ਪਠਾਨਕੋਟ (ਐੱਨਪੀ ਧਵਨ): ਪਠਾਨਕੋਟ ਜ਼ਿਲ੍ਹੇ ਦੇ ਸਰਹੱਦੀ ਬਲਾਕ ਨਰੋਟ ਜੈਮਲ ਸਿੰਘ ਦੇ ਬੀਡੀਪੀਓ ਦਿਲਬਾਗ ਸਿੰਘ ਦੀਆਂ ਗੈਰਹਾਜ਼ਰੀ ਦੀਆਂ ਸ਼ਿਕਾਇਤਾਂ ਮਿਲਣ ’ਤੇ ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਵੱਲੋਂ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ 4 ਫਰਵਰੀ ਨੂੰ ਡਿਪਟੀ ਕਮਿਸ਼ਨਰ ਪਠਾਨਕੋਟ ਆਦਿੱਤਿਆ ਉਪਲ ਵੱਲੋਂ ਬੀਡੀਪੀਓ ਵਿਰੁੱਧ ਮਿਲੀਆਂ ਸ਼ਿਕਾਇਤਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚ ਉਸ ਦੀ ਹਾਜ਼ਰੀ ਦੀ ਵੀ ਜਾਂਚ ਕੀਤੀ ਗਈ। ਜਾਂਚ ਦੇ ਆਧਾਰ ’ਤੇ ਬੀਡੀਪੀਓ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਅਗਲੇਰੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਬੀਡੀਪੀਓ ਨਰੋਟ ਜੈਮਲ ਸਿੰਘ ਵਿਰੁੱਧ ਲਗਾਤਾਰ ਗੈਰਹਾਜ਼ਰੀ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਤੋਂ ਇਲਾਵਾ ਪੰਚਾਇਤੀ ਗ੍ਰਾਂਟਾਂ ਵਿੱਚ ਬੇਨਿਯਮੀਆਂ ਅਤੇ ਕੰਮ ਵਿੱਚ ਲਾਪਰਵਾਹੀ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆਈਆਂ ਸਨ। ਇੰਨ੍ਹਾਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਪੰਚਾਇਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਬੀਡੀਪੀਓ ਦਿਲਬਾਗ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ ਤੇ ਉਨ੍ਹਾਂ ਦੇ ਕੰਮ ਵਿੱਚ ਲਾਪ੍ਰਵਾਹੀ ਨਾਲ ਸਬੰਧਿਤ ਮਾਮਲਿਆਂ ਦੀ ਜਾਂਚ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।