ਦੋ ਕੈਬਨਿਟ ਮੰਤਰੀਆਂ ਵੱਲੋਂ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ
ਪਰਮਜੀਤ ਸਿੰਘ
ਫ਼ਾਜ਼ਿਲਕਾ, 10 ਮਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਜਾਰੀ ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕਰਨ ਦੇ ਨਾਲ-ਨਾਲ ਸਿਵਲ ਹਸਪਤਾਲ ਵਿੱਚ ਤਿਆਰੀਆਂ ਦਾ ਜਾਇਜ਼ਾ ਲਿਆ। ਦੋਵਾਂ ਮੰਤਰੀਆਂ ਨੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਲੋਕਾਂ ਨੂੰ ਮਿਲ ਕੇ ਉਨ੍ਹਾਂ ਦਾ ਹੌਸਲਾ ਵੀ ਵਧਾਇਆ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਸਰਹੱਦੀ ਇਲਾਕੇ ਦੇ ਲੋਕਾਂ ਨਾਲ ਡਟ ਕੇ ਖੜ੍ਹੀ ਹੈ। ਇਸ ਦੌਰਾਨ ਦੋਹਾਂ ਮੰਤਰੀਆਂ ਨੇ ਫਾਜ਼ਿਲਕਾ ਦੇ ਸਿਵਲ ਹਸਪਤਾਲ ਦਾ ਦੌਰਾ ਵੀ ਕੀਤਾ ਅਤੇ ਦੱਸਿਆ ਕਿ ਇੱਥੇ ਬੈੱਡ ਅਤੇ ਦਵਾਈਆਂ ਲੋੜ ਅਨੁਸਾਰ ਉਪਲੱਬਧ ਹਨ। ਉਨ੍ਹਾਂ ਕਿਹਾ ਕਿ ਸਿਵਲ, ਪੁਲੀਸ ਅਤੇ ਸਿਹਤ ਵਿਭਾਗ ਦਾ ਅਮਲਾ 24 ਘੰਟੇ ਸਥਿਤੀ ’ਤੇ ਨਜ਼ਰ ਰੱਖ ਰਿਹਾ ਹੈ ਅਤੇ ਆਪਣੇ ਲੋਕਾਂ ਦੀ ਬਿਹਤਰੀ ਲਈ ਕੰਮ ਕਰ ਰਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਨਾਲ ਹੈ। ਦੋਵਾਂ ਮੰਤਰੀਆਂ ਵੱਲੋਂ ਫਾਜ਼ਿਲਕਾ ਦੇ ਬਾਜ਼ਾਰਾਂ ਦਾ ਦੌਰਾ ਕਰ ਕੇ ਇੱਥੇ ਆਮ ਲੋਕਾਂ ਅਤੇ ਦੁਕਾਨਦਾਰਾਂ ਨਾਲ ਵੀ ਗੱਲਬਾਤ ਕੀਤੀ ਗਈ। ਇਸ ਦੌਰੇ ਦੌਰਾਨ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ, ਬਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ, ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਹਾਜ਼ਰ ਸਨ। ਇਸ ਮੌਕੇ ਐੱਸਐੱਸਪੀ ਵਰਿੰਦਰ ਸਿੰਘ ਬਰਾੜ, ਏਡੀਸੀ ਜਨਰਲ ਡਾ. ਮਨਦੀਪ ਕੌਰ, ਏਡੀਸੀ ਵਿਕਾਸ ਸੁਭਾਸ਼ ਚੰਦਰ ਐੱਸਡੀਐੱਮ ਕੰਵਰਜੀਤ ਸਿੰਘ ਮਾਨ ਅਤੇ ਵੀਰਪਾਲ ਕੌਰ ਵੀ ਹਾਜ਼ਰ ਸਨ।