ਦੀਵਾਨ ਦੇ ਵਿੱਦਿਅਕ ਅਦਾਰਿਆਂ ਨੂੰ ਹਰਿਆ-ਭਰਿਆ ਰੱਖਣ ਦੇ ਨਿਰਦੇਸ਼
ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 2 ਮਾਰਚ
ਚੀਫ਼ ਖ਼ਾਲਸਾ ਦੀਵਾਨ ਵੱਲੋਂ ਦੀਵਾਨ ਸਕੂਲਾਂ/ਕਾਲਜਾਂ ਨੂੰ ਹਰਿਆ-ਭਰਿਆ ਰੱਖਣ ਅਤੇ ਬੱਚਿਆਂ ਨੂੰ ਵਾਤਾਵਰਨ ਪ੍ਰਤੀ ਜਾਗੂਰਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਤੋਂ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਦੇ ਦਸਤਖਤਾਂ ਹੇਠ ਜਾਰੀ ਪੱਤਰ ਵਿੱਚ ਪ੍ਰਿੰਸੀਪਲਾਂ ਨੂੰ ਸਮੂਹ ਸਕੂਲਾਂ ਵਿੱਚ ਫਲਦਾਰ ਅਤੇ ਫੁੱਲਦਾਰ ਬੂਟੇ ਲਗਾ ਕੇ ਸਿਹਤ ਦੇ ਨਾਲ-ਨਾਲ ਵਾਤਾਵਰਨ ਦੀ ਸਫ਼ਾਈ ਤੇ ਸੁੰਦਰਤਾ ਵਧਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਕੂਲਾਂ ਵਿੱਚ ਹਰੇਕ ਵਿਦਿਆਰਥੀ ਨੂੰ ਘੱਟੋ-ਘੱਟ ਇੱਕ ਬੂਟਾ ਲਗਾਉਣ ਲਈ ਉਤਸ਼ਾਹਿਤ ਕਰਨ ਅਤੇ ਬੱਚਿਆਂ ਨੂੰ ਬੂਟਿਆਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਦੇ ਕੇ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ। ਉਨ੍ਹਾਂ ਪ੍ਰਿੰਸੀਪਲਾਂ ਨੂੰ ਚੀਫ਼ ਖ਼ਾਲਸਾ ਦੀਵਾਨ ਵਾਤਾਵਰਨ ਕਮੇਟੀ ਦੇ ਸਹਿਯੋਗ ਨਾਲ ਸਕੂਲਾਂ ਦੇ ਵਿਹੜੇ ਵਿੱਚ 35 ਕਿਸਮ ਦੇ ਫਲਦਾਰ ਤੇ ਫੁੱਲਦਾਰ ਪੌਦਿਆਂ ਦੀ ਸੂਚੀ ਭੇਜ ਕੇ ਮੁਫ਼ਤ ਬੂਟੇ ਲਗਵਾਉਣ ਦਾ ਸੱਦਾ ਦਿੱਤਾ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਜਗਜੀਤ ਸਿੰਘ ਅਤੇ ਐਡੀ. ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਨੇ ਦੱਸਿਆ ਕਿ ਅੱਗੇ ਵੀ ਦੀਵਾਨ ਦੇ ਹਰੇਕ ਸਕੂਲ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ‘ਗਰੀਨ ਸਕੂਲ’ ਬਣਾਉਣ ਦੇ ਯਤਨ ਜਾਰੀ ਰਹਿਣਗੇ।