ਦਿਲਜੀਤ ਦੋਸਾਂਝ ਦੇ ਹੱਕ ਵਿੱਚ ਨਿੱਤਰੇ ਸੰਸਦ ਮੈਂਬਰ ਸਾਹਨੀ
ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਜੂਨ
ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਉੱਘੇ ਕਲਾਕਾਰ ਦਿਲਜੀਤ ਦੋਸਾਂਝ ਦੀ ਦੇਸ਼ ਭਗਤੀ ’ਤੇ ਸਵਾਲ ਉਠਾਉਣ ਵਾਲੀ ਆਲੋਚਨਾ ਦਾ ਵਿਰੋਧ ਕਰਦਿਆਂ ਇਸ ਨੂੰ ਦੋਸਾਂਝ ਵਰਗੇ ਮਹਾਨ ਕਲਾਕਾਰ ਨਾਲ ਬੇਇਨਸਾਫੀ ਕਰਾਰ ਦਿੱਤਾ ਹੈ। ਫ਼ਿਲਮ ‘ਸਰਦਾਰ ਜੀ 3’ ਦੇ ਹਵਾਲੇ ਨਾਲ ਪੈਦਾ ਹੋਏ ਵਿਵਾਦ ਦਾ ਹਵਾਲਾ ਦਿੰਦਿਆਂ ਡਾ. ਸਾਹਨੀ ਨੇ ਕਿਹਾ ਕਿ ਇਸ ਫਿਲਮ ਅਤੇ ਦਿਲਜੀਤ ਦੋਸਾਂਝ ਦੀ ਦੇਸ਼ ਭਗਤੀ ’ਤੇ ਹਮਲਾ ਕਰਨਾ ਬੇਇਨਸਾਫ਼ੀ ਜਾਪਦਾ ਹੈ, ਖਾਸ ਕਰਕੇ ਜਦੋਂ ਉਨ੍ਹਾਂ ਨੇ ਸਬੂਤਾਂ ਸਣੇ ਸਪੱਸ਼ਟ ਕੀਤਾ ਹੈ ਕਿ ਇਹ ਫਿਲਮ ਦੁਖਦਾਈ ਪਹਿਲਗਾਮ ਘਟਨਾ ਤੋਂ ਬਹੁਤ ਪਹਿਲਾਂ, ਫਰਵਰੀ ਵਿੱਚ ਸ਼ੂਟ ਕੀਤੀ ਗਈ ਸੀ, ਜਿਸ ਦੌਰਾਨ ਇੱਕ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਵੀ ਹੋਇਆ ਸੀ। ਉਨ੍ਹਾਂ ਅਪੀਲ ਕੀਤੀ ਕਿ ਸਾਨੂੰ ਕਿਸੇ ਬਾਰੇ ਫੈਸਲਾ ਲੈਂਦੇ ਸਮੇਂ ਸਮਾਂ-ਸੀਮਾ ਜਾਂ ਤੱਥਾਂ ਨੂੰ ਉਲਝਾਉਣਾ ਨਹੀਂ ਚਾਹੀਦਾ। ਡਾ. ਸਾਹਨੀ ਨੇ ਦਿਲਜੀਤ ਦੋਸਾਂਝ ਦੀ ਜਨਤਕ ਭਾਵਨਾਵਾਂ ਪ੍ਰਤੀ ਸੰਵੇਦਨਸ਼ੀਲਤਾ ਲਈ ਵੀ ਪ੍ਰਸ਼ੰਸਾ ਕਰਦਿਆਂ ਫਿਲਮ ਨੂੰ ਭਾਰਤ ਵਿੱਚ ਰਿਲੀਜ਼ ਨਾ ਕਰਨ ਦੇ ਉਨ੍ਹਾਂ ਦੇ ਫੈਸਲੇ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਕੇ ਅਤੇ ਭਾਰਤੀ ਸਿਨੇਮਾਘਰਾਂ ਵਿੱਚ ਫਿਲਮ ਰਿਲੀਜ਼ ਨਾ ਕਰਨ ਦਾ ਫੈਸਲਾ ਕਰਕੇ ਦੇਸ਼ ਪ੍ਰਤੀ ਸ਼ਾਨਦਾਰ ਭਾਵਨਾ ਦਾ ਪ੍ਰਗਟਾ ਕੀਤਾ ਹੈ। ਡਾ. ਸਾਹਨੀ ਨੇ ਕਿਹਾ ਕਿ ਕਲਾਕਾਰ ਦੀ ਨਾਗਰਿਕਤਾ ਰੱਦ ਕਰਨ ਅਤੇ ਉਸ ਦੇ ਸੰਗੀਤ ’ਤੇ ਪਾਬੰਦੀ ਕਰਨ ਵਾਲਿਆਂ ਦੀ ਆਲੋਚਨਾ ਕੀਤੀ। ਹੈ। ਉਨ੍ਹਾਂ ਕਿਹਾ ਕਿ ਦਿਲਜੀਤ ਨੇ ਭਾਰਤ ਦਾ ਮਾਣ ਵਧਾਇਆ ਹੈ।