ਤੰਬਾਕੂਨੋਸ਼ੀ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ
ਮਾਨਸਾ: ਸਿਹਤ ਵਿਭਾਗ ਦੀ ਟੀਮ ਵੱਲੋਂ ਤੰਬਾਕੂ ਕੰਟਰੋਲ ਐਕਟ 2003 ਦੀ ਉਲੰਘਣਾ ਕਰਨ ਵਾਲੀਆਂ ਦੁਕਾਨਾਂ/ਖੋਖਿਆਂ ਅਤੇ ਜਨਤਕ ਥਾਵਾਂ ’ਤੇ ਤੰਬਾਕੂ ਨੋਸ਼ੀ ਕਰਨ ਵਾਲੇ 10 ਵਿਅਕਤੀਆਂ ਨੂੰ ਨਗਦ ਜੁਰਮਾਨਾ ਕਰਕੇ ਚਲਾਨ ਕੱਟੇ ਗਏ ਅਤੇ ਲੋਕਾਂ ਨੂੰ ਤੰਬਾਕੂ ਸੇਵਨ ਨਾਲ ਸਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਸੀਨੀਅਰ ਹੈਲਥ ਸੁਪਰਵਾਈਜ਼ਰ ਅਸ਼ਵਨੀ ਕੁਮਾਰ ਵੱਲੋਂ ਖਾਣ-ਪੀਣ ਦੀਆਂ ਵਸਤਾਂ ਦੇ ਨਾਲ-ਨਾਲ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਆਦਿ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਮਨਾਹੀ ਦੇ ਬਾਵਜੂਦ ਦੁਕਾਨਦਾਰਾਂ ਵੱਲੋਂ ਖੁੱਲੀਆਂ ਸਿਗਰਟਾਂ ਦੀ ਵਿਕਰੀ ਕਰਨ ਸਬੰਧੀ, ਦੁਕਾਨਾਂ ’ਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਵਾਲੇ ਸਾਈਨ ਬੋਰਡ ਨਾ ਲੱਗੇ ਹੋਣ ’ਤੇ ਤੰਬਾਕੂ ਐਕਟ 2003 ਅਧੀਨ ਹੋਣ ਵਾਲੇ ਜੁਰਮਾਨਿਆ ਬਾਰੇ ਵੀ ਜਾਣਕਾਰੀ ਦਿੱਤੀ ਗਈ। ਅਧਿਕਾਰੀ ਵਿਜੈ ਕੁਮਾਰ ਨੇ ਕਿਹਾ ਕਿ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੇ ਸਮੂਹ ਦੁਕਾਨਦਾਰਾਂ ਨੂੰ ਤੰਬਾਕੂ ਕੰਟਰੋਲ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ ਤਾਂ ਜੋ ਕੋਟਪਾ-2003 ਨੂੰ ਲਾਗੂ ਕਰਵਾਇਆ ਜਾ ਸਕੇ।