ਨਿੱਜੀ ਪੱਤਰ ਪ੍ਰੇਰਕਸੰਗਰੂਰ, 10 ਜੂਨਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਵਿਧਾਨ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ 12 ਜੂਨ ਨੂੰ ਲੁਧਿਆਣਾ ਵਿੱਚ ਪੰਜਾਬ ਸਰਕਾਰ ਵਿਰੁੱਧ ਕੀਤੇ ਜਾ ਰਹੇ ਰੋਸ ਮਾਰਚ ਵਿੱਚ ਜਥੇਬੰਦੀ ਵੱਲੋਂ ਭਰਵੀਂ ਸ਼ਮੂਲੀਅਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਫਰੰਟ ਦੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਭਗ ਢਾਈ ਸਾਲ ਪਿੱਛੋਂ ਵੀ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਜਾਰੀ ਨੋਟੀਫਿਕੇਸ਼ਨ ਨੂੰ ਅਮਲੀ ਰੂਪ ਨਾ ਦੇਣ ਵਿਰੁੱਧ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਇਸ ਤੋਂ ਇਲਾਵਾ ਡੈਮੋਕਰੈਟਿਕ ਟੀਚਰਜ਼ ਫਰੰਟ ਵੱਲੋਂ ਵੀ 16 ਜੂਨ ਨੂੰ ਲੁਧਿਆਣਾ ਵਿੱਚ ਰੋਸ ਮਾਰਚ ਕੀਤਾ ਜਾਵੇਗਾ ਜਿਸ ਵਿੱਚ ਸੰਗਰੂਰ ਜ਼ਿਲ੍ਹੇ ਵਿੱਚੋਂ ਵੱਡੀ ਗਿਣਤੀ ਵਿੱਚ ਅਧਿਆਪਕ ਭਾਗ ਲੈਣਗੇ। ਮੀਟਿੰਗ ਵਿੱਚ ਜ਼ਿਲ੍ਹੇ ਵਿੱਚ ਵਿੱਦਿਅਕ ਸੈਸ਼ਨ 2024-25 ਦੌਰਾਨ ਈਟੀਟੀ ਤੋਂ ਹੈੱਡ ਟੀਚਰ ਦੀਆਂ ਤਰੱਕੀਆਂ ਸਮੇਂ ਅਧਿਕਾਰੀਆਂ ਵੱਲੋਂ ਕਥਿਤ ਤੌਰ ’ਤੇ ਜਾਅਲੀ ਅਸਾਮੀਆਂ ਕਾਇਮ ਕਰਨ ਦੇ ਮਾਮਲੇ ਉੱਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਗਲੀ ਰਣਨੀਤੀ ਉਲੀਕੀ ਗਈ। ਇਸ ਤੋਂ ਇਲਾਵਾ ਪਿਛਲੇ ਦਿਨੀਂ ਜਥੇਬੰਦੀ ਦੀ ਸੂਬਾ ਕਮੇਟੀ ਵੱਲੋਂ ਡਾਇਰੈਕਟਰ ਸਕੂਲ ਸਿੱਖਿਆ ਐਲੀਮੈਂਟਰੀ ਅਤੇ ਸੈਕੰਡਰੀ ਨਾਲ ਹੋਈਆਂ ਮੀਟਿੰਗਾਂ ਦੀ ਕਾਰਵਾਈ ਬਾਰੇ ਵੀ ਜ਼ਿਲ੍ਹਾ ਆਗੂਆਂ ਨੂੰ ਰਿਪੋਰਟ ਦਿੱਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਸਕੱਤਰ ਹਰਭਗਵਾਨ ਗੁਰਨੇ,ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸੰਗਰੂਰ, ਪ੍ਰੈੱਸ ਸਕੱਤਰ ਜਸਬੀਰ ਨਮੋਲ ਅਤੇ ਬਲਾਕਾਂ ਦੇ ਆਗੂ ਮਹਿੰਦਰ ਪ੍ਰਤਾਪ ਤੇ ਸਰਬਜੀਤ ਕਿਸ਼ਨਗੜ੍ਹ ਸ਼ਾਮਲ ਸਨ।