ਨਸ਼ਾ ਛੁਡਾਊ ਕੇਂਦਰਾਂ ਦੀ ਇਲਾਜ ਪ੍ਰਣਾਲੀ ’ਚ ਹੋਵੇਗਾ ਸੁਧਾਰ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਸਤੰਬਰ
ਓਓਏਟੀ (ਆਉਟਪੇਸ਼ੈਂਟ ਓਪੀਆਡ ਅਸਿਸਟਡ ਟਰੀਟਮੈਂਟ) ਕਲੀਨਿਕਾਂ ਅਤੇ ਸਰਕਾਰੀ ਨਸ਼ਾ-ਛੁਡਾਊ ਕੇਂਦਰਾਂ ਵਿੱਚ ਇਲਾਜ ਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਸੂਬਾ ਸਰਕਾਰ ‘ਟੇਕ ਹੋਮ ਡੋਜ਼’ ਸਰਵਿਸ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਜੋ ਨਸ਼ਾ-ਛੁਡਾਊ ਪ੍ਰੋਗਰਾਮ ਅਧੀਨ ਬਿਲਕੁਲ ਮੁਫ਼ਤ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 35 ਸਰਕਾਰੀ ਨਸ਼ਾ ਛੁਡਾਊ ਕੇਂਦਰ ਅਤੇ 181 ਓ.ਓ.ਏ.ਟੀ. ਕਲੀਨਿਕ ਚਲਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਸੂਬੇ ਭਰ ਦੇ ਇਕ ਲੱਖ ਤੋਂ ਵੱਧ ਮਰੀਜ਼ਾਂ ਨੂੰ ਨਸ਼ਾ ਛੁਡਾਉਣ ਸਬੰਧੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਇਹ ਵੇਖਣ ਵਿੱਚ ਆਇਆ ਹੈ ਕਿ ਡੇਢ ਸਾਲ ਦੇ ਮੁਕੰਮਲ ਇਲਾਜ ਦੇ ਕੋਰਸ ਲਈ ਕਈ ਮਰੀਜ਼ਾਂ ਨੂੰ ਰੋਜ਼ਾਨਾ ਇਲਾਜ ਲਈ ਓ.ਓ.ਏ.ਟੀ. ਕਲੀਨਿਕਾਂ ਵਿੱਚ ਆਉਣਾ ਕਾਫ਼ੀ ਮੁਸ਼ਕਿਲ ਹੁੰਦਾ ਹੈ। ਇਸ ਨਾਲ ਨਸ਼ਾ ਛੁਡਾਊ ਪ੍ਰੋਗਰਾਮਾਂ ਅਧੀਨ ਚਲਾਈਆਂ ਸਹੂਲਤਾਂ ਵੀ ਪ੍ਰਭਾਵਿਤ ਹੁੰਦੀਆਂ ਹਨ। ਇਹ ਚਿੰਤਾ ਦਾ ਵਿਸ਼ਾ ਹੈ ਕਿ ਰੋਜ਼ਾਨਾ 500 ਤੋਂ 600 ਮਰੀਜ਼ ਓ.ਓ.ਏ.ਟੀ. ਕਲੀਨਿਕਾਂ ਵਿਖੇ ਇਲਾਜ ਲਈ ਆਉਂਦੇ ਹਨ ਅਤੇ ਟੇਕ ਹੋਮ ਡੋਜ਼ ਦੀ ਵਿਵਸਥਾ ਉਪਲੱਬਧ ਨਾ ਹੋਣ ਕਰਕੇ ਜ਼ਿਆਦਾਤਰ ਮਰੀਜ਼ ਇਲਾਜ ਲਈ ਇੱਥੇ ਆਉਣਾ ਛੱਡ ਦਿੰਦੇ ਹਨ। ਇਨ੍ਹਾਂ ਸਾਰੇ ਤੱਥਾਂ ਦੇ ਸਮੀਖਿਆ ਕਰਨ ਉਪਰੰਤ ਓ.ਓ.ਏ.ਟੀ. ਕਲੀਨਿਕਾਂ ਵਿਖੇ ਇਲਾਜ ਪ੍ਰਣਾਲੀ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਨਸ਼ਾ-ਛੁਡਾਊ ਪ੍ਰੋਗਰਾਮ ਅਧੀਨ ਬੁਪਰੀਨੌਰਫਿਨ-ਨਾਲੌਕਸੋਨ ਦੀ ਟੇਕ ਹੋਮ ਡੋਜ਼ ਸਰਵਿਸ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਸਰਕਾਰੀ ਸੰਸਥਾਵਾਂ ਤੋਂ ਇਲਾਵਾ ਨਿੱਜੀ ਮਨੋਰੋਗ ਚਿਕਿਤਸਕ ਕਲੀਨਿਕਾਂ ਨੂੰ ਵੀ ਜਲਦ ਹੀ ਟੇਕ ਹੋਮ ਡੋਜ਼ ਸਰਵਿਸ ਮੁਹੱਈਆ ਕਰਵਾਉਣ ਦੀ ਆਗਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦ ਹੀ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਅਤੇ ਓ.ਓ.ਏ.ਟੀ. ਕਲੀਨਿਕਾਂ ਦੀ ਫਾਰਮੈਸੀ ਤੋਂ ਬੁਪਰੀਨੌਰਫਿਨ-ਨਾਲੌਕਸੋਨ ਦੀਆਂ 10 ਗੋਲੀਆਂ ਦਾ ਪੱਤਾ 60 ਰੁਪਏ ਵਿੱਚ ਉਪਲੱਬਧ ਹੋਵੇਗਾ।