ਟ੍ਰਾਈਸਿਟੀ ਵਿੱਚ ਗਰਮੀ ਦਾ ਕਹਿਰ: ਪਾਰਾ 44 ਡਿਗਰੀ ’ਤੇ ਪਹੁੰਚਿਆ
ਆਤਿਸ਼ ਗੁਪਤਾ
ਚੰਡੀਗੜ੍ਹ, 10 ਜੂਨ
ਚੰਡੀਗੜ੍ਹ ਟ੍ਰਾਈਸਿਟੀ ਵਿੱਚ ਗਰਮੀ ਲਗਾਤਾਰ ਜ਼ੋਰ ਫੜਦੀ ਜਾ ਰਹੀ ਹੈ, ਜਿਸ ਕਰਕੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਅੱਜ ਟ੍ਰਾਈਸਿਟੀ ਵਿੱਚ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ, ਜੋ ਕਿ ਆਮ ਨਾਲੋਂ 5 ਡਿਗਰੀ ਸੈਲਸੀਅਸ ਤੱਕ ਵੱਧ ਦਰਜ ਕੀਤਾ ਹੈ। ਗਰਮ ਵਧਣ ਕਰਕੇ ਚੰਡੀਗੜ੍ਹ ਦੀਆਂ ਸੜਕਾਂ ਤੇ ਮਾਰਕੀਟਾਂ ਵਿੱਚ ਸੰਨਾਟਾ ਪਸਰ ਗਿਆ ਹੈ, ਲੋਕ ਆਮ ਨਾਲੋਂ ਘੱਟ ਗਿਣਤੀ ਵਿੱਚ ਬਾਹਰ ਨਿਕਲ ਰਹੇ ਹਨ। ਅੱਜ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 43.9 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਕਿ ਆਮ ਨਾਲੋਂ 5.3 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਹੈ। ਅੱਜ ਦਾ ਤਾਪਮਾਨ ਸੀਜ਼ਨ ਦਾ ਸਭ ਤੋਂ ਵੱਧ ਰਿਹਾ ਹੈ। ਹਾਲਾਂਕਿ ਬੀਤੇ ਦਿਨ ਸ਼ਹਿਰ ਦਾ ਤਾਪਮਾਨ 43.8 ਡਿਗਰੀ ਸੈਲਸੀਅਸ ਦਰਜ ਕੀਤਾ ਸੀ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ਵੀ 28.7 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਸ ਤੋਂ ਇਲਾਵਾ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 42.1 ਡਿਗਰੀ ਸੈਲਸੀਅਸ ਅਤੇ ਪੰਚਕੂਲਾ ਵਿੱਚ 44 ਡਿਗਰੀ ਸੈਲਸੀਅਸ ਦਰਜ ਕੀਤਾ ਹੈ।
ਮੌਸਮ ਵਿਗਿਆਨੀਆਂ ਨੇ ਟ੍ਰਾਈਸਿਟੀ ਵਿੱਚ ਅਗਲੇ ਦਿਨ 11, 12 ਤੇ 13 ਜੂਨ ਨੂੰ ਅਤਿ ਦੀ ਗਰਮੀ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਜਦੋਂ ਕਿ 14 ਤੇ 15 ਜੂਨ ਨੂੰ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਇਸ ਦੌਰਾਨ ਬੱਦਲਵਾਈ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਗੀਆਂ ਅਤੇ ਕਈ ਥਾਵਾਂ ’ਤੇ ਰੁਕ-ਰੁਕ ਮੀਂਹ ਵੀ ਪੈ ਸਕਦਾ ਹੈ। ਗਰਮੀ ਵਧਣ ਦੇ ਨਾਲ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਦੁਪਹਿਰ ਸਮੇਂ ਘਰੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਘਰੋਂ ਬਾਹਰ ਨਿਕਲਣ ਸਮੇਂ ਸਿਰ ਢੱਕ ਕੇ ਨਿਕਲਣ ਦੀ ਅਪੀਲ ਕੀਤੀ।