ਜਸਬੀਰ ਸਿੰਘ ਚਾਨਾਫਗਵਾੜਾ , 4 ਜੂਨਆਗਾਮੀ ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅੱਜ ਸ਼ਹਿਰ ਦੇ ਵੱਖ ਵੱਖ ਥਾਵਾਂ ’ਤੇ ਦੌਰਾ ਕੀਤਾ। ਉਨ੍ਹਾਂ ਸ਼ਹਿਰ ’ਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਤੇ ਆਉਣ ਵਾਲੇ ਮੌਨਸੂਨ ਸੀਜ਼ਨ ਲਈ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਦਾ ਨਿਰੀਖਣ ਕਰਕੇ ਪਾਣੀ ਦੇ ਨਿਕਾਸੀ ਸਬੰਧੀ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਡਰੇਨਜ਼, ਨਵੀਨੀਕਰਨ, ਸੜਕਾਂ ਦੀ ਮੁਰੰਮਤ, ਬੱਸ ਸਟੈਂਡ ਦੇ ਨੇੜੇ ਅੰਡਰਪਾਸ ਦਾ ਨਿਰਮਾਣ ਤੇ ਬਰਸਾਤੀ ਸੀਜ਼ਨ ਲਈ ਫਗਵਾੜਾ ਸ਼ਹਿਰ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਬਰਸਾਤੀ ਪਾਣੀ ਦੇ ਨਿਕਾਸ ਲਈ ਸੀਵਰੇਜ ਦੀ ਸਮੇਂ ਸਿਰ ਸਫ਼ਾਈ, ਸੋਰਸ ਸੈਗਰੀਗੇਸ਼ਨ ਤੇ ਫਗਵਾੜਾ ਸਬ-ਡਵੀਜ਼ਨ ਦੇ ਵਿਭਾਗਾਂ ’ਚ ਆਪਸੀ ਤਾਲਮੇਲ ਬਣਾਉਣ ਲਈ ਹਦਾਇਤਾ ਕੀਤੀਆਂ।ਉਨ੍ਹਾਂ ਕਿਹਾ ਕਿ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਇਆ ਜਾਵੇ ਤੇ ਅਧਿਕਾਰੀ ਵਿਕਾਸ ਕਾਰਜਾਂ ਦੀ ਖੁਦ ਸਮੀਖਿਆ ਕਰਨ ਤਾਂ ਜੋ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਵਾਇਆ ਜਾ ਸਕੇ। ਡੀਸੀ ਨੇ ਸਥਾਨਕ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸੁਣਿਆ।ਇਸ ਮੌਕੇ ਨਿਗਮ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ, ਮੇਅਰ ਰਾਮਪਾਲ ਉੱਪਲ, ਆਪ ਇੰਚਾਰਜ ਜੋਗਿੰਦਰ ਸਿੰਘ ਮਾਨ, ‘ਆਪ’ ਬੁਲਾਰਾ ਹਰਜੀ ਮਾਨ ਹਾਜ਼ਰ ਸਨ।