ਪੀਜੀਆਰਐੱਸ ਪੋਰਟਲ ਵਿਚਲੀਆਂ ਸ਼ਿਕਾਇਤਾਂ ਦੇ ਸਮਾਂਬੱਧ ਨਿਬੇੜੇ ’ਤੇ ਜ਼ੋਰ
ਸਰਬਜੀਤ ਭੰਗੂ
ਪਟਿਆਲਾ, 28 ਜਨਵਰੀ
ਸੂਬਾ ਵਾਸੀਆਂ ਨੂੰ ਪਹੁੰਚਯੋਗ, ਕੁਸ਼ਲ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਵਾਉਣ ਦੇ ਨਾਲ ਨਾਲ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀਜੀਆਰਐੱਸ) ਦੀ ਵਰਤੋਂ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ ਨੇ ਪੀਜੀਆਰਆਰ ਅਤੇ ਈ-ਸੇਵਾ ਪੋਰਟਲ ਰਾਹੀਂ ਆਈਆਂ ਸ਼ਿਕਾਇਤਾਂ ’ਤੇ ਵਿਭਾਗਾਂ ਵੱਲੋਂ ਕੀਤੀ ਗਈ ਕਾਰਵਾਈ ਦੀ ਰਿਪੋਰਟ ਲੈਂਦਿਆਂ ਕੀਤਾ।
ਕੁਝ ਵਿਭਾਗਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਗੰਭੀਰ ਨੋੋਟਿਸ ਲੈਂਦਿਆਂ, ਉਨ੍ਹਾਂ ਨੇ ਇਨ੍ਹਾ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਤੇ ਕਿਹਾ ਕਿ ਦੇਰੀ ਲਈ ਅਧਿਕਾਰੀ ਜਵਾਬਦੇਹ ਹੋਣਗੇ। ਉਨ੍ਹਾਂ ਹੋਰ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਹੋ ਚੁੱਕੇ ਹਨ ਤੇ ਸ਼ਿਕਾਇਤਾਂ ਪਹਿਲਾਂ ਆਈਆਂ ਹੋਣ ਕਾਰਨ ਸਬੰਧਤ ਅਧਿਕਾਰੀਆਂ ਦੇ ਅਕਾਊਂਟ ’ਚ ਹਨ, ਨੂੰ ਤੁਰੰਤ ਨਵੇਂ ਅਧਿਕਾਰੀ ਦੇ ਪੀਜੀਆਰਐੱਸ ਅਕਾਊਂਟ ਵਿੱਚ ਟਰਾਂਸਫਰ ਕਰਵਾਇਆ ਜਾਵੇ, ਤਾਂ ਜੋ ਸ਼ਿਕਾਇਤਾਂ ਦਾ ਨਿਪਟਾਰਾ ਜਲਦੀ ਹੋ ਸਕੇ। ਕੱਲ੍ਹ ਤੱਕ ਸਮੂਹ ਵਿਭਾਗ ਆਪਣੀਆਂ ਸਮਾਂ ਲੰਘ ਚੁੱਕੀਆਂ ਸ਼ਿਕਾਇਤਾਂ ਸਬੰਧੀ ਸਟੇਟਸ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਜਮ੍ਹਾਂ ਕਰਵਾਉਣੀ ਯਕੀਨੀ ਬਣਾਉਣ।
ਉਨ੍ਹਾਂ ਸਮੂਹ ਵਿਭਾਗਾਂ ਦੇ ਪੀਜੀਆਰਐੱਸ ਨੋਡਲ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਡਿਜੀਟਲ ਪਲੇਟਫ਼ਾਰਮ ’ਤੇ ਆਈ ਹਰ ਸ਼ਿਕਾਇਤ ਸਟੇਟ ਪੱਧਰ ’ਤੇ ਲਗਾਏ ਨੋਡਲ ਅਧਿਕਾਰੀ ਦੇ ਅਕਾਊਂਟ ਵਿੱਚ ਵੀ ਦਿਖਾਈ ਦਿੰਦੀ ਹੈ ਤੇ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਸਬੰਧੀ ਜ਼ਿਲ੍ਹੇ ਦੇ ਸਬੰਧਤ ਅਧਿਕਾਰੀ ਦੀ ਜ਼ਿੰਮੇਵਾਰੀ ਤੈਅ ਹੋਵੇਗੀ, ਇਸ ਲਈ ਰੋਜ਼ਾਨਾ ਇਸ ਪੋਰਟਲ ’ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇ ਅਤੇ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਨਾ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।