ਨਗਰ ਨਿਗਮ ਦੇ ਘਾਟੇ ਲਈ ਭਾਜਪਾ ਜ਼ਿੰਮੇਵਾਰ: ਤਿਵਾੜੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਜੂਨ
ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਇਕ ਸਾਲ ਦਾ ਕਾਰਜਕਾਲ ਪੂਰਾ ਹੋਣ ’ਤੇ ਅੱਜ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਸ੍ਰੀ ਤਿਵਾੜੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦ ਹੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਸੰਸਦ ਮੈਂਬਰ ਤਿਵਾੜੀ ਨੇ ਵੱਖ-ਵੱਖ ਥਾਵਾਂ ’ਤੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਸਣੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਨਾਲ ਮੌਜੂਦ ਰਹੇ।
ਸ੍ਰੀ ਤਿਵਾੜੀ ਨੇ ਪਹਿਲਾਂ ਮੌਲੀ ਜੱਗਰਾਂ ਵਿੱਚ ਲਗਾਏ ਨਵੇਂ ਸੀਸੀਟੀਵੀ ਕੈਮਰਿਆਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਕਲੋਨੀ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਕਰਨ ਲਈ ਸੀਸੀਟੀਵੀ ਕੈਮਰਿਆਂ ਦੀ ਵਧੇਰੇ ਜ਼ਰੂਰਤ ਸੀ। ਸ੍ਰੀ ਤਿਵਾੜੀ ਨੇ ਚੰਡੀਗੜ੍ਹ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਚੰਡੀਗੜ੍ਹ ਸ਼ਹਿਰ ਦੀ ਸੁੰਦਰਤਾ ਨੂੰ ਬਣਾਏ ਰੱਖਣ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਕਾਰਜਕਾਲ ਵਿੱਚ ਸ਼ਹਿਰ ਦੇ ਵਿਕਾਸ ਦੀ ਰਫ਼ਤਾਰ ਰੁਕ ਗਈ ਸੀ। ਇਸੇ ਕਰ ਕੇ ਅੱਜ ਚੰਡੀਗੜ੍ਹ ਨਗਰ ਨਿਗਮ ਨੂੰ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੰਸਦ ਵਿੱਚ ਚੁੱਕਣਗੇ ਅਤੇ ਉਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਗੇ।
ਇਸ ਦੇ ਨਾਲ ਹੀ ਸ੍ਰੀ ਤਿਵਾੜੀ ਨੇ ਡੱਡੂਮਾਜਰਾ ਵਿੱਚ ਡੰਪਿੰਗ ਗਰਾਊਂਡ ਦਾ ਦੌਰਾ ਕੀਤਾ। ਇਸ ਤੋਂ ਬਾਅਦ ਡੱਡੂਮਾਜਰਾ ਕਲੋਨੀ ਵਿੱਚ ਜਨਤਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇੱਥੇ ਕਾਂਗਰਸੀ ਆਗੂ ਮਮਤਾ ਡੋਗਰਾ ਤੇ ਬਲਾਕ ਪ੍ਰਧਾਨ ਹਰਜਿੰਦਰ ਸਿੰਘ ਪ੍ਰਿੰਸ ਦੀ ਅਗਵਾਈ ਵਿੱਚ ਵੱਡੀ ਗਿਣਤੀ ਲੋਕਾਂ ਨੇ ਮਨੀਸ਼ ਤਿਵਾੜੀ ਦਾ ਸਵਾਗਤ ਕੀਤਾ। ਇਸ ਦੌਰਾਨ ਸ੍ਰੀ ਤਿਵਾੜੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਕਿਹਾ ਕਿ ਭਾਜਪਾ ਦੇ 10 ਸਾਲਾਂ ਦੇ ਕਾਰਜਕਾਲ ਵਿੱਚ ਸ਼ਹਿਰ ਦਾ ਉਹ ਵਿਕਾਸ ਨਹੀਂ ਹੋ ਸਕਿਆ ਹੈ, ਜੋ ਮਨੀਸ਼ ਤਿਵਾੜੀ ਨੇ ਇਕ ਸਾਲ ਵਿੱਚ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਲਈ ਹੋਰ ਵੀ ਕਈ ਵੱਡੇ ਪ੍ਰਾਜੈਕਟ ਕੇਂਦਰ ਸਰਕਾਰ ਤੋਂ ਪਾਸ ਕਰਵਾਏ ਜਾਣਗੇ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਜਸਬੀਰ ਸਿੰਘ ਬੰਟੀ, ਡਿਪਟੀ ਮੇਅਰ ਤਰੁਣਾ ਮਹਿਤਾ, ਸਾਬਕਾ ਮੇਅਰ ਰਵਿੰਦਰ ਪਾਲੀ, ਚੰਦਰਮੁਖੀ ਸ਼ਰਮਾ, ਪਵਨ ਦੇਵਗਨ, ਵਸੀਮ ਮੀਰ, ਸੁਰਜੀਤ ਢਿੱਲੋਂ, ਮੁਕੇਸ਼ ਰਾਏ ਤੇ ਹੋਰ ਕਾਂਗਰਸੀ ਵਰਕਰ ਮੌਜੂਦ ਰਹੇ।