ਨਿੱਜੀ ਪੱਤਰ ਪ੍ਰੇਰਕਸੰਗਰੂਰ, 7 ਜੂਨਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ, ਜਰਨਲ ਸਕੱਤਰ ਗੁਰਵਿੰਦਰ ਬੌੜਾ ਅਤੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਬੇਗਮਪੁਰਾ ਵਸਾਉਣ ਦੀ ਮੰਗ ਕਰ ਰਹੇ ਸੈਂਕੜੇ ਦਲਿਤਾਂ ਅਤੇ ਔਰਤਾਂ ਨੂੰ ਪਿਛਲੀ 20 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਉਨ੍ਹਾਂ ਨੂੰ ਹਾਲੇ ਤੱਕ ਬਿਨਾਂ ਕਿਸੇ ਕਸੂਰੋਂ ਜੇਲ੍ਹਾਂ ਵਿਚ ਡੱਕਿਆ ਹੋਇਆ ਹੈ, ਜਿਸ ਨੂੰ ਲੈ ਕੇ ਦਲਿਤ ਭਾਈਚਾਰੇ ਵਿਚ ਰੋਸ ਪੈਦਾ ਹੋ ਰਿਹਾ ਹੈ।ਆਗੂਆਂ ਨੇ ਪ੍ਰੈੱਸ ਦੇ ਨਾਂ ਜਾਰੀ ਬਿਆਨ ਵਿੱਚ ਕਿਹਾ ਕਿ ਪੁਲੀਸ ਵੱਲੋਂ ਫੜ੍ਹੇ ਗਏ ਕਾਰਕੁਨਾਂ ਵਿਚ ਪਿੰਡ ਸ਼ਾਦੀਹਰੀ ਦੀਆਂ 3 ਔਰਤਾਂ ਸਮੇਤ 10 ਮਰਦਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਗਿਆ। ਜਥੇਬੰਦੀ ਵੱਲੋਂ ਉਨ੍ਹਾਂ ਦੀ ਰਿਹਾਈ ਲਈ ਲਈ 2 ਜੂਨ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਸੀ ਪਰ ਸੰਗਰੂਰ ਪ੍ਰਸ਼ਾਸਨ ਵੱਲੋਂ 1 ਜੂਨ ਨੂੰ ਜੋਨਲ ਕਮੇਟੀ ਨਾਲ ਕੀਤੀ ਗਈ ਮੀਟਿੰਗ ਵਿਚ ਜੇਲ੍ਹੀ ਡੱਕੇ ਦਲਿਤਾਂ ਨੂੰ ਬਿਨਾਂ ਸ਼ਰਤ 3 ਦਿਨ ’ਚ ਰਿਹਾਅ ਕਰਨ ਦਾ ਵਾਅਦਾ ਕੀਤਾ ਸੀ।ਉਨ੍ਹਾਂ ਕਿਹਾ ਕਿ ਅੱਜ 7 ਜੂਨ ਹੋ ਗਈ ਹੈ ਪਰ ਉਨ੍ਹਾਂ ਦੀ ਰਿਹਾਈ ਨਹੀਂ ਹੋਈ। ਇਸ ਦੇ ਉਲਟ ਜੇਲ੍ਹ ’ਚ ਬੰਦ ਇਕ ਔਰਤ ਦੀ ਹਾਲਤ ਨਾਜ਼ੁਕ ਹੋਣ ਦੇ ਬਾਵਜੂਦ ਪ੍ਰਸਾਸ਼ਨ ਕੋਈ ਗੰਭੀਰਤਾ ਨਹੀਂ ਦਿਖਾ ਰਿਹਾ। ਜਥੇਬੰਦੀ ਦੇ ਆਗੂਆਂ ਦੇ ਘਰਾਂ ਦੀ ਰੇਕੀ ਕਾਰਵਾਈ ਜਾ ਰਹੀ ਹੈ ਤਾਂ ਜੋ ਬੇਗ਼ਮਪੁਰੇ ਦੇ ਸੰਕਲਪ ਨੂੰ ਢਾਹ ਲਾਈ ਜਾ ਸਕੇ। ਆਗੂਆਂ ਨੇ ਕਿਹਾ ਕਿ ਜੇਕਰ ਕੋਈ ਵੀ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਤਾਂ ਇਸ ਦਾ ਜ਼ਿੰਮੇਵਾਰ ਪ੍ਰਸ਼ਾਸਨ ਹੋਵੇਗਾ। ਜੋਨਲ ਕਮੇਟੀ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਦੋ ਦਿਨਾਂ ਦੇ ਅੰਦਰ-ਅੰਦਰ ਰਿਹਾਈ ਨਾ ਹੋਈ ਤਾਂ ਜ਼ੋਨਲ ਕਮੇਟੀ ਵੱਲੋਂ ਐਮਰਜੇਂਸੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਤੇ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ।