For the best experience, open
https://m.punjabitribuneonline.com
on your mobile browser.
Advertisement

ਡੀਸੀ ਤੇ ਪੁਲੀਸ ਕਮਿਸ਼ਨਰ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

06:14 AM May 11, 2025 IST
ਡੀਸੀ ਤੇ ਪੁਲੀਸ ਕਮਿਸ਼ਨਰ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
ਜਲੰਧਰ ਵਿੱਚ ਸਥਾਪਿਤ ਕਟਰੋਲ ਰੂਮ ਵਿੱਚ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀ।
Advertisement

ਹਤਿੰਦਰ ਮਹਿਤਾ
ਜਲੰਧਰ, 10 ਮਈ
ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਵੱਲੋਂ ਅੱਜ ਜ਼ਿਲ੍ਹੇ ਭਰ ਵਿੱਚ ਕਾਨੂੰਨ ਵਿਵਸਥਾ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਇੰਟੈਗ੍ਰੇਟਿਡ ਕਮਾਂਡ ਤੇ ਕੰਟਰੋਲ ਸੈਂਟਰ (ਆਈਸੀਸੀਸੀ) ਵਿੱਚ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ।
ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਅਗਰਵਾਲ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵਲੋਂ ਵਸਨੀਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇੰਟੈਗ੍ਰੇਟਿਡ ਕਮਾਂਡ ਤੇ ਕੰਟਰੋਲ ਸੈਂਟਰ ਰਾਹੀਂ ਜ਼ਿਲ੍ਹੇ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਨਾਗਰਿਕ ਕਿਸੇ ਵੀ ਸ਼ੱਕੀ ਡਰੋਨ ਗਤੀਵਿਧੀ ਜਾਂ ਹੋਰ ਮੁੱਦਿਆਂ ਸਬੰਧੀ ਜਾਣਕਾਰੀ ਦੇਣ ਲਈ ਕੰਟਰੋਲ ਰੂਮ ਦੇ ਨੰਬਰ 0181-2224417 ’ਤੇ ਸੰਪਰਕ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਸਾਰੇ ਸੁਰੱਖਿਆ ਪ੍ਰੋਟੋਕੋਲ, ਖਾਸ ਕਰ ਜਨਤਕ ਸੁਰੱਖਿਆ ਲਈ ਜਾਰੀ ਬਲੈਕਆਊਟ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੇਲੋੜੀ ਆਵਾਜਾਈ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਆਪਣੇ ਘਰਾਂ ਦੇ ਅੰਦਰ ਰਹਿਣਾ ਚਾਹੀਦਾ ਹੈ। ਉਨ੍ਹਾਂ ਗਲਤ ਜਾਣਕਾਰੀ ਫੈਲਾਉਣ ਵਿਰੁੱਧ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਫੇਕ ਨਿਊਜ਼ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਵਸਨੀਕਾਂ ਨੂੰ ਘਬਰਾਹਟ ਵਿੱਚ ਖ਼ਰੀਦਦਾਰੀ ਕਰਨ ਤੋਂ ਬਚਣ ਦੀ ਅਪੀਲ ਕਰਨ ਦੇ ਨਾਲ-ਨਾਲ ਅਧਿਕਾਰੀਆਂ ਨੂੰ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ’ਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।
ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਭਰੋਸਾ ਦਿੱਤਾ ਕਿ ਸ਼ਹਿਰ ਦੀ ਸੁਰੱਖਿਆ ਲਈ ਪੁਲੀਸ ਟੀਮਾਂ ਸਰਗਰਮੀ ਨਾਲ ਤਾਇਨਾਤ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਐਮਰਜੈਂਸੀ ਦੀ ਸੂਚਨਾ ਦੇਣ ਲਈ ਨਾਗਰਿਕ 112 ਨੰਬਰ ’ਤੇ ਸੰਪਰਕ ਕਰ ਸਕਦੇ ਹਨ ਅਤੇ ਉਨ੍ਹਾਂ ਅਮਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜਨਤਕ ਸਹਿਯੋਗ ਦੀ ਅਪੀਲ ਵੀ ਕੀਤੀ।
ਸਿਵਲ ਪ੍ਰਸ਼ਾਸਨ ਅਤੇ ਪੁਲੀਸ ਵਿਭਾਗ ਦੇ ਸਾਂਝੇ ਯਤਨ ਪੰਜਾਬ ਸਰਕਾਰ ਦੀ ਸਥਿਤੀ ਨੂੰ ਸਰਗਰਮੀ ਨਾਲ ਸੰਭਾਲਣ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੇ ਹਨ, ਜਿਸ ਨਾਲ ਜਨਤਕ ਹਿੱਤਾਂ ਦੀ ਰਾਖੀ ਕਰਦਿਆਂ ਕਾਨੂੰਨ ਵਿਵਸਥਾ ਵੀ ਬਰਕਰਾਰ ਰਹੇ।

Advertisement

Advertisement
Advertisement

Advertisement
Author Image

Sukhjit Kaur

View all posts

Advertisement