ਪਾਰਟੀ ’ਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਖੁੱਡੀਆਂ
ਪੱਤਰ ਪ੍ਰੇਰਕ
ਅਜੀਤਵਾਲ, 7 ਜੂਨ
ਗੁਰਮੇਲ ਸਿੰਘ ਮੱਦੋਕੇ ਨੇ ਅਜੀਤਵਾਲ ਅਤੇ ਪਰਮਜੀਤ ਸਿੰਘ ਬੁੱਟਰ ਨੇ ਬੱਧਨੀ ਕਲਾਂ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅੱਜ ਅਹੁਦੇ ਸੰਭਾਲ ਲਏ ਹਨ। ਇਸ ਮੌਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਚੇਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਨੇ ਵਿਸ਼ੇਸ਼ ਤੌਰ ’ਤੇ ਤਾਜਪੋਸ਼ੀ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।
ਜੈ ਕ੍ਰਿਸ਼ਨ ਰੋੜੀ ਨੇ ਕਿਹਾ ਕਿ ਆਪ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਨਵ-ਨਿਯੁਕਤ ਦੋਵੇਂ ਚੇਅਰਮੈਨ ਗੁਰਮੇਲ ਸਿੰਘ ਮੱਦੋਕੇ (ਅਜੀਤਵਾਲ) ਅਤੇ ਪਰਮਜੀਤ ਸਿੰਘ ਬੁੱਟਰ (ਬੱਧਨੀ ਕਲਾਂ) ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ ਅਤੇ ਆੜ੍ਹਤੀਆਂ, ਕਿਸਾਨਾਂ, ਮਜ਼ਦੂਰਾਂ ਦੀਆਂ ਦਿੱਕਤਾਂ ਨੂੰ ਆਪਸੀ ਭਾਈਚਾਰੇ ਨਾਲ ਹਲ ਕਰਨ ਨੂੰ ਤਰਜੀਹ ਦੇਣਗੇ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇੇ ਸਪਸ਼ਟ ਨਿਰਦੇਸ਼ ਹਨ ਕਿ ਪਾਰਟੀ ਅੰਦਰ ਜਾਂ ਸਰਕਾਰ ਪੱਧਰ ’ਤੇ ਰਿਸ਼ਵਤਖੋਰੀ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ, ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨਾ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਿਨ ਰਾਤ ਇਕ ਕਰਕੇ ਨਸ਼ਿਆਂ ਖ਼ਿਲਾਫ਼ ਕੰਮ ਕੀਤਾ ਜਾ ਰਿਹਾ ਹੈ। ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਰਾਜ ਦੇ ਕਿਸਾਨਾਂ ਨੂੰ ਸਬਸਿਡੀ ’ਤੇ ਆਧੁਨਿਕ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਮੌਕੇ ਵਿਧਾਇਕ ਮਨਜੀਤ ਬਿਲਾਸਪੁਰ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਬਰਿੰਦਰ ਕੁਮਾਰ ਮਧੇਕੇ, ਹਰਮਨਜੀਤ ਸਿੰਘ ਬਰਾੜ, ਮਹਿੰਦਰਪਾਲ ਸਿੰਘ ਮਾਨ ਦੌਧਰ ਤੇ ਹੋਰ ਹਾਜ਼ਰ ਸਨ।