆਂ ਸਮੂਹ ਇਮੀਗ੍ਰੇਸ਼ਨ ਫਰਮਾਂ ’ਤੇ ਲਗਾਤਾਰ ਨਜ਼ਰ ਰੱਖਦਾ ਹੈ ਅਤੇ ਲਾਇਸੈਂਸਾਂ ਤੋਂ ਬਗ਼ੈਰ ਕਾਰੋਬਾਰ ਚਲਾਉਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਂਦੀ ਹੈ। ਇਸ ਦਾ ਉਦੇਸ਼ ਇਮੀਗ੍ਰੇਸ਼ਨ ਖੇਤਰ ਵਿੱਚ ਧੋਖਾਧੜੀ ਨੂੰ ਲਗਾਮ ਲਗਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਵਸਨੀਕਾਂ ਨੂੰ ਸਹੀ ਅਤੇ ਪਾਰਦਰਸ਼ੀ ਸੇਵਾਵਾਂ ਮਿਲਣ। ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਨੇ ਫਰਮਾਂ ਵੱਲੋਂ ਬੇਨਿਯਮੀਆਂ ਕਾਰਨ ਕੁਝ ਹੋਰ ਲਾਇਸੈਂਸਾਂ ਨੂੰ ਸਮੀਖਿਆ ਅਧੀਨ ਰੱਖਿਆ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਇਹ ਲਾਇਸੈਂਸ ਵੀ ਰੱਦ ਕੀਤੇ ਜਾ ਸਕਦੇ ਹਨ।