ਦਰੱਖ਼ਤ ਡਿੱਗਣ ਕਾਰਨ ਮੁਲਾਜ਼ਮ ਦੀ ਮੌਤ
ਜੋਗਿੰਦਰ ਸਿੰਘ ਮਾਨ
ਮਾਨਸਾ, 13 ਅਪਰੈਲ
ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਹਲਕੇ ਦੇ ਸੀਵਰੇਜ ਬੋਰਡ ਵਿਭਾਗ ਅਧੀਨ ਕੰਮ ਕਰਦੇ ਕੱਚੇ ਕਾਮੇ ਦੀ ਦਰੱਖ਼ਤ ਡਿੱਗਣ ਕਾਰਨ ਮੌਤ ਹੋ ਗਈ ਹੈ, ਜਦੋਂ ਕਿ ਇਕ ਮੁਲਾਜ਼ਮ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ, ਜਿਸ ਨੂੰ ਪਟਿਆਲਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਇਨਸਾਫ਼ ਦਿਵਾਉਣ ਲਈ ਸਫ਼ਾਈ ਕਰਮਚਾਰੀਆਂ ਤੇ ਸੀਵਰੇਜ ਬੋਰਡ ਦੇ ਕੱਚੇ ਮੁਲਾਜ਼ਮਾਂ ਵੱਲੋਂ ਡਾ. ਭੀਮ ਰਾਓ ਅੰਬੇਦਕਰ ਚੌਕ ’ਚ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਨਾਅਰੇਬਾਜ਼ੀ ਵੀ ਕੀਤੀ ਗਈ।
ਪ੍ਰਦਰਸ਼ਨਕਾਰੀਆਂ ’ਚ ਗੁਰਦੇਵ ਸਿੰਘ, ਜਗਸੀਰ ਸਿੰਘ, ਪ੍ਰਮੋਦ ਕੁਮਾਰ ਅਤੇ ਅਸ਼ੋਕ ਕੁਮਾਰ ਨੇ ਕਿਹਾ ਕਿ ਸੀਵਰੇਜ ਬੋਰਡ ਬੁਢਲਾਡਾ ਦਾ ਕੱਚਾ ਕਰਮਚਾਰੀ ਛਿੰਦਾ ਸਿੰਘ ਆਪਣੀ ਡਿਊਟੀ ਦੌਰਾਨ ਦਰੱਖ਼ਤ ਡਿੱਗਣ ਕਾਰਨ ਕੁਦਰਤੀ ਆਫ਼ਤ ਦਾ ਸ਼ਿਕਾਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮ੍ਰਿਤਕ ਮੁਲਾਜ਼ਮ ਦੇ ਪਰਿਵਾਰ ਨੂੰ ਨੌਕਰੀ ਅਤੇ ਮੁੱਖ ਮੰਤਰੀ ਰਿਲੀਜ਼ ਫੰਡ ’ਚੋਂ 2 ਕਰੋੜ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕਰੇ। ਉਨ੍ਹਾਂ ਕਿਹਾ ਕਿ ਜ਼ਖ਼ਮੀ ਮੁਲਾਜ਼ਮ ਦਾ ਮੁਫ਼ਤ ਇਲਾਜ ਕਰਵਾਇਆ ਜਾਵੇ।
ਇਸੇ ਦੌਰਾਨ ਸੀਪੀਆਈ ਦੇ ਆਗੂ ਕਾਮਰੇਡ ਜਗਸੀਰ ਸਿੰਘ ਰਾਏਕੇ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਦਾ ਐਲਾਨ ਕੀਤਾ। ਆਮ ਆਦਮੀ ਪਾਰਟੀ ਦੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਰਿਪੋਰਟ ਭੇਜੀ ਜਾਵੇਗੀ, ਜਿਸ ਤੋਂ ਮ੍ਰਿਤਕ ਮੁਲਾਜ਼ਮ ਦੇ ਪਰਿਵਾਰ ਨੂੰ ਮਦਦ ਮਿਲ ਸਕੇਗੀ।