ਪਰਵਾਸੀ ਪੰਜਾਬੀਆਂ ਨੂੰ ਵੇਈਂ ਦੀ 25ਵੀਂ ਵਰ੍ਹੇਗੰਢ ਦੇ ਸਮਾਗਮਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ
ਪੱਤਰ ਪ੍ਰੇਰਕ
ਜਲੰਧਰ, 30 ਜੂਨ
ਕੈਨੇਡਾ ਦੀ ਫੇਰੀ ’ਤੇ ਗਏ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਗੁਰੂਘਰਾਂ ਵਿੱਚ ਹੋਏ ਸਮਾਗਮਾਂ ਦੌਰਾਨ ਬੁੱਢੇ ਦਰਿਆ ਦੇ ਪ੍ਰਦੂਸ਼ਣ, ਜਲਵਾਯੂ ਤਬਦੀਲੀਆਂ ਦਾ ਪੰਜਾਬ ਦੀ ਖੇਤੀ ’ਤੇ ਪੈ ਰਿਹਾ ਅਸਰ ਅਤੇ ਪੰਜਾਬ ਦੇ ਸੁੱਕ ਰਹੇ ਨਦੀਆਂ ਤੇ ਦਰਿਆਵਾਂ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਗੁਰੂਘਰ ਵਿੱਚ ਕਰਵਾਏ ਗਏ ਸਮਾਗਮ ਵਿੱਚ ਸ਼ਾਮਲ ਹੁੰਦਿਆ ਹੋਇਆ ਪਰਵਾਸੀ ਪੰਜਾਬੀਆਂ ਨੂੰ ਪਵਿੱਤਰ ਵੇਈਂ ਦੀ 25ਵੀਂ ਵਰ੍ਹੇਗੰਢ ਦੇ ਸਮਾਗਮਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪਵਿੱਤਰ ਵੇਈਂ ਦਾ ਜਲ ਕਾਰ ਸੇਵਾ ਰਾਹੀਂ ਇੰਨਾ ਸਾਫ਼ ਹੋ ਗਿਆ ਹੈ ਕਿ ਇਸ ਦਾ ਟੀਡੀਐੱਸ ਹੁਣ 125 ਤੱਕ ਆ ਗਿਆ ਹੈ। ਉੱਧਰ ਕੈਨੇਡਾ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੇ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਹੈ ਕਿ ਪ੍ਰਦੂਸ਼ਣ ਖ਼ਿਲਾਫ਼ ਸੰਤ ਸੀਚੇਵਾਲ ਵੱਲੋਂ ਛੇੜੀ ਜੰਗ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇਣ। ਸੰਤ ਸੀਚੇਵਾਲ ਨੇ ਸੰਗਤ ਨੂੰ ਜਾਣੂ ਕਰਵਾਇਆ ਕਿ ਸੰਗਤ ਦੇ ਸਹਿਯੋਗ ਨਾਲ ਪੰਜਾਬ ਦੇ ਸਭ ਤੋਂ ਪ੍ਰਦੂਸ਼ਿਤ ਬੁੱਢੇ ਦਰਿਆ ਨੂੰ ਪਵਿੱਤਰ ਵੇਈਂ ਦੀ ਤਰਜ਼ ’ਤੇ ਸਾਫ ਕਰਨ ਦੀ ਕਾਰਸੇਵਾ ਆਰੰਭ ਕੀਤੀ ਗਈ ਹੈ।
ਕੈਨੇਡਾ ਵਿੱਚ ਵੱਸਦੇ ਪੰਜਾਬੀਆਂ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਨਮਾਨ ਕੀਤਾ ਅਤੇ ਪੰਜਾਬ ਦੇ ਨਦੀਆਂ ਤੇ ਦਰਿਆਵਾਂ ਨੂੰ ਸਾਫ਼ ਕਰਨ ਦੀ ਚਲਾਈ ਜਾ ਰਹੀ ਮੁਹਿੰਮ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਪਰਵਾਸੀ ਪੰਜਾਬੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦਿਆ ਪ੍ਰਬੰਧਕਾਂ ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਸਿੱਖ ਭਾਈਚਾਰੇ ਦੇ ਆਗੂਆਂ ਦੀ ਕੀਤੀ ਜਾ ਰਹੀ ਕਿਰਦਾਰਕੁਸ਼ੀ ਤੋਂ ਬਚਣ ਦੀ ਲੋੜ ਹੈ।