ਪਾਕਿ ਪੁਲੀਸ ਵੱਲੋਂ ਫੜੇ ਨੌਜਵਾਨ ਦੇ ਪਰਿਵਾਰ ਨੂੰ ਮਿਲੇ ਅਧਿਕਾਰੀ
ਅਸ਼ੋਕ ਸੀਕਰੀ
ਗੁਰੂਹਰਸਹਾਏ, 6 ਜੁਲਾਈ
ਜ਼ਿਲ੍ਹਾ ਫ਼ਿਰੋਜ਼ਪੁਰ ਦੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਅੱਜ ਗੁਰੂਹਰਸਹਾਏ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪਾਕਿਸਤਾਨ ਦੀ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਪਿੰਡ ਖੈਰੇ ਕੇ ਉਤਾੜ ਦੇ ਨੌਜਵਾਨ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚ ਕੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ।
ਇਸ ਬਾਰੇ ਐੱਸਡੀਐੱਮ ਉਦੈਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਨੌਜਵਾਨ ਅੰਮ੍ਰਿਤਪਾਲ ਸਿੰਘ 21 ਜੂਨ ਨੂੰ ਭਾਰਤ-ਪਾਕਿਸਤਾਨ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਾਰ ਪੈਂਦੀ ਆਪਣੀ ਜ਼ਮੀਨ ਵਿੱਚ ਹਰ ਰੋਜ਼ ਦੀ ਤਰ੍ਹਾਂ ਖੇਤੀ ਕਰਨ ਗਿਆ ਸੀ ਪਰ ਉਹ ਆਪਣੇ ਘਰ ਨਹੀਂ ਪਰਤਿਆ। ਇਸ ਮਗਰੋਂ ਪਰਿਵਾਰਕ ਮੈਂਬਰਾਂ ਵੱਲੋਂ ਜ਼ਮੀਨ ਦੇ ਨਾਲ ਲੱਗਦੀ ਬੀਐੱਸਐੱਫ ਦੀ ਚੌਕੀ ਰਾਣਾ ’ਚ ਪਹੁੰਚ ਕੀਤੀ ਗਈ।
ਬੀਐੱਸਐੱਫ ਵੱਲੋਂ ਪੜਤਾਲ ਕਰਨ ਉਪਰੰਤ ਸਪੱਸ਼ਟ ਕੀਤਾ ਗਿਆ ਕਿ ਉਨ੍ਹਾਂ ਦਾ ਲੜਕਾ ਅੰਮ੍ਰਿਤਪਾਲ ਸਿੰਘ ਸਰਹੱਦ ਪਾਰ ਤੋਂ ਵਾਪਸ ਨਹੀਂ ਆਇਆ। ਬੀਐੱਸਐੱਫ ਵੱਲੋਂ ਪਾਕਿਸਤਾਨ ਰੇਂਜਰਜ਼ ਨਾਲ 3-4 ਵਾਰ ਮੀਟਿੰਗਾਂ ਕਰਨ ਮਗਰੋਂ ਪਾਕਿਸਤਾਨ ਰੇਂਜਰਜ਼ ਨੇ 27 ਜੂਨ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਕਿ ਅੰਮ੍ਰਿਤਪਾਲ ਸਿੰਘ ਪਾਕਿਸਤਾਨ ਪੁਲੀਸ ਦੀ ਹਿਰਾਸਤ ਵਿੱਚ ਹੈ।
ਐੱਸਡੀਐੱਮ ਨੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਅੰਮ੍ਰਿਤਪਾਲ ਸਿੰਘ ਨੂੰ ਵਾਪਸ ਲਿਆਉਣ ਦਾ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਹੈ। ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰੀ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਜੋ ਨੌਜਵਾਨ ਨੂੰ ਛੇਤੀ ਤੋਂ ਛੇਤੀ ਵਾਪਸ ਭਾਰਤ ਲਿਆਂਦਾ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਅਤੇ ਬੀਐੱਸਐੱਫ ਪੱਧਰ ’ਤੇ ਲਗਾਤਾਰ ਉੱਚ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦੇ ਸਾਰਥਕ ਨਤੀਜੇ ਨਿਕਲਣਗੇ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਹੈ। ਇਸ ਮੌਕੇ ਤਹਿਸੀਲਦਾਰ ਬੀਰਕਰਨ ਸਿੰਘ ਢਿੱਲੋਂ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।