ਨੌਜਵਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਠੋਸ ਯਤਨ ਜਾਰੀ: ਭਗਵੰਤ ਮਾਨ
ਗੁਰਦੀਪ ਸਿੰਘ ਲਾਲੀ
ਸੰਗਰੂਰ, 15 ਅਪਰੈਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਸਥਾਨਕ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਡਾਈਟ ਵਿੱਚ 4.16 ਕਰੋੜ ਦੀ ਲਾਗਤ ਨਾਲ ਨਵੇਂ ਬਣੇ ਆਡੀਟੋਰੀਅਮ ਦਾ ਉਦਾਘਟਨ ਕਰਦਿਆਂ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਤੋਂ ਪਹਿਲਾਂ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਮੁੱਖ ਮੰਤਰੀ ਨੂੰ ਗੁਲਦਸਤਾ ਭੇਂਟ ਕਰਦਿਆਂ ਸਵਾਗਤ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਚ ਕੁੱਲ 22 ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾਵਾਂ ਹਨ, ਜਿਨ੍ਹਾਂ ’ਚੋਂ 17 ਚੱਲ ਰਹੀਆਂ ਹਨ, ਜਦੋਂ ਕਿ ਤਰਨ ਤਾਰਨ, ਬਰਨਾਲਾ, ਫਾਜ਼ਿਲਕਾ, ਪਠਾਨਕੋਟ ਅਤੇ ਮੁਹਾਲੀ ਪ੍ਰੀ-ਸਰਵਿਸ ਕੋਰਸਾਂ ਲਈ ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਦੱਸਿਆ ਕਿ ਡਾਈਟ ਸੰਗਰੂਰ ਸਾਲ 1993 ’ਚ ਸਥਾਪਿਤ ਹੋਈ ਸੀ, ਜਿਸ ਨੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਵਿੱਚ ਮੁੱਖ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਇੰਜਨਅਰਿੰਗ ਦਾ ਉੱਤਮ ਨਮੂਨਾ 400 ਸੀਟਾਂ ਵਾਲੇ ਇਸ ਅਤਿ-ਆਧੁਨਿਕ ਆਡੀਟੋਰੀਅਮ ਦੇ ਨਿਰਮਾਣ ’ਤੇ 4.16 ਕਰੋੜ ਰੁਪਏ ਦੀ ਲਾਗਤ ਆਈ ਹੈ। ਇਹ ਆਡੀਟੋਰੀਅਮ ਪ੍ਰਾਜੈਕਟਰਾਂ, ਏਅਰ ਕੰਡੀਸ਼ਨਰ ਤੇ ਹੋਰ ਤਕਨੀਕਾਂ ਸਮੇਤ ਆਧੁਨਿਕ ਤਕਨੀਕੀ ਉਪਕਰਨਾਂ ਨਾਲ ਲੈਸ ਹੈ। ਭਗਵੰਤ ਮਾਨ ਨੇ ਆਖਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਵੱਖ-ਵੱਖ ਪਲੈਟਫਾਰਮ ਮੁਹੱਈਆ ਕਰ ਕੇ ਉਨ੍ਹਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਠੋਸ ਕੋਸ਼ਿਸ਼ਾਂ ਕਰ ਰਹੀ ਹੈ। ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਸ਼ਾਨਦਾਰ ਡਿਜ਼ਾਇਨ ਵਾਲੇ ਇਸ ਆਡੀਟੋਰੀਅਮ ਦੀ ਵਰਤੋਂ ਲੋਕ ਵੱਲੋਂ ਤਰਕਸੰਗਤ ਤਰੀਕੇ ਨਾਲ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਅਜਿਹੇ ਅਤਿ-ਆਧੁਨਿਕ ਆਡੀਟੋਰੀਅਮ ਸਿਰਫ਼ ਵਿਦੇਸ਼ਾਂ ਵਿੱਚ ਬਣਦੇ ਸਨ ਪਰ ਹੁਣ ਸੂਬਾ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਨਾਲ ਅਜਿਹੇ ਸ਼ਾਨਦਾਰ ਆਡੀਟੋਰੀਅਮ ਇੱਥੇ ਵੀ ਬਣ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਆਡੀਟੋਰੀਅਮ ਦੀ ਵਰਤੋਂ ਵਰਕਸ਼ਾਪਾਂ, ਸੈਮੀਨਾਰ ਤੇ ਹੋਰ ਪ੍ਰੋਗਰਾਮ ਕਰਵਾਉਣ ਲਈ ਕੀਤੀ ਜਾਵੇਗੀ, ਜਿਸ ਨਾਲ ਨੌਜਵਾਨਾਂ ਨੂੰ ਸਿਖਲਾਈ ਦੇਣ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਿਦਿਆਰਥੀਆਂ ਨੂੰ ਵਧੀਆ ਪਲੇਟਫਾਰਮ ਮੁਹੱਈਆ ਕਰੇਗਾ, ਜਿਸ ਨਾਲ ਨੌਜਵਾਨ ਜੀਵਨ ਦੇ ਹਰੇਕ ਖ਼ੇਤਰ ਵਿੱਚ ਸਫ਼ਲਤਾ ਹਾਸਲ ਕਰਨ ਦੇ ਯੋਗ ਹੋਣਗੇ। ਉਨ੍ਹਾਂ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਸਖ਼ਤ ਮਿਹਨਤ ਕਰਨ ਦਾ ਸੱਦਾ ਦਿੱਤਾ ਕਿਉਂਕਿ ਪੰਜਾਬ ਦੀ ਧਰਤੀ ’ਤੇ ਤਰੱਕੀ ਤੇ ਖ਼ੁਸ਼ਹਾਲੀ ਦੀਆਂ ਬੇਹੱਦ ਸੰਭਾਵਨਾਵਾਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਨੂੰ ਗਤੀ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ।ਇਸ ਮੌਕੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ, ਡੀਆਈਜੀ ਮਨਦੀਪ ਸਿੰਘ ਸਿੱਧੂ, ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ, ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਚੇਅਰਮਨ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਅਸੋਕ ਕੁਮਾਰ ਲੱਖਾ, ਚੇਅਰਮੈਨ ਅਵਤਾਰ ਸਿੰਘ ਈਲਵਾਲ ਤੋਂ ਇਲਾਵਾ ਸਿੱਖਿਆ ਵਿਭਾਗ ਪੰਜਾਬ ਦੇ ਉਚ ਅਧਿਕਾਰੀ ਅਤੇ ਪ੍ਰਸ਼ਾਸ਼ਨਿਕ ਅਧਿਕਾਰੀ ਮੌਜੂਦ ਸਨ।