ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਚੱਲਿਆ ਪੀਲਾ ਪੰਜਾ
ਸੁੱਚਾ ਸਿੰਘ ਪਸਨਾਵਾਲ
ਕਾਦੀਆਂ, 31 ਜਨਵਰੀ
ਅੱਜ ਇਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵਖਤੇ ਪਹੁੰਚੇ ਵਧੀਕ ਡਿਪਟੀ ਕਮਿਸਨਰ (ਸ਼ਹਿਰੀ ਵਿਕਾਸ) ਹਰਜਿੰਦਰ ਸਿੰਘ ਬੇਦੀ ਦੀ ਅਗਵਾਈ ਹੇਠ ਨਗਰ ਕੌਂਸਲ ਕਾਦੀਆਂ ਦੇ ਈਓ ਭੁਪਿੰਦਰ ਸਿੰਘ ਅਤੇ ਨਗਰ ਕੌਂਸਲ ਦੀ ਟੀਮ ਵੱਲੋਂ ਸਵੇਰੇ ਤੜਕੇ ਕਰੀਬ 5 ਵਜੇ ਪੀਲਾ ਪੰਜਾ ਚਲਾ ਕੇ ਸ਼ਹਿਰ ਦੇ ਮੁੱਖ ਬਜ਼ਾਰ ਵਿੱਚੋਂ ਦੁਕਾਨਾਂ ਅੱਗੇ ਕੀਤੇ ਨਾਜਾਇਜ਼ ਕਬਜ਼ੇ ਹਟਵਾਏ ਗਏ ਅਤੇ ਸਬਜ਼ੀਆਂ ਤੇ ਫਲਾਂ ਦੀਆਂ ਰੇਹੜੀਆਂ-ਫੜ੍ਹੀਆਂ ਦੇ ਅੱਡਿਆਂ ਨੂੰ ਹਟਾਇਆ ਗਿਆ। ਇਸ ਦੌਰਾਨ ਸ਼ਹਿਰ ਵਿੱਚੋਂ ਲੰਘਦੀ ਮੁੱਖ ਸੜਕ ਉਪਰ ਪ੍ਰਭਾਕਰ ਚੌਕ, ਬੁੱਟਰ ਚੌਕ, ਸ਼ਹੀਦ ਭਗਤ ਸਿੰਘ ਚੌਕ ਆਦਿ ਸਮੇਤ ਸਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਦੁਕਾਨਾਂ ਦੇ ਅੱਗੇ ਕੀਤੇ ਨਾਜਾਇਜ਼ ਵਾਧੇ ਅਤੇ ਰੋਕਾਂ ਨੂੰ ਹਟਾਇਆ ਗਿਆ। ਇਸ ਮੌਕੇ ਡੀਐੱਸਪੀ ਹਰਕ੍ਰਿਸ਼ਨ ਸਿੰਘ, ਥਾਣਾ ਕਾਦੀਆਂ ਦੇ ਮੁਖੀ ਨਿਰਮਲ ਸਿੰਘ ਤੇ ਹੋਰ ਪੁਲੀਸ ਕਰਮਚਾਰੀ ਵੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਨੇ ਕਿਹਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸ਼ਹਿਰ ਦੇ ਬਾਜ਼ਾਰਾਂ ਵਿੱਚ ਨਾਜਾਇਜ਼ ਕਬਜ਼ਿਆਂ ਕਾਰਨ ਅਕਸਰ ਹੀ ਬਾਜ਼ਾਰਾਂ ਵਿੱਚ ਟਰੈਫਿਕ ਸਮੱਸਿਆ ਕਾਰਨ ਕਈ ਵਾਰ ਐਂਬੂਲੈਂਸ, ਸਕੂਲੀ ਬੱਚਿਆਂ ਨੂੰ ਲੈ ਕੇ ਬੱਸਾਂ ਤੇ ਹੋਰ ਐਮਰਜੈਂਸੀ ਵਾਹਨ ਇਸ ਜਾਮ ਵਿੱਚ ਫਸ ਜਾਂਦੇ ਹਨ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਨਾਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਕੀਤੀ ਗਈ ਹੈ। ਏਡੀਸੀ ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਇਸ ਕਾਰਵਾਈ ਤੋਂ ਦੋ ਦਿਨ ਪਹਿਲਾਂ ਨਗਰ ਕੌਂਸਲ ਕਾਦੀਆਂ ਵੱਲੋਂ ਸ਼ਹਿਰ ਵਿੱਚ ਮੁਨਾਦੀ ਰਾਹੀਂ ਦੁਕਾਨਦਾਰਾਂ ਨੂੰ ਕਬਜ਼ੇ ਹਟਾਉਣ ਦੀ ਅਪੀਲ ਕੀਤੀ ਗਈ ਸੀ। ਜਿਸ ’ਤੇ ਕੁਝ ਦੁਕਾਨਦਾਰਾਂ ਨੇ ਖੁਦ ਹੀ ਕਬਜ਼ੇ ਹਟਾ ਲਏ ਸਨ ਅਤੇ ਪਰ ਕਈ ਦੁਕਾਨਦਾਰਾਂ ਵੱਲੋਂ ਆਪਣੇ ਕਬਜ਼ੇ ਨਾ ਹਟਾਉਣ ਕਾਰਨ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਕਾਰਵਾਈ ਕਰਨੀ ਪਈ ਹੈ। ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਨੇ ਕਿਹਾ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬਾਜ਼ਾਰਾਂ ਵਿੱਚੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਦੁਕਾਨਦਾਰਾਂ ਨੇ ਬਾਜ਼ਾਰ ਬੰਦ ਕਰਕੇ ਧਰਨਾ ਦਿੱਤਾ
ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੀ ਕਾਰਵਾਈ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਸ਼ਹਿਰ ਦੇ ਬਾਜ਼ਾਰ ਬੰਦ ਕਰਕੇ ਥਾਣੇ ਨੇੜੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਧਰਨਾ ਲਾ ਕੇ ਆਵਾਜਾਈ ਠੱਪ ਰੱਖੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਕਾਦੀਆਂ ਇੰਚਾਰਜ ਗੁਰਇਕਬਾਲ ਸਿੰਘ ਮਾਹਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਮਾਹਲ, ਆਰਐੱਸਐੱਸ ਦੇ ਆਗੂ ਦਰਸ਼ਨ ਸਿੰਘ ਭਾਟੀਆ ਆਦਿ ਨੇ ਧਰਨਾਕਾਰੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਇਸ ਕਾਰਵਾਈ ਦੀ ਨਿਖੇਧੀ ਕੀਤੀ।