ਜ਼ਮੀਨ ’ਤੇ ਕਬਜ਼ੇ ਦੀ ਕੋਸ਼ਿਸ਼, ਗੋਲੀ ਚੱਲੀ
ਲਖਵੀਰ ਸਿੰਘ ਚੀਮਾ
ਮਹਿਲ ਕਲਾਂ, 10 ਜੂਨ
ਥਾਣਾ ਟੱਲੇਵਾਲ ਦੇ ਅਧੀਨ ਪਿੰਡ ਗਾਗੇਵਾਲ ਵਿੱਚ ਕੁੱਝ ਲੋਕਾਂ ਵੱਲੋਂ ਕਿਸਾਨ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦਰਮਿਆਨ ਹੋਈ ਲੜਾਈ ਵਿੱਚ ਫ਼ਾਇਰਿੰਗ ਵੀ ਹੋਈ। ਇਸ ਕਾਰਨ ਜ਼ਮੀਨ ਮਾਲਕ ਜ਼ਖ਼ਮੀ ਹੋ ਗਿਆ। ਪੁਲੀਸ ਨੇ ਇਸ ਸਬੰਧੀ ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਜਗਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਗਾਗੇਵਾਲ ਵਾਸੀ ਜਸਵੀਰ ਸਿੰਘ ਪੁੱਤਰ ਗੁਰਦੇਵ ਸਿੰਘ ਨੇ ਦੱਸਿਆ ਕਿ ਜਗਸੀਰ ਸਿੰਘ ਅਤੇ ਉਸ ਦੇ ਸਾਥੀ ਗੱਡੀਆਂ ਅਤੇ ਟਰੈਕਟਰ ’ਤੇ ਸਵਾਰ ਹੋ ਕੇ ਉਸ ਦੇ ਖੇਤ ਪਹੁੰਚੇ ਅਤੇ ਮੱਕੀ ਦੀ ਫ਼ਸਲ ਵਿੱਚ ਟਰੈਕਟਰ ਅਤੇ ਹਲ ਚਲਾ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਹ ਆਪਣੇ ਨੌਕਰ ਗੁਰਪ੍ਰੀਤ ਸਿੰਘ ਤੇ ਰਣਜੀਤ ਸਿੰਘ ਸਣੇ 12 ਬੋਰ ਦੀ ਲਾਇਸੈਂਸੀ ਬੰਦੂਕ ਲੈ ਕੇ ਖੇਤ ਪਹੁੰਚੇ ਅਤੇ ਸਬੰਧਤ ਵਿਅਕਤੀਆਂ ਨੂੰ ਕਬਜ਼ਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਅੱਗੋਂ ਹਰਗੁਣਪ੍ਰੀਤ ਸਿੰਘ ਨੇ ਹੱਥ ਵਿੱਚ ਫ਼ੜੇ ਪਿਸਤੌਲ ਨਾਲ ਉਸ ’ਤੇ ਫ਼ਾਇਰ ਕਰ ਦਿੱਤਾ, ਪਰ ਉਸ ਦਾ ਬਚਾਅ ਹੋ ਗਿਆ। ਮਗਰੋਂ ਉਹ ਜ਼ਮੀਨ ’ਤੇ ਡਿੱਗ ਪਿਆ ਅਤੇ ਕੁੱਝ ਅਣਪਛਾਤੇ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੀਆਂ ਦੋਵੇਂ ਲੱਤਾਂ, ਸਿਰ ਅਤੇ ਨੱਕ ’ਤੇ ਵਾਰ ਕਰਕੇ ਜ਼ਖ਼ਮੀ ਕਰ ਦਿੱਤਾ। ਉਸ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਐੱਸਐੱਚਓ ਨੇ ਦੱਸਿਆ ਕਿ ਜਸਵੀਰ ਸਿੰਘ ਦੇ ਬਿਆਨ ’ਤੇ ਹਰਗੁਣਪ੍ਰੀਤ ਸਿੰਘ, ਸੇਵਾਮੁਕਤ ਅਧਿਆਪਕ ਗੁਲਵੰਤ ਸਿੰਘ, ਜੀਵਨ ਸਿੰਘ, ਜਗਸੀਰ ਸਿੰਘ ਸੀਰਾ ਵਾਸੀ ਗਾਗੇਵਾਲ ਸਣੇ 12 ਹੋਰ ਅਣਪਾਛਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।