ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਲੋਕ ਲਹਿਰ ਉਸਾਰਨ ਦਾ ਸੱਦਾ
ਹਤਿੰਦਰ ਮਹਿਤਾ
ਜਲੰਧਰ, 2 ਫਰਵਰੀ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਪੰਜਾਬ ਦੇ ਪਲੀਤ ਹੋ ਚੁੱਕੇ ਦਰਿਆਵਾਂ ਨੂੰ ਮਕੰਮਲ ਤੌਰ ’ਤੇ ਪ੍ਰਦੂਸ਼ਣ ਮੁਕਤ ਕਰਨ ਲਈ ਲੋਕ ਲਹਿਰ ਉਸਾਰਨ ਦਾ ਸੱਦਾ। ਸੰਤ ਸੀਚੇਵਾਲ ਨੇ ਪੰਜਾਬ ਦੇ ਸਮੁੱਚੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਦਰਿਆਵਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਇਕਸੁਰ ਤੇ ਇਕਜੁਟ ਹੋ ਕੇ ਸੰਸਦ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਅਵਾਜ਼ ਬੁਲੰਦ ਕਰਨ।
ਨਿਰਮਲ ਕੁਟੀਆ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੰਕੈਡਰੀ ਸਕੂਲ ਦੇ ਵਿਹੜੇ ਵਿੱਚ ਵਿਸ਼ਵ ਜਲਗਾਹ ਦਿਵਸ, ਸੰਤ ਅਵਤਾਰ ਸਿੰਘ ਯਾਦਗਾਰੀ ਕਾਲਜ ਦਾ ਸਥਾਪਨਾ ਦਿਵਸ ਅਤੇ ਸਕੂਲ ਦਾ ਸਾਲਾਨਾ ਸਮਾਗਮ ਮੌਕੇ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸੀਚੇਵਾਲ ਨੇ ਕਿਹਾ ਕਿ ਪਵਿੱਤਰ ਬੁੱਢਾ ਦਰਿਆ ਪੰਜਾਬ ਦੀ ਅਮੀਰ ਵਿਰਾਸਤ ਦਾ ਹਿੱਸਾ ਹੈ। ਇਸ ਬੁੱਢੇ ਦਰਿਆ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਦੀ ਛੋਹ ਪ੍ਰਾਪਤ ਹੈ। ਪਲੀਤ ਹੋ ਚੁੱਕੇ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਲੋਕਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਇਸ ਦੇ ਕੰਢੇ ’ਤੇ ਇਸ਼ਨਾਨ ਘਾਟ ਬਣਾਏ ਜਾ ਰਹੇ ਹਨ। ਸੰਤ ਸੀਚੇਵਾਲ ਨੇ ਕਿਹਾ ਕਿ ਲੋਕ ਵੀ ਇਹ ਗੱਲ ਪੁੱਛਦੇ ਹਨ ਕਿ ਇਸ਼ਨਾਨ ਘਾਟ ਤਾਂ ਅਖ਼ੀਰ ਵਿੱਚ ਬਣਾਏ ਜਾਣੇ ਸਨ ਪਹਿਲਾਂ ਇਸ ਵਿੱਚ ਸਾਫ਼ ਪਾਣੀ ਵਗਣਾ ਚਾਹੀਦਾ ਹੈ। ਸੰਤ ਸੀਚੇਵਾਲ ਨੇ ਵਿਸ਼ਵ ਜਲਗਾਹ ਦਿਵਸ ਦਾ ਜ਼ਿਕਰ ਕਰਦਿਆ ਕਿਹਾ ਕਿ ਪਵਿੱਤਰ ਕਾਲੀ ਵੇਈਂ ਵਿੱਚ ਕੌਮਾਂਤਰੀ ਪੱਧਰ ਦੀ ਕਾਂਜਲੀ ਜਲਗਾਹ ਆਉਂਦੀ ਹੈ ਅਤੇ ਜਿੱਥੇ ਸਤਲੁਜ, ਬਿਆਸ ਅਤੇ ਪਵਿੱਤਰ ਕਾਲੀ ਵੇਈਂ ਦਾ ਸੰਗਮ ਹੁੰਦਾ ਹੈ ਉਥੇ ਹਰੀਕੇ ਪੱਤਣ ਜਲਗਾਹ ਆਉਂਦੀ ਹੈ। ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਸਮਾਗਮ ਦੌਰਾਨ ਦੁਆਬਾ ਇਲਾਕੇ ਦੇ ਚਾਰ ਪਿੰਡਾਂ ਤਲਵੰਡੀ ਮਾਧੋ, ਫਤਹਿਪੁਰ, ਗੱਟਾ ਮੁੰਡੀ ਕਾਸੂ ਅਤੇ ਸੋਹਲ ਖਾਲਸਾ ਪਿੰਡਾਂ ਨੂੰ ਪੀਣ ਵਾਲੇ ਪਾਣੀ ਦੇ ਪੰਜ ਹਜ਼ਾਰ ਲਿਟਰ ਦੇ ਟੈਂਕਰ ਦਿੱਤੇ।
ਮੁਰਮੂ ਤੇ ਮੋਦੀ ਵੱਲੋਂ ਸੀਚੇਵਾਲ ਨੂੰ ਜਨਮ ਦਿਨ ਦੀਆਂ ਵਧਾਈਆਂ
ਜਲੰਧਰ (ਪੱਤਰ ਪ੍ਰੇਰਕ): ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਵੱਲੋਂ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਗਈਆਂ। ਕੇਂਦਰੀ ਮੰਤਰੀ ਨਿਤਿਨ ਗਡਕਰੀ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸੰਤ ਸੀਚੇਵਾਲ ਦੇ ਅਣਥੱਕ ਯਤਨਾਂ ਦੀ ਪ੍ਰਸ਼ੰਸਾ ਕੀਤੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਤ ਸੀਚੇਵਾਲ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।