ਨੂਰਪੁਰ ਜੱਟਾਂ ’ਚ ਅੰਬੇਡਕਰ ਦੇ ਬੁੱਤ ਦੀ ਬੇਅਦਬੀ
ਜੰਗ ਬਹਾਦਰ ਸਿੰਘ ਸੇਖੋਂ
ਗੜ੍ਹਸ਼ੰਕਰ, 10 ਜੂਨ
ਇੱਥੋਂ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਅਤੇ ਬੁੱਤ ਦੇ ਨੇੜੇ ਖਾਲਿਸਤਾਨ ਪੱਖੀ ਨਾਅਰੇ ਵਾਲੇ ਪੋਸਟਰ ਲੱਗਣ ਵਾਲੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਨਾਲ ਇਲਾਕੇ ਵਿੱਚ ਮਾਹੌਲ ਤਣਾਅ ਵਾਲਾ ਬਣ ਗਿਆ ਹੈ। ਵੀਡੀਓ ’ਚ ਬੁੱਤ ਦੀ ਬੇਅਦਬੀ ਅਤੇ ਪੋਸਟਰ ਚਿਪਕਾਉਣ ਦੀ ਜ਼ਿੰਮੇਵਾਰੀ ਸਿੱਖਜ਼ ਫਾਰ ਜਸਟਿਸ ਜਥੇਬੰਦੀ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਲਈ ਗਈ ਹੈ। ਜ਼ਿਕਰਯੋਗ ਹੈ ਕਿ ਵੀਡੀਓ ’ਚ ਡਾ. ਅੰਬੇਡਕਰ ਦੇ ਬੁੱਤ ਦੇ ਹੱਥ ਨੂੰ ਬਿਜਲਈ ਕਟਰ ਨਾਲ ਖੰਡਤ ਕੀਤਾ ਜਾ ਰਿਹਾ ਹੈ ਅਤੇ ਖਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ ਲਗਾਏ ਜਾ ਰਹੇ ਹਨ। ਗੁਰਪਤਵੰਤ ਪੰਨੂ ਦਾ ਕਹਿਣਾ ਹੈ ਕਿ ਅੰਬੇਡਕਰ ਵੱਲੋਂ ਬਣਾਏ ਭਾਰਤੀ ਸੰਵਿਧਾਨ ਦੇ ਲੀਗਲ ਦਸਤਾਵੇਜ਼ ਕਰ ਕੇ ਜੂਨ ਤੋਂ ਸਤੰਬਰ 1984 ਤੱਕ ਭਾਰਤੀ ਫ਼ੌਜ ਨੇ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਰਤੀ ਸੰਵਿਧਾਨ ਸਿੱਖਾਂ ਨੂੰ ਉਨ੍ਹਾਂ ਦੀ ਹਿੰਦੂਆਂ ਤੋਂ ਵੱਖਰੀ ਪਛਾਣ ਨਹੀਂ ਦੇ ਰਿਹਾ ਜਿਸ ਕਰਕੇ ਭਾਰਤ ਵਿੱਚ ਸਿੱਖਾਂ ਦੀ ਆਪਣੀ ਆਜ਼ਾਦ ਹੋਂਦ ਹਮੇਸ਼ਾ ਖ਼ਤਰੇ ਵਿੱਚ ਰਹੀ ਹੈ। ਵੀਡੀਓ ’ਚ ਪੰਨੂ ਨੇ ਖਾਲਿਸਤਾਨ ਜ਼ਿੰਦਾਬਾਦ, ਸਿੱਖ ਹਿੰਦੂ ਨਹੀਂ ਹਨ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਜ਼ਿੰਦਾਬਾਦ ਦੇ ਨਾਅਰੇ ਲਗਾਏ ਅਤੇ ਬੁੱਤ ਦੇ ਨੁਕਸਾਨ ਦੀ ਜ਼ਿੰਮੇਵਾਰੀ ਕਬੂਲੀ।
ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ
ਫਿਲੌਰ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਪਿੰਡ ਨੰਗਲ ਵਿੱਚ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਵਾਲੇ ਸਥਾਨ ਦਾ ਜਾਇਜ਼ਾ ਲਿਆ। ਇਸ ਦੌਰਾਨ ਗੜ੍ਹੀ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਡਾ. ਅੰਬੇਡਕਰ ਦਾ ਸਨਮਾਨ ਹਰ ਹਾਲ ਵਿੱਚ ਬਹਾਲ ਰੱਖਿਆ ਜਾਵੇਗਾ ਅਤੇ ਬੁੱਤ ਦਾ ਅਪਮਾਨ ਕਰਨ ਵਾਲਿਆਂ ਨੂੰ ਜੇਲ੍ਹ ਭੇਜਿਆ ਜਾਵੇਗਾ। ਚੇਅਰਮੈਨ ਨੇ ਘਟਨਾ ਸਬੰਧੀ ਪ੍ਰਸ਼ਾਸਨ ਵੱਲੋਂ ਪੇਸ਼ ਰਿਪੋਰਟ ਦੇਖਣ ਉਪਰੰਤ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਚੇਅਰਮੈਨ ਨੇ ਕਿਹਾ ਕਿ ਬੁੱਤ ਦਾ ਨਵ ਨਿਰਮਾਣ ਪ੍ਰਸ਼ਾਸਨ ਦੀ ਨਜ਼ਰਸਾਨੀ ਹੇਠ ਹੋਣਾ ਚਾਹੀਦਾ ਹੈ। ਉਨ੍ਹਾਂ ਪਿੰਡ ਦੀ ਗ੍ਰਾਮ ਸਭਾ ਦੀ ਮੀਟਿੰਗ ਬੁਲਾਉਣ ਦੀ ਵੀ ਸਿਫਾਰਿਸ਼ ਕੀਤੀ ਤਾਂ ਜੋ ਇਕਜੁੱਟਤਾ ਨਾਲ ਕੰਮ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਡਿਪਟੀ ਸਪੀਕਰ ਵੱਲੋਂ ਕਾਰਵਾਈ ਦੇ ਨਿਰਦੇਸ਼
ਸਰਪੰਚ ਸ਼ਿੰਗਾਰਾ ਰਾਮ ਦੀ ਹਾਜ਼ਰੀ ਵਿੱਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਅੱਜ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨਿੰਦਣਯੋਗ ਹੈ ਅਤੇ ਇਸ ਬਾਰੇ ਪੁਲੀਸ ਦੇ ਉੱਚ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਲਈ ਨਿਰਦੇਸ਼ ਦਿੱਤੇ ਗਏ ਹਨ। ਫਿਲਹਾਲ ਪੁਲੀਸ ਨੇ ਘਟਨਾ ਸਥਾਨ ’ਤੇ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ ਅਤੇ ਕਿਸੇ ਨੂੰ ਵੀ ਬੁੱਤ ਦੇ ਨੇੜੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।