ਦਰਜਾ ਚਾਰ ਮੁਲਾਜ਼ਮਾਂ ਵੱਲੋਂ ਸਰਕਾਰੀ ਕਾਲਜਾਂ ਅੱਗੇ ਅਰਥੀ ਫੂਕ ਮੁਜ਼ਾਹਰੇ
ਸਰਬਜੀਤ ਸਿੰਘ ਭੰਗੂ
ਪਟਿਆਲਾ, 12 ਮਾਰਚ
ਦਿ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ (1680) ਦੇ ਸੱਦੇ ’ਤੇ ਮੁਲਾਜ਼ਮਾਂ ਨੇ ਅੱਜ ਦੂਜੇ ਦਿਨ ਸਰਕਾਰੀ ਸਟੇਟ ਕਾਲਜ, ਬਿਕਰਮ ਕਾਲਜ ਤੇ ਫਿਜ਼ੀਕਲ ਕਾਲਜ ਪਟਿਆਲਾ ਸਮੇਤ ਅੱਗੇ ਪੰਜਾਬ ਸਰਕਾਰ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ। ਯੂਨੀਅਨ ਦੇ ਸੂਬਾਈ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਤੇ ਰਣਜੀਤ ਸਿੰਘ ਰਾਣਵਾਂ ਦੀ ਅਗਵਾਈ ਹੇਠ ਕੀਤੇ ਇਨ੍ਹਾਂ ਮੁਜ਼ਾਹਰਿਆਂ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਨੇ ਦੋਸ਼ ਲਾਇਆ ਕਿ ਕਈ ਦਰਜਾ ਚਾਰ ਕਰਮਚਾਰੀ ਪੰਜਾਬ ਵਿਚਲੇ 64 ਸਰਕਾਰੀ ਕਾਲਜਾਂ ਵਿੱਚ ਲੰਮੇ ਸਮੇਂ ਤੋਂ ਡੀਸੀ ਰੇਟ ’ਤੇ ਆਧਾਰਿਤ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ। ਅਦਾਲਤ ਦੇ ਹੁਕਮਾਂ ਅਤੇ ਆਪਣੇ ਵਾਅਦੇ ਦੇ ਬਾਵਜੂਦ ਵੀ ਪੰਜਾਬ ਸਰਕਾਰ ਇਨ੍ਹਾਂ ਨੂੰ ਰੈਗੂਨਰ ਨਹੀਂ ਕਰ ਰਹੀ। ਇਸੇ ਤਰ੍ਹਾਂ ਉਨ੍ਹਾਂ ਨੇ ਕੋਵਿਡ ਕਾਲ ਸਮੇਂ ਦੀਆਂ ਤਨਖਾਹਾਂ ਅਜੇ ਤੱਕ ਵੀ ਨਾ ਦੇਣ, ਕਈ ਹੋਰ ਰੈਗੂਲਰ ਮੁਲਾਜ਼ਮਾਂ ਦੀਆਂ ਤਰੱਕੀਆਂ ਨਾ ਕਰਨ, ਇਨ੍ਹਾਂ ਕਾਲਜਾਂ ਵਿੱਚ ਖਾਲੀ ਪਈਆਂ ਚੌਥਾ ਦਰਜਾ ਕਰਮੀਆਂ ਦੀਆਂ 600 ਅਸਾਮੀਆਂ ਨਾ ਭਰਨ ਸਮੇਤ ਕਈ ਹੋਰ ਮਸਲੇ ਉਭਾਰੇ। ਇਸ ਦੌਰਾਨ ਆਗੂਆਂ ਨੇ ਪੰਜਾਬ ਦੇ ਹੋਰ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਵਰਕਚਾਰਜ, ਟੈਂਪਰੇਰੀ, ਦਿਹਾੜੀਦਾਰ, ਐਡਹਾਕ, ਕੰਟਰੈਕਟ ਅਤੇ ਆਊਟ ਸੋਰਸ ਕਰਮੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਵੀ ਕੀਤੀ। ਇਸ ਮੌਕੇ ਨਰੰਗ ਸਿੰਘ, ਰਾਮ ਲਾਲ ਰਾਮਾ, ਸ਼ਿਵ ਚਰਨ, ਲਖਵੀਰ ਸਿੰਘ, ਰਾਮ ਜੋਧਾ, ਸੁਨੀਲ ਦੱਤ, ਰਾਮ ਕ੍ਰਿਸ਼ਨ, ਬਲਬੀਰ ਸਿੰਘ, ਉਂਕਾਰ ਸਿੰਘ ਦਮਨ, ਪ੍ਰਕਾਸ਼ ਸਿੰਘ ਲੁਬਾਣਾ, ਬੁੱਧ ਰਾਮ, ਰਾਕੇਸ਼ ਕੁਮਾਰ, ਤਰਲੋਚਨ ਗਿਰ ਅਤੇ ਇੰਦਰਪਾਲ ਵਾਲੀਆ ਆਦਿ ਮੌਜੂਦ ਸਨ। ਜਾਣਕਾਰੀ ਅਨੁਸਾਰ ਪੰਜਾਬ ਦੇ ਚੌਥਾ ਦਰਜਾ ਮੁਲਾਜ਼ਮਾਂ ਵੱਲੋਂ ਪੰਜਾਬ ਦੇ ਸਰਕਾਰੀ ਕਾਲਜਾਂ ’ਚ ਪ੍ਰਦਰਸ਼ਨਾਂ ਨੂੰ ਵੇਖਦਿਆਂ ਉਚੇਰੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਦਿ ਕਲਾਜ ਫੋਰਥ ਐਂਪਲਾਈਜ਼ ਯੂਨੀਅਨ ਨੂੰ 19 ਮਾਰਚ ਨੂੰ ਮੀਟਿੰਗ ਦਾ ਸੱਦਾ ਪੱਤਰ ਭੇਜਿਆ ਗਿਆ ਹੈ। ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਦਾ ਕਹਿਣਾ ਸੀ ਕਿ ਇਸ ਮੀਟਿੰਗ ਮਗਰੋਂ ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਸਰਕਾਰੀ ਕਾਲਜ ਅੱਗੇ ਮੁਜ਼ਾਹਰਾ
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਦਿ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਦਰਜਾ ਚਾਰ ਕਰਮਚਾਰੀਆਂ ਨੇ ਸਥਾਨਕ ਸਰਕਾਰੀ ਕਾਲਜ ਅੱਗੇ ਪੰਜਾਬ ਸਰਕਾਰ ਤੇ ਉਚੇਰੀ ਸਿੱਖਿਆ ਅਧਿਕਾਰੀਆਂ ਦੀਆਂ ਅਰਥੀਆਂ ਫੂਕੀਆਂ। ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਸੁਖਦੇਵ ਸਿੰਘ ਸੁਤਰਾਪੁਰੀ, ਰਣਜੀਤ ਸਿੰਘ ਰਾਣਵਾਂ, ਜਸਵਿੰਦਰ ਪਾਲ, ਮੇਲਾ ਸਿੰਘ ਪੁੰਨਾਵਾਲ ਨੇ ਕਿਹਾ ਕਿ ਪੰਜਾਬ ਵਿਚਲੇ 64 ਸਰਕਾਰੀ ਕਾਲਜਾਂ ਵਿੱਚ ਲੰਮੇ ਸਮੇਂ ਤੋਂ ਡੀ.ਸੀ. ਰੇਟਾਂ ’ਤੇ ਕੰਮ ਕਰ ਰਹੇ ਕਰਮੀਆਂ ਨੂੰ ਪੱਕਾ ਨਹੀਂ ਕੀਤਾ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਉਜ਼ਰਤਾਂ ਤੇ ਬਣਦੀਆਂ ਸਹੂਲਤਾਂ ਉੱਚ ਅਦਾਲਤਾਂ ਦੇ ਫ਼ੈਸਲੇ ਆਉਣ ਤੋਂ ਬਾਅਦ ਵੀ ਨਹੀਂ ਦਿੱਤੀਆਂ ਜਾ ਰਹੀਆਂ। ਆਗੂਆਂ ਨੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ। ਇਸ ਮੌਕੇ ਮੁਹੰਮਦ ਸ਼ਕੀਲ, ਨੇਤਰ ਸਿੰਘ ਮੰਨਵੀ, ਹਾਕਮ ਸਿੰਘ ਬਾਠਾਂ, ਗੁਰਨਾਮ ਸਿੰਘ, ਚਮਕੌਰ ਸਿੰਘ ਤੇ ਪ੍ਰਿਤਪਾਲ ਸ਼ਰਮਾ ਆਦਿ ਹਾਜ਼ਰ ਸਨ।