ਧਾਰੀਵਾਲ ’ਚ 25 ਕਰੋੜ ਨਾਲ ਪਾਇਆ ਜਾਵੇਗਾ ਸੀਵਰੇਜ: ਸੇਖਵਾਂ
ਕੇਪੀ ਸਿੰਘ
ਗੁਰਦਾਸਪੁਰ, 4 ਜੁਲਾਈ
ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਆਪਣੇ ਦਫ਼ਤਰ ਵਿੱਚ ਲੋਕ ਨਿਰਮਾਣ ਵਿਭਾਗ, ਸੀਵਰੇਜ ਬੋਰਡ, ਪਾਵਰਕੌਮ, ਨਗਰ ਕੌਂਸਲ ਧਾਰੀਵਾਲ ਅਤੇ ਕਾਦੀਆਂ ਦੇ ਈਓ, ਸਿੰਜਾਈ ਤੇ ਡਰੇਨਜ਼ ਵਿਭਾਗ, ਪੰਚਾਇਤ ਵਿਭਾਗ ਅਤੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਮੀਟਿੰਗ ਦੌਰਾਨ ਸ੍ਰੀ ਸੇਖਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਾਰੀਵਾਲ ਸ਼ਹਿਰ ਲਈ ਸੀਵਰੇਜ ਪਾਉਣ ਅਤੇ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਦਾ ਨਵਾਂ ਪ੍ਰਾਜੈਕਟ ਮਨਜ਼ੂਰ ਕੀਤਾ ਗਿਆ ਹੈ। ਇਸ ਲਈ ਸਰਕਾਰ ਨੇ 25 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।
ਲੋਕ ਨਿਰਮਾਣ ਵਿਭਾਗ ਦੀ ਪ੍ਰਗਤੀ ਦਾ ਮੁਲਾਂਕਣ ਕਰਦਿਆਂ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੀਆਂ ਪ੍ਰਮੁੱਖ ਸੜਕਾਂ ਦੇ ਨਾਲ ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਮੁਰੰਮਤ ਦਾ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਹੈ। ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਨਾਲਿਆਂ ਦੀ ਸਫ਼ਾਈ ਯਕੀਨੀ ਬਣਾਉਣ ਲਈ ਕਿਹਾ।
ਸ੍ਰੀ ਸੇਖਵਾਂ ਨੇ ਸੈਰ-ਸਪਾਟਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਛੰਭ ਦੇ ਰੱਖ-ਰਖਾਅ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।