ਡਾ. ਅੰਬੇਡਕਰ ਦੀ ਬੇਅਦਬੀ ਕਰਨ ਵਾਲੇ ਖ਼ਿਲਾਫ਼ ਕਾਰਵਾਈ ਹੋਵੇ: ਕੰਗ
ਮਿਹਰ ਸਿੰਘ
ਕੁਰਾਲੀ, 1 ਫਰਵਰੀ
ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਸੰਵਿਧਾਨ ਨਿਰਮਾਤਾ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਦੀ ਵਾਪਰੀ ਘਟਨਾ ਦੀ ਨਿਖੇਧੀ ਕਰਦਿਆਂ ਕਥਿਤ ਦੋਸ਼ੀ ਨੂੰ ਸਖਤ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਰੀ ਬਿਆਨ ਰਾਹੀਂ ਸ੍ਰੀ ਕੰਗ ਨੇ ਕਿਹਾ ਕਿ ਡਾ. ਅੰਬੇਡਕਰ ਦੀ ਦੇਸ਼ ਤੇ ਸੰਵਿਧਾਨ ਪ੍ਰਤੀ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਆਪਣੇ ਹੀ ਦੇਸ਼ ਵਿੱਚ ਅਜਿਹੀ ਸ਼ਖ਼ਸੀਅਤ ਦੇ ਬੁੱਤ ਦੀ ਬੇਅਦਵੀ ਕਰਨ ਵਰਗੀ ਘਟਨਾ ਦਾ ਵਾਪਰਨਾ ਚਿੰਤਾ ਦਾ ਵੱਡਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ। ਸ੍ਰੀ ਕੰਗ ਨੇ ਕਿਹਾ ਕਿ ਮੌਜੂਦਾ ਕੇਂਦਰ ਤੇ ਰਾਜ ਸਰਕਾਰਾਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਅਸਫ਼ਲ ਰਹੀਆਂ ਹਨ ਤੇ ਸਰਕਾਰਾਂ ਦੀ ਢਿੱਲ ਕਾਰਨ ਹੀ ਅਜਿਹਾ ਵਰਤਾਰਾ ਵਾਪਰਿਆ ਹੈ। ਉਨ੍ਹਾਂ ਇਸ ਘਟਨਾ ਪਿੱਛੇ ਡੂੰਘੀ ਸਾਜਿਸ਼ ਹੋਣ ਦਾ ਖਦਸ਼ਾ ਪ੍ਰਗਟ ਕਰਦਿਆਂ ਮਾਮਲੇ ਤੋਂ ਮੰਗ ਕੀਤੀ ਇਸ ਘਟਨਾ ਦੀ ਤਹਿ ਤੱਕ ਜਾਣ ਦੀ ਲੋੜ ਹੈ ਤਾਂ ਜੋ ਅਸਲੀਅਤ ਲੋਕਾਂ ਸਾਹਮਣੇ ਆ ਸਕੇ। ਸ੍ਰੀ ਕੰਗ ਨੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕੇ ਜਾਣ ਦੀ ਮੰਗ ਕੀਤੀ ਹੈ।