ਤਿੰਨ ਮੁਲਜ਼ਮਾਂ ਕੋਲੋਂ ਹੈਰੋਇਨ ਤੇ ਨਕਦੀ ਬਰਾਮਦ
ਜੋਗਿੰਦਰ ਸਿੰਘ ਮਾਨ
ਮਾਨਸਾ, 9 ਜੂਨ
ਮਾਨਸਾ ਪੁਲੀਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਕਾਰਵਾਈ ਕਰਦਿਆਂ ਵੱਖ-ਵੱਖ ਸ਼ੱਕੀ ਥਾਵਾਂ ’ਤੇ ਵਾਹਨਾਂ ਦੀ ਚੈਕਿੰਗ ਕੀਤੀ। ਇਸ ਮੁਹਿੰਮ ਦੌਰਾਨ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇੇ ਉਨ੍ਹਾਂ ਪਾਸੋਂ 505 ਗ੍ਰਾਮ ਹੈਰੋਇਨ ਅਤੇ 1 ਲੱਖ 40 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਭਾਗੀਰਥ ਸਿੰਘ ਮੀਨਾ ਨੇ ਇਥੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸਪੀ (ਇਨਵੈਸਟੀਗੇਸ਼ਨ) ਮਾਨਸਾ ਮਨਮੋਹਨ ਸਿੰਘ ਔਲਖ, ਡੀਐੱਸਪੀ ਪ੍ਰਿਤਪਾਲ ਸਿੰਘ ਦੀ ਦੇਖ-ਰੇਖ ਹੇਠ ਇੰਸਪੈਕਟਰ ਕਮਲਜੀਤ ਸਿੰਘ ਇੰਚਰਾਜ ਐਟੀਨਾਰੋਟਿਕ ਸੈੱਲ ਮਾਨਸਾ ਦੀ ਅਗਵਾਈ ’ਚ ਪੁਲੀਸ ਟੀਮ ਵੱਲੋਂ ਗਸ਼ਤ ਦੌਰਾਨ ਇਤਲਾਹ ਮਿਲਣ ’ਤੇ ਕੁਲਵਿੰਦਰਜੀਤ ਸਿੰਘ ਵਾਸੀ ਰਾਧਰਕਾ ਮੁਹੱਲਾ ਮਾਨਸਾ ਦੇ ਘਰ ਰੇਡ ਕਰਕੇ ਕੁਲਵਿੰਦਰਜੀਤ ਸਿੰਘ ਉਕਤ ਦੇ ਸਮੇਤ ਜਸਨਪ੍ਰੀਤ ਸਿੰਘ ਵਾਸੀ ਕਰਮਗੜ੍ਹ ਔਤਾਂਵਾਲੀ, ਜਗਦੀਪ ਸਿੰਘ ਵਾਸੀ ਵਾਰਡ ਨੰਬਰ 16 ਮਾਨਸਾ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਡੀਐੱਸਪੀ ਪ੍ਰਿਤਪਾਲ ਸਿੰਘ ਦੀ ਹਾਜ਼ਰੀ ਵਿੱਚ ਕੁਲਵਿੰਦਰਜੀਤ ਸਿੰਘ ਸਣੇ ਹੋਰਨਾਂ ਦੇ ਬੈਗਾਂ ’ਚੋਂ 505 ਗ੍ਰਾਮ ਹੈਰੋਇਨ ਸਣੇ 1 ਲੱਖ 40 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਫੜ੍ਹੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਫੜ੍ਹੇ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।