ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ
ਪੱਤਰ ਪ੍ਰੇਰਕ
ਸਮਰਾਲਾ, 8 ਜੂਨ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਵਿਧਾਨ ਸਭਾ ਹਲਕੇ ਸਾਹਨੇਵਾਲ ਵਿੱਚ ਜਥੇਬੰਦੀ ਵੱਲੋਂ ਪਰਿਵਾਰਾਂ ਸਣੇ 15 ਜੂਨ ਨੂੰ ਸੂਬਾ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ। ਇਹ ਫ਼ੈਸਲਾ ਅੱਜ ਇਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ, ਬ੍ਰਾਂਚ ਸਮਰਾਲਾ ਦੀ ਮੀਟਿੰਗ ਵਿੱਚ ਲਿਆ ਗਿਆ। ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਮਾਣਕੀ, ਬ੍ਰਾਂਚ ਆਗੂ ਕਰਮ ਚੰਦ ਫਰੌਰ, ਜਨਰਲ ਸਕੱਤਰ ਗੁਰਪ੍ਰੀਤ ਸਮਰਾਲਾ ਨੇ ਦੱਸਿਆ ਕਿ ਪਾਸੇ ਪੇਂਡੂ ਜਲ ਸਪਲਾਈ ਸਕੀਮਾਂ ਤੇ ਫੀਲਡ ਅਤੇ ਦਫਤਰਾਂ ’ਚ ਪਿਛਲੇ 15-20 ਸਾਲਾਂ ਤੋਂ ਇਕ ਵਰਕਰ ਦੇ ਰੂਪ ਵਿੱਚ ਰੈਗੂਲਰ ਮੁਲਾਜ਼ਮਾਂ ਵਾਂਗ ਸੇਵਾਵਾਂ ਦੇ ਰਹੇ ਐਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਸਿੱਧਾ ਵਿਭਾਗ ’ਚ ਸ਼ਾਮਲ ਕਰਨ ਵਾਲੀ ਤਜਵੀਜ਼ ਲਾਗੂ ਕਰਕੇ ਪੱਕਾ ਰੁਜ਼ਗਾਰ ਕਰਨ ਵਾਲੀ ਪ੍ਰਮੁੱਖ ਮੰਗ ਦਾ ਹੱਲ ਕਰਨ ਵਿੱਚ ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੇਟ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਾ ਕੇ, ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਲਾਗੂ ਕਰਕੇ ਕੱਚੇ ਵਰਕਰਾਂ ਨੂੰ ਬੇਰੁਜ਼ਗਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਵਿਰੋਧ ਵਜੋਂ ਧਰਨਾ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜ਼ਮਾਂ ਨੂੰ ਤਜਰਬੇ ਦੇ ਆਧਾਰ ’ਤੇ ਸਬੰਧਤ ਵਿਭਾਗ ਵਿਚ ਮਰਜ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਵਾਲੀ ਤਜਵੀਜ਼ ਨੂੰ ਲਾਗੂ ਕਰਨਾ, 58 ਸਾਲ ਦੀ ਉਮਰ ਤੱਕ ਪੱਕੇ ਰੁਜ਼ਗਾਰ ਦੀ ਗਾਰੰਟੀ ਕਰਨਾ ਅਤੇ ਜਦੋਂ ਤੱਕ ਇਸ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਮੰਗ ਦਾ ਹੱਲ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਲੇਬਰ ਐਕਟ 1948 ਅਤੇ 2019 ਵਿਚ 15ਵੀਂ ਲੇਬਰ ਕਮਿਸ਼ਨਰ ਦੀਆਂ ਸਿਫਾਰਸ਼ਾਂ ਅਨੁਸਾਰ ਘੱਟੋਂ-ਘੱਟ ਉਜਰਤਾ ਵਿਭਾਗ ’ਚ ਫੀਲਡ ਅਤੇ ਦਫਤਰਾਂ ਵਿੱਚ ਕੰਮ ਕਰਦੇ ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਤੇ ਲਾਗੂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਉਪਰੋਕਤ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਦੇ ਹਲਕੇ ਵਿੱਚ ਸੂਬਾ ਪੱਧਰੀ ਧਰਨੇ ਵਿੱਚ ਵਰਕਰਾਂ ਪਰਿਵਾਰਾਂ, ਬੱਚਿਆਂ ਸਮੇਤ ਵੱਧ ਚੱੜ ਕੇ ਸ਼ਾਮਲ ਹੋਣਗੇ। ਇਸ ਮੌਕੇ ਨਾਹਰ ਸਿੰਘ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ, ਬਚਿੱਤਰ ਸਿੰਘ, ਨਰਿੰਦਰ ਪਾਲ ਤੇ ਹੋਰ ਵਰਕਰ ਹਾਜ਼ਰ ਸਨ।