ਨਸ਼ਾ ਤਸਕਰੀ: ਇੰਸਪੈਕਟਰ ਦੇ ਗ੍ਰਿਫ਼ਤਾਰੀ ਵਰੰਟ ਜਾਰੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 20 ਸਤੰਬਰ
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਤਤਕਾਲੀ ਇੰਚਾਰਜ ਤੇ ਸੀਨੀਅਰ ਇੰਸਪੈਕਟਰ ਸਤਵੰਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਐਸਟੀਐਫ਼ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫ਼ਤਾਰ ਸਬ-ਇੰਸਪੈਕਟਰ ਸੁਖਮੰਦਰ ਸਿੰਘ ਦੇ ਮਾਮਲੇ ਵਿੱਚ ਸੀਆਈਏ ਦੇ ਸਾਬਕਾ ਇੰਚਾਰਜ ਸਤਵੰਤ ਸਿੰਘ ਸਿੱਧੂ ਨੂੰ ਵੀ ਧਾਰਾ 120-ਬੀ ਦੇ ਤਹਿਤ ਨਾਮਜ਼ਦ ਕੀਤਾ ਸੀ ਅਤੇ ਪਿਛਲੇ ਦਿਨੀਂ ਮੁਹਾਲੀ ਅਦਾਲਤ ਨੇ ਇੰਸਪੈਕਟਰ ਸਿੱਧੂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਅੱਜ ਮੁਹਾਲੀ ਅਦਾਲਤ ਨੇ ਐਸਟੀਐਫ਼ ਦੀ ਅਰਜ਼ੀ ’ਤੇ ਸੁਣਵਾਈ ਕਰਦਿਆਂ ਸਤਵੰਤ ਸਿੰਘ ਸਿੱਧੂ ਦੇ ਗ੍ਰਿਫ਼ਤਾਰੀ ਵਰੰਟ ਜਾਰੀ ਕੀਤੇ ਹਨ। ਇਸ ਗੱਲ ਦੀ ਪੁਸ਼ਟੀ ਐੱਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅਦਾਲਤ ਨੇ 6 ਨਵੰਬਰ ਤੱਕ ਸਿੱਧੂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ 16 ਸਤੰਬਰ ਨੂੰ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਜੇ ਅਗਨੀਹੋਤਰੀ ਨੇ ਪੁਲੀਸ ਅਧਿਕਾਰੀ ਦੀ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ। ਇੰਝ ਹੀ ਐੱਸਟੀਐਫ਼ ਵੱਲੋਂ ਗ੍ਰਿਫ਼ਤਾਰ ਕੀਤੇ ਸਬ-ਇੰਸਪੈਕਟਰ ਸੁਖਮੰਦਰ ਸਿੰਘ, ਨਸ਼ਾ ਮਾਮਲੇ ਵਿੱਚ ਜਯੋਤੀ, ਮਨਿੰਦਰ ਸਿੰਘ ਸ਼ੈਟੀ ਅਤੇ ਲਵਪ੍ਰੀਤ ਸਿੰਘ ਵੱਲੋਂ ਵੀ ਅਦਾਲਤ ਵਿੱਚ ਜ਼ਮਾਨਤਾਂ ਦੀਆਂ ਅਰਜ਼ੀਆਂ ਦਾਇਰ ਕੀਤੀਆਂ ਗਈਆਂ ਸਨ। ਅਦਾਲਤ ਨੇ ਇਨ੍ਹਾਂ ਵਿਅਕਤੀਆਂ ਨੂੰ ਵੀ ਜ਼ਮਾਨਤਾਂ ਦੇਣ ਤੋਂ ਕੋਰਾ ਜਵਾਬ ਦੇ ਦਿੱਤਾ ਸੀ। ਇੰਸਪੈਕਟਰ ਸਿੱਧੂ ਨੂੰ ਛੱਡ ਕੇ ਬਾਕੀ ਸਾਰੇ ਮੁਲਜ਼ਮ ਇਸ ਸਮੇਂ ਨਿਆਇਕ ਹਿਰਾਸਤ ਅਧੀਨ ਰੂਪਨਗਰ ਜੇਲ੍ਹ ਵਿੱਚ ਬੰਦ ਹਨ। ਸਬ-ਇੰਸਪੈਕਟਰ ਸੁਖਮੰਦਰ ਸਿੰਘ ਦੀ ਗ੍ਰਿਫ਼ਤਾਰੀ ਹੋਣ ਤੋਂ ਬਾਅਦ ਐੱਸਐੱਸਪੀ ਨੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਸੀ। ਹਾਲਾਂਕਿ ਇੰਸਪੈਕਟਰ ਸਿੱਧੂ ਨੂੰ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਆਖਿਆ ਗਿਆ ਸੀ ਪਰ ਉਸ ਨੇ ਐੱਸਟੀਐਫ਼ ਦਾ ਸਾਥ ਨਹੀਂ ਦਿੱਤਾ।

Tags :