ਨਾਜਾਇਜ਼ ਕਲੋਨੀ ਉੱਪਰ ਚੱਲਿਆ ਪੀਲਾ ਪੰਜਾ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਜੁਲਾਈ
ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਕੱਥੂਨੰਗਲ ਦੇ ਪੁਲੀਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ’ਤੇ ਪੈਂਦੇ ਪਿੰਡ ਪਾਖਰਪੁਰਾ ਵਿੱਚ ਬਣ ਰਹੀ ਅਣ-ਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀ ਨੂੰ ਢਾਹ ਦਿੱਤਾ ਗਿਆ।
ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਨੇ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਨ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਪਾਖਰਪੁਰਾ ਵਿੱਚ ਵਿਕਸਿਤ ਕੀਤੀ ਜਾ ਰਹੀ ਨਵੀਂ ਅਣ-ਅਧਿਕਾਰਤ ਕਲੋਨੀ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਇਸ ਨੂੰ ਢਹਿ-ਢੇਰੀ ਕਰਨ ਦੀ ਕਾਰਵਾਈ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਇਸ ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਨੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਅਤੇ ਨੋਟਿਸ ਜਾਰੀ ਹੋਣ ਦੇ ਬਾਵਜੂਦ ਅਣ-ਅਧਿਕਾਰਤ ਕਲੋਨੀ ਸਬੰਧੀ ਸਪੱਸ਼ਟੀਕਰਨ ਦੇਣ ਦੀ ਬਜਾਇ ਮੌਕੇ ’ਤੇ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਿਆ ਗਿਆ। ਇਸ ਤਹਿਤ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਸ ਤੋਂ ਇਲਾਵਾ ਇਸ ਅਣ-ਅਧਿਕਾਰਤ ਕਲੋਨੀ ਖ਼ਿਲਾਫ਼ ਪਹਿਲਾਂ ਵੀ 31 ਦਸੰਬਰ 2024 ਰਾਹੀਂ ਕਾਰਵਾਈ ਕੀਤੀ ਗਈ ਸੀ, ਪਰ ਕਲੋਨੀ ਦੇ ਮਾਲਕਾਂ ਵੱਲੋਂ ਦੁਬਾਰਾ ਵਿਕਾਸ ਦੇ ਕੰਮ ਸ਼ੁਰੂ ਕਰ ਲਏ ਸਨ। ਇਸ ਕਰ ਕੇ ਹੁਣ ਨਵੇਂ ਕੀਤੇ ਵਿਕਾਸ ਕਰਾਜਾਂ ਨੂੰ ਮੁੜ ਢਾਹਿਆ ਗਿਆ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ।