ਨਿਗਮ ਨੇ ਨਾਜਾਇਜ਼ ਰੇਹੜੀਆਂ-ਫੜ੍ਹੀਆਂ ਖ਼ਿਲਾਫ਼ ਸ਼ਿਕੰਜਾ ਕੱਸਿਆ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 9 ਜੂਨ
ਮੁਹਾਲੀ ਨਗਰ ਨਿਗਮ ਵੱਲੋਂ ਕਮਿਸ਼ਨਰ ਪਰਮਿੰਦਰਪਾਲ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਵਿਰੁੱਧ ਸ਼ੁਰੂ ਕੀਤੇ ਅਭਿਆਨ ਤਹਿਤ ਵੱਖ-ਵੱਖ ਮਾਰਕੀਟਾਂ ’ਚੋਂ ਨਾਜਾਇਜ਼ ਕਬਜ਼ੇ ਹਟਾਏ ਗਏ ਤੇ ਨਾਜਾਇਜ਼ ਰੇਹੜੀਆਂ-ਫੜ੍ਹੀਆਂ ਨੂੰ ਜ਼ਬਤ ਕੀਤਾ ਗਿਆ। ਇਹ ਕਾਰਵਾਈ ਮੁਹਾਲੀ ਨਿਗਮ ਦੇ ਸੁਪਰਡੈਂਟ ਅਨਿਲ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਕੀਤੀ।
ਮੁਹਾਲੀ ਨਿਗਮ ਦੇ ਅਸਿਸਟੈਂਟ ਕਮਿਸ਼ਨਰ ਮਨਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਕਮਿਸ਼ਨਰ ਦੇ ਹੁਕਮਾਂ ’ਤੇ ਸ਼ਹਿਰ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਆਮ ਸ਼ਹਿਰੀਆਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਮਾਰਕੀਟਾਂ ਵਿੱਚ ਲੋਕਾਂ ਨੂੰ ਬਰਾਂਡਿਆਂ ਵਿੱਚ ਚੱਲਣ ਲਈ ਜਗ੍ਹਾ ਨਹੀਂ ਮਿਲਦੀ ਕਿਉਂਕਿ ਜ਼ਿਆਦਾਤਰ ਮਾਰਕੀਟਾਂ ਵਿੱਚ ਦੁਕਾਨਦਾਰਾਂ ਨੇ ’ਤੇ ਆਪਣਾ ਸਾਮਾਨ ਬਰਾਂਡਿਆਂ ਵਿੱਚ ਰੱਖਿਆ ਜਾਂਦਾ ਹੈ ਅਤੇ ਕਈ ਥਾਵਾਂ ’ਤੇ ਰੇਹੜੀ-ਫੜ੍ਹੀ ਵਾਲੇ ਨਾਜਾਇਜ਼ ਕਬਜ਼ਾ ਕਰ ਕੇ ਬੈਠ ਜਾਂਦੇ ਹਨ। ਇਸ ਕਾਰਨ ਮਾਰਕੀਟਾਂ ਵਿੱਚ ਖ਼ਰੀਦਦਾਰੀ ਕਰਨ ਆਉਂਦੇ ਲੋਕਾਂ ਖ਼ਾਸ ਕਰ ਕੇ ਬੀਬੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਅਧਿਕਾਰੀ ਨੇ ਕਿਹਾ ਕਿ ਪਹਿਲਾਂ ਡਿਊਟੀ ਟਾਈਟ ਸ਼ਾਮ ਪੰਜ ਵਜੇ ਤੱਕ ਹੋਣ ਕਰ ਕੇ ਦਿਨ ਸਮੇਂ ਕਬਜ਼ੇ ਹਟਾਏ ਜਾਂਦੇ ਹਨ ਪਰ ਹੁਣ ਇਸ ਕਾਰਵਾਈ ਦਾ ਸਮਾਂ ਰਾਤ 9 ਵਜੇ ਤੱਕ ਵਧਾ ਦਿੱਤਾ ਗਿਆ ਹੈ ਤਾਂ ਜੋ ਕੋਈ ਵਿਅਕਤੀ ਟੀਮ ਦੇ ਚਲੇ ਜਾਣ ਮਗਰੋਂ ਉਸੇ ਥਾਂ ’ਤੇ ਦੁਬਾਰਾ ਆਰਜ਼ੀ ਨਾਜਾਇਜ਼ ਕਬਜ਼ਾ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਇਹ ਕਾਰਵਾਈ ਨਿਰੰਤਰ ਜਾਰੀ ਰਹੇਗੀ ਅਤੇ ਨਾਜਾਇਜ਼ ਕਬਜ਼ਿਆਂ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।