ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਸਮਾਗਮ

ਸਮਾਗਮ ਦੌਰਾਨ ਸ਼ਖ਼ਸੀਅਤਾਂ ਦਾ ਸਨਮਾਨ ਕੀਤੇ ਜਾਣ ਦਾ ਦ੍ਰਿਸ਼। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਅਕਤੂਬਰ
ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਗਈ ਧਰਮ ਪ੍ਰਚਾਰ ਦੀ ਲੜੀ ’ਚ ਪੱਛਮ ਬੰਗਾਲ ਦੇ ਸਿਲੀਗੁੜੀ ਵਿਚ ਧਾਰਮਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੇ ਵਿਸ਼ੇਸ਼ ਤੌਰ ’ਤੇ ਪੁੱਜ ਕੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਤਖ਼ਤ ਸਾਹਿਬ ਦੇ ਰਾਗੀ ਭਾਈ ਨਰਿੰਦਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਸਹਿਤ ਕਈ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਗੁਰਬਾਣੀ ਕੀਰਤਨ ਅਤੇ ਗੁਰਬਾਣੀ ਵਿਚਾਰ ਕੀਤੇ ਗਏ। ਤਖ਼ਤ ਸਾਹਿਬ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ, ਜਨਰਲ ਸਕੱਤਰ ਮਹਿੰਦਰਪਾਲ ਸਿੰਘ ਢਿੱਲੋ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਲਖਵਿੰਦਰ ਸਿੰਘ, ਦਿੱਲੀ ਕਮੇਟੀ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ, ਬਿਹਾਰ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੂਰਜ ਸਿੰਘ ਨੇ ਵੀ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਗੁਰੂ ਨਾਨਕ ਦੇਵ ਦੇ ਜੀਵਨ ‘ਤੇ ਪ੍ਰਕਾਸ਼ ਪਾਇਆ। ਉਨ੍ਹਾਂ ਕਿਹਾ ਕਿ ਸਿਲੀਗੁੜੀ ਪੁੱਜ ਕੇ ਉਨ੍ਹਾਂ ਨੂੰ ਇਸ ਗੱਲ ਦਾ ਬੇਹਦ ਮਾਣ ਹੈ ਕਿ ਇਥੋਂ ਦੇ ਸਿੱਖਾਂ ਨੇ ਗੁਰੂ ਨਾਨਕ ਸਾਹਿਬ ਦੀ ਸਿੱਖੀ ਨੂੰ ਸੰਭਾਲ ਰੱਖਿਆ ਹੋਇਆ ਹੈ ਹਾਂਲਾਕਿ ਇਥੇ ਸਿੱਖਾਂ ਦੀ ਗਿਣਤੀ ਬਹੁਤੀ ਨਹੀਂ ਪਰ ਜਿਸ ਸੇਵਾ ਭਾਵਨਾ ਅਤੇ ਗੁਰੂ ਸਾਹਿਬ ਦੇ ਪ੍ਰਤੀ ਸਤਿਕਾਰ ਇਥੋਂ ਦੇ ਸਿੱਖਾਂ ਵਿਚ ਵੇਖਿਆ ਹੈ ਉਸ ਨੂੰ ਵੇਖ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਨਾਲ-ਨਾਲ ਗੈਰ ਸਿੱਖਾਂ ਵੱਲੋਂ ਵੀ ਪ੍ਰਕਾਸ਼ ਪੁਰਬ ਮਨਾਉਣ ਲਈ ਉਤਸ਼ਾਹ ਦੇਖਣ ਨੂੰ ਮਿਲ ਰਿਹਾ।