ਨਿੱਜੀ ਪੱਤਰ ਪ੍ਰੇਰਕਮਾਲੇਰਕੋਟਲਾ, 10 ਜੂਨਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਜ਼ਿਲ੍ਹੇ ਵਿੱਚ 9 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋ ਚੁੱਕੀ ਹੈ। ਮੁੱਖ ਖੇਤੀਬਾੜੀ ਅਫ਼ਸਰ ਮਾਲੇਰਕੋਟਲਾ ਡਾ. ਧਰਮਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਅਤੇ ਪੂਸਾ-44 ਦੀ ਵਿਕਰੀ ਅਤੇ ਬਿਜਾਈ/ਲਵਾਈ ’ਤੇ ਪੂਰਨ ਪਾਬੰਦੀ ਲਾਈ ਗਈ ਹੈ ਕਿਉਂਕਿ ਇਹ ਕਿਸਮਾਂ ਸਰਕਾਰੀ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੀਆਂ, ਜਿਸ ਕਾਰਨ ਇਨ੍ਹਾਂ ਦੇ ਮੰਡੀਕਰਨ ਦੀ ਸਮੱਸਿਆ ਆਉਂਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਹਾਈਬ੍ਰਿਡ ਕਿਸਮਾਂ ਦਾ ਬੀਜ ਬਹੁਤ ਮਹਿੰਗੇ ਭਾਅ ਮਿਲਦਾ ਹੈ, ਉੱਥੇ ਇਸ ਵਿੱਚ ਟੋਟੇ ਦੀ ਸਮੱਸਿਆ ਬਹੁਤ ਜ਼ਿਆਦਾ ਆਉਂਦੀ ਹੈ। ਪੂਸਾ-44 ਕਿਸਮ ਪੱਕਣ ਵਿੱਚ ਬਹੁਤ ਜ਼ਿਆਦਾ ਸਮਾਂ ਲੈਂਦੀ ਹੈ, ਜਿਸ ਨਾਲ ਪਾਣੀ ਦੀ ਖਪਤ ਵੀ ਜ਼ਿਆਦਾ ਹੁੰਦੀ ਹੈ। ਇਸ ਤੋਂ ਇਲਾਵਾ ਇਨ੍ਹਾਂ ਕਿਸਮਾਂ ਦੀ ਪਰਾਲੀ ਵੀ ਜ਼ਿਆਦਾ ਹੁੰਦੀ ਹੈ ਅਤੇ ਪਰਾਲੀ ਨੂੰ ਅੱਗ ਲਾਉਣ ਵਾਲੀਆਂ ਘਟਨਾਵਾਂ ਵਿੱਚ ਵਾਧਾ ਹੁੰਦਾ ਹੈ। ਇਸ ਲਈ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਨ੍ਹਾਂ ਕਿਸਮਾਂ ਦੀ ਲਵਾਈ ਨਾ ਕੀਤੀ ਜਾਵੇ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਪੀ.ਆਰ ਕਿਸਮਾਂ ਹੀ ਲਗਾਈਆਂ ਜਾਣ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਦੀ ਵਰਤੋਂ ਵੀ ਕਰ ਸਕਦੇ ਹਨ। ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵਜੋਂ ਦਿੱਤੇ ਜਾਣਗੇ। ਕਿਸਾਨ ਇਸ ਸਬੰਧੀ ਐਗਰੀ ਮਸ਼ੀਨਰੀ ਪੋਰਟਲ ’ਤੇ ਰਜਿਸਟ੍ਰੇਸ਼ਨ ਕਰ ਸਕਦੇ ਹਨ ਜਾਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।