ਨਿੱਜੀ ਪੱਤਰ ਪ੍ਰੇਰਕਸੰਗਰੂਰ, 19 ਮਈਪੰਜਾਬ ਸਰਕਾਰ ਦੇ ਆਬਕਾਰੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਸ਼ਿਕੰਜ਼ਾ ਕਸਣ ਲਈ ਅੱਜ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਆਬਕਾਰੀ ਵਿਭਾਗ ਵਲੋਂ ਇੱਕ ਮੀਟਿੰਗ ਕੀਤੀ ਗਈ ਜਿਸ ਵਿਚ ਗੁਲਸ਼ਨ ਰਾਏ ਹੁਰੀਆ ਸਹਾਇਕ ਕਮਿਸ਼ਨਰ ਆਬਕਾਰੀ ਸੰਗਰੂਰ ਦਿਲਪ੍ਰੀਤ ਸਿੰਘ ਚਹਿਲ ਆਬਕਾਰੀ ਅਫ਼ਸਰ ਸੰਗਰੂਰ-1 ਅਤੇ ਲਖਮੀਰ ਚੰਦ ਆਬਕਾਰੀ ਅਫਸਰ ਸੰਗਰੂਰ-2 ਸ਼ਾਮਲ ਹੋਏ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਜ਼ਿਲ੍ਹੇ ਵਿਚ ਪੈਂਦੇ ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਨਜਾਇਜ਼ ਸ਼ਰਾਬ ਦਾ ਸੇਵਨ ਕਰਨ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਜਾਗਰੂਕ ਕੀਤਾ ਜਾਵੇ।ਆਬਕਾਰੀ ਵਿਭਾਗ ਦੇ ਸਹਾਇਕ ਕਮਿਸ਼ਨਰ ਗੁਲਸ਼ਨ ਰਾਏ ਹੁਰੀਆ ਵੱਲੋਂ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹੇ ਵਿੱਚ ਆਬਕਾਰੀ ਵਿਭਾਗ ਅਤੇ ਜ਼ਿਲ੍ਹਾ ਪੁਲੀਸ ਵੱਲੋਂ ਨਜਾਇਜ਼ ਸ਼ਰਾਬ ਦੀ ਵਿਕਰੀ ਦੀ ਰੋਕਥਾਮ ਸਬੰਧੀ ਲਗਾਤਾਰ ਚਲਾਈ ਜਾ ਰਹੀ ਮੁਹਿੰਮ ਬਾਰੇ ਜਾਣੂ ਕਰਵਾਇਆ ਗਿਆ। ਆਬਕਾਰੀ ਅਫ਼ਸਰ ਦਿਲਪ੍ਰੀਤ ਸਿੰਘ ਚਹਿਲ ਅਤੇ ਲਖਮੀਰ ਚੰਦ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 1 ਅਪਰੈਲਤੋਂ ਹੁਣ ਤੱਕ ਨਾਜਾਇਜ਼ ਸ਼ਰਾਬ ਦੀ ਵਿਕਰੀ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ 30 ਕੇਸ ਦਰਜ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਪਿੰਡਾਂ ਵਿਚ ਲੋਕਾਂ ਵਲੋਂ ਕੱਚੀ ਸ਼ਰਾਬ/ਲਾਹਣ ਤਿਆਰ ਕਰਨ ਅਤੇ ਵੇਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਪੁਲੀਸ ਦੀ ਮੱਦਦ ਨਾਲ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ।