ਜ਼ਿਮਨੀ ਚੋਣ: ਸਰਕਾਰ ਖ਼ਿਲਾਫ਼ ਝੰਡਾ ਮਾਰਚ ਦੀ ਤਿਆਰੀ ਮੁਕੰਮਲ
ਕੁਲਦੀਪ ਸਿੰਘ
ਚੰਡੀਗੜ੍ਹ, 10 ਜੂਨ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀਪੀਐੱਫ ਕਰਮਚਾਰੀ ਯੂਨੀਅਨ ਨੇ ਸਾਂਝੇ ਤੌਰ ’ਤੇ ‘ਆਪ’ ਸਰਕਾਰ ਵੱਲੋਂ ਕੀਤੇ ਵਾਅਦੇ ਅਤੇ ਦਾਅਵਿਆਂ ਦੀ ਫੂਕ ਕੱਢਣ ਲਈ ਲੁਧਿਆਣਾ ’ਚ ਜ਼ਿਮਨੀ ਚੋਣ ਦੌਰਾਨ ਉਲੀਕੇ ਝੰਡਾ ਮਾਰਚ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਸਵੀਰ ਸਿੰਘ ਤਲਵਾੜਾ ਅਤੇ ਸੁਖਜੀਤ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਐੱਨਪੀਐੱਸ ਮੁਲਾਜ਼ਮਾਂ ਨਾਲ ਚੋਣ ਵਾਅਦਾ ਕੀਤਾ ਸੀ ਕਿ ‘ਆਪ’ ਸਰਕਾਰ ਬਣਦਿਆਂ ਹੀ ਛੇ ਮਹੀਨਿਆਂ ਦੇ ਅੰਦਰ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ। ਹੈਰਾਨੀ ਦੀ ਗੱਲ ਹੈ ਕਿ ਅੱਜ ਸਾਢੇ ਤਿੰਨ ਸਾਲ ਬੀਤਣ ਮਗਰੋਂ ਵੀ ਮੁਲਾਜ਼ਮਾਂ ਨੂੰ ਅਧੂਰੇ ਨੋਟੀਫਿਕੇਸ਼ਨ ਤੋਂ ਸਿਵਾਏ ਕੁਝ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇੱਕ ਅੰਦਾਜੇ ਮੁਤਾਬਕ ਆਪਣੀ ਇਸ਼ਤਿਹਾਰਬਾਜ਼ੀ ਲਈ ਲਗਪਗ 341 ਕਰੋੜ ਰੁਪਏ ਫੂਕ ਦਿੱਤੇ ਪਰ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਬਹਾਲੀ ਲਈ ਕੁਝ ਨਹੀਂ ਕੀਤਾ। ਇਸੇ ਕਾਰਨ ਸਰਕਾਰ ਪ੍ਰਤੀ ਮੁਲਾਜ਼ਮਾਂ ਵਿੱਚ ਰੋਹ ਹੈ। ਇਸ ਰੋਸ ਅਤੇ ਗੁੱਸੇ ਨੂੰ ਲੋਕਾਂ ਦੀ ਕਚਹਿਰੀ ਵਿੱਚ ਪ੍ਰਗਟ ਕਰਨ ਲਈ ਵੱਡੇ ਪੱਧਰ ’ਤੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਝੰਡਾ ਮਾਰਚ ਲਈ ਵੱਡੇ ਪੱਧਰ ’ਤੇ ਲਾਮਬੰਦੀ ਕੀਤੀ ਗਈ ਹੈ ਅਤੇ ਬਲਾਕ ਪੱਧਰ ’ਤੇ ਡਿਊਟੀਆਂ ਲਗਾਈਆਂ ਗਈਆਂ ਹਨ। ਝੰਡਾ ਮਾਰਚ ਦੌਰਾਨ ਕਰਮਚਾਰੀ ਆਮ ਵੋਟਰਾਂ ਵਿੱਚ ‘ਆਪ’ ਦੀ ਵਾਅਦਾਖ਼ਿਲਾਫ਼ੀ ਅਤੇ ਮੁਲਾਜ਼ਮਾਂ ਨਾਲ ਕੀਤੇ ਧੋਖੇ ਦੇ ਪੋਸਟਰ ਵੀ ਵੰਡਣਗੇ ਤਾਂ ਕਿ ਵੋਟਰ ਆਪਣੀ ਵੋਟ ਦੀ ਸੁਚੱਜੀ ਵਰਤੋਂ ਕਰਨ ਅਤੇ ਝੂਠੇ ਦਾਅਵੇ ਕਰਨ ਵਾਲੀ ਸਰਕਾਰ ਨੂੰ ਸਬਕ ਸਿਖਾਉਣਗੇ। ਇਸ ਮੌਕੇ ਅਜੀਤਪਾਲ ਸਿੰਘ ਜਸੋਵਾਲ, ਰਣਬੀਰ ਸਿੰਘ ਉੱਪਲ, ਲਖਵਿੰਦਰ ਸਿੰਘ ਭੌਰ, ਕਰਮਜੀਤ ਸਿੰਘ ਤਾਮਕੋਟ, ਜਸਵਿੰਦਰ ਸਿੰਘ ਜੱਸਾ, ਜਗਸੀਰ ਸਿੰਘ ਸਹੋਤਾ, ਵਰਿੰਦਰ ਵਿੱਕੀ ਅਤੇ ਬਿਕਰਮਜੀਤ ਸਿੰਘ ਕੱਦੋਂ ਆਦਿ ਵੀ ਹਾਜ਼ਰ ਸਨ।
ਝੰਡਾ ਮਾਰਚ ਦੀ ਤਿਆਰੀ ਸਬੰਧੀ ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗ
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਜੀਵ ਧੂਤ ਅਤੇ ਜਰਨਲ ਸਕੱਤਰ ਤਿਲਕ ਰਾਜ ਦੀ ਅਗਵਾਈ ਹੇਠ ਹੋਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਅੱਜ ਤੱਕ ਇਸ ’ਤੇ ਅਮਲ ਨਹੀਂ ਹੋਇਆ। ਇਸ ਕਾਰਨ 12 ਜੂਨ ਨੂੰ ਝੰਡਾ ਮਾਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਿਮਾਚਲ ਅਤੇ ਗੁਜਰਾਤ ਦੀਆਂ ਚੋਣਾਂ ਵਿੱਚ ਵੋਟਾਂ ਲੈਣ ਲਈ ਸਰਕਾਰ ਨੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਨੋਟੀਫਿਕੇਸ਼ਨ ਤਾਂ ਜਾਰੀ ਕਰ ਦਿੱਤਾ ਪਰ ਉਸ ਨੂੰ ਲਾਗੂ ਨਹੀਂ ਕੀਤਾ। ਜਥੇਬੰਦੀ ਨੂੰ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਸਰਕਾਰ ਮੀਟਿੰਗ ਕਰਨ ਤੋਂ ਭੱਜ ਰਹੀ ਹੈ। ਆਗੂਆਂ ਨੇ ਕਿਹਾ ਕਿ ਹੁਣ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀਪੀਐਫ ਐਂਪਲਾਈਜ਼ ਦੋਵੇਂ ਜਥੇਬੰਦੀਆਂ ਸਾਂਝੇ ਰੂਪ ਵਿੱਚ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣਾਂ ਦੌਰਾਨ ਸਰਕਾਰ ਨੂੰ ਘੇਰਨ ਲਈ 12 ਜੂਨ ਨੂੰ ਝੰਡਾ ਮਾਰਚ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਹੋਰਨਾਂ ਜਥੇਬੰਦੀਆਂ ਨੂੰ ਵੀ ਇਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।