ਜਲ ਸਪਲਾਈ ਕਾਮਿਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 7 ਮਾਰਚ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅੱਜ ਇੱਥੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਜਰਨਲ ਸਕੱਤਰ ਰਾਹੁਲ ਸ਼ਰਮਾ ਹਡਾਣਾ, ਬ੍ਰਾਂਚ ਪ੍ਰਧਾਨ ਨਰਿੰਦਰ ਸਿੰਘ ਸ਼ਾਦੀਪੁਰ, ਬਲਜਿੰਦਰ ਸਿੰਘ, ਅਮਰਿੰਦਰ ਸਿੰਘ ਆਦਿ ਨੇ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕੀਤੀ। ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਸਾਮਰਾਜੀ ਦਿਸ਼ਾ ਨਿਰਦੇਸ਼ਾਂ ਤਹਿਤ ਕਾਰਪੋਰੇਟ ਘਰਾਣਿਆਂ ਦੀ ਲੁੱਟ ਅਤੇ ਮੁਨਾਫ਼ੇ ਦੀ ਲੋੜ ਨੂੰ ਮੁੱਖ ਰੱਖਕੇ ਸੰਸਾਰੀਕਰਨ, ਉਦਾਰੀਕਰਨ ਅਤੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਪਹਿਲਾਂ ਤਹਿ ਖੇਤੀ, ਸਨਅਤੀ ਅਤੇ ਆਰਥਿਕ ਨੀਤੀਆਂ ਵਿੱਚ ਤਬਦੀਲੀ ਕਰਕੇ ਕਾਰਪੋਰੇਟ ਘਰਾਣਿਆਂ ਦੇ ਲੁੱਟ ਅਤੇ ਮੁਨਾਫ਼ੇ ਕਮਾਉਣ ਦੇ ਰਾਹ ਦੀਆਂ ਸਾਰੀਆਂ ਰੁਕਾਵਟਾਂ ਨੂੰ ਦੂਰ ਕਰਕੇ ਦੇਸ਼ ਦੇ ਪੈਦਾਵਾਰੀ ਵਸੀਲਿਆਂ ਅਤੇ ਮਿਹਨਤ ਸ਼ਕਤੀ ਨੂੰ ਉਨ੍ਹਾਂ ਅੱਗੇ ਪਰੋਸ ਦਿੱਤਾ ਗਿਆ ਹੈ ਅਤੇ ਸਰਕਾਰੀ ਵਿਭਾਗਾਂ ਤੇ ਮੰਡੀਆਂ ਦਾ ਨਿੱਜੀਕਰਨ ਕੀਤਾ ਗਿਆ ਹੈ। ਆਗੂਆਂ ਨੇ ਮੰਗ ਕੀਤੀ ਸਰਕਾਰਾਂ ਸਾਮਰਾਜੀ ਸੇਵਾ ਦਾ ਰਾਹ ਛੱਡ ਕੇ ਦੇਸ਼ ਦੇ ਕਿਸਾਨਾਂ-ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦ ਪ੍ਰਵਾਨ ਕਰੇ। ਸਾਮਰਾਜੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀ ਅਤੇ ਸਨਅਤੀ ਨੀਤੀ ਵਿੱਚ ਕੀਤੀ ਬੇਲੋੜੀ ਤਬਦੀਲੀ ਨੂੰ ਰੱਦ ਕਰਕੇ ਕਿਸਾਨ-ਮਜ਼ਦੂਰ ਅਤੇ ਮੁਲਾਜ਼ਮ ਹਿੱਤਾਂ ਨੂੰ ਰਾਸ ਬੈਠਦੀ ਨਵੀਂ ਖੇਤੀ ਅਤੇ ਸਨਅਤੀ ਨੀਤੀ ਤੈਅ ਕਰਨ ਦੇ ਨਾਲ-ਨਾਲ ਸੰਯੁਕਤ ਕਿਸਾਨ ਮੋਰਚੇ ਦੇ ਦੀਆਂ ਮੰਗਾਂ ਜਲਦੀ ਪ੍ਰਵਾਨ ਕਰਨ। ਉਨ੍ਹਾਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।