ਟਿਊਬਵੈੱਲਾਂ ਦੀਆਂ ਤਾਰਾਂ ਚੋਰੀ ਕਰਨ ਵਾਲਾ ਗ੍ਰਿਫ਼ਤਾਰ
ਨਿੱਜੀ ਪੱਤਰ ਪ੍ਰੇਰਕ
ਸਿਰਸਾ, 8 ਜੂਨ
ਡਿੰਗ ਥਾਣਾ ਪੁਲੀਸ ਨੇ ਨਸ਼ੇ ਦੀ ਪੂਰਤੀ ਲਈ ਕਿਸਾਨਾਂ ਦੇ ਟਿਊਬਵੈੱਲਾਂ ਤੋਂ ਕੇਬਲ ਤਾਰਾਂ ਚੋਰੀ ਕਰਨ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬੀਤੀ ਚਾਰ ਜੂਨ ਨੂੰ ਮੁਲਜ਼ਮ ਨੇ ਇਕ ਦਰਜਨ ਟਿਊਬਵੈੱਲਾਂ ਤੋਂ ਕੇਬਲ ਤਾਰਾਂ ਚੋਰੀ ਕੀਤੀਆਂ ਸਨ। ਮੁਲਜ਼ਮ ਦੀ ਪਛਾਣ ਸੌਦਾਗਰ ਸਿੰਘ ਵਾਸੀ ਨਰੇਲਖੇੜਾ ਵਜੋਂ ਹੋਈ ਹੈ। ਪੁਲੀਸ ਕੋਲ ਕੀਤੀ ਸ਼ਿਕਾਇਤ ਵਿੱਚ ਪਿੰਡ ਨਰੇਲਖੇੜਾ ਵਾਸੀ ਗੁਰਦੀਪ ਸਿੰਘ ਨੇ ਦੱਸਿਆ ਕਿ ਚਾਰ ਜੂਨ ਨੂੰ ਪਿੰਡ ਦੇ ਇਕ ਦਰਜਨ ਟਿਊਬਵੈੱਲਾਂ ਤੋਂ ਕੋਈ ਵਿਅਕਤੀ ਕੇਬਲ ਤਰਾਂ ਚੋਰੀ ਕਰ ਲੈ ਗਿਆ ਹੈ। ਪੁਲੀਸ ਨੇ ਸ਼ਿਕਾਇਤ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਤਾਂ ਉਕਤ ਸੌਦਾਗਰ ਨੂੰ ਕੇਬਲ ਚੋਰੀ ਕਰਨ ਦੇ ਦੋਸ਼ ’ਚ ਗਿ੍ਰਫ਼ਤਾਰ ਕਰ ਲਿਆ ਹੈ। ਡਿੰਗ ਥਾਣਾ ਪੁਲੀਸ ਦੇ ਅਧਿਕਾਰੀ ਨੇ ਦੱਸਿਆ ਹੈ ਕਿ ਸੌਦਾਗਰ ਸਿੰਘ ਨਸ਼ੇ ਦਾ ਆਦੀ ਹੈ ਅਤੇ ਨਸ਼ੇ ਦੀ ਪੂਰਤੀ ਲਈ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਹੈ ਕਿ ਬੀਤੇ ਦਿਨੀਂ ਕਿਸਾਨਾਂ ਦੇ ਟਿਊਬਵੈੱਲਾਂ ਤੋਂ ਕੇਬਲ ਤਾਰਾਂ ਚੋਰੀ ਨਸ਼ੇ ਦੀ ਪੂਰਤੀ ਲਈ ਮੁਲਜ਼ਮ ਵੱਲੋਂ ਕੀਤੀਆਂ ਗਈਆਂ ਹਨ। ਪੁਲੀਸ ਅਧਿਕਾਰੀ ਨੇ ਦੱਸਿਆ ਹੈ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤੇ ਰਿਮਾਂਡ ਦੌਰਾਨ ਉਸ ਦੇ ਹੋਰ ਸਾਥੀਆਂ ਦਾ ਪਤਾ ਲਾ ਕੇ ਉਨ੍ਹਾਂ ਨੂੰ ਕਾਬੂ ਕੀਤਾ ਜਾਵੇਗਾ।