ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਰਬਾਬ ਤੋਂ ਨਗਾਰਾ’ ਵਿਸ਼ੇ ’ਤੇ ਪ੍ਰਦਰਸ਼ਨੀ

ਵਾਈਸ ਚਾਂਸਲਰ ਡਾ. ਬੀ.ਐੱਸ.ਘੁੰਮਣ ਤੇ ਹੋਰ ਸਖਸ਼ੀਅਤਾਂ ਪ੍ਰਦਰਸ਼ਨੀ ਵੇਖਦੀਆਂ ਹੋਈਆਂ। -ਫੋਟੋ: ਭਿੰਡਰ

ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 20 ਸਤੰਬਰ
ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਹੇਠ ਅੱਜ ਪੰਜਾਬੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ, ਗੁਰੂ ਗੋਬਿੰਦ ਸਿੰਘ ਚੇਅਰ ਅਤੇ ਭਾਈ ਵੀਰ ਸਿੰਘ ਸਾਹਿਤ ਸਦਨ ਨਵੀਂ ਦਿੱਲੀ ਵੱਲੋਂ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਰਬਾਬ ਤੋਂ ਨਗਾਰਾ’ ਵਿਸ਼ੇ ’ਤੇ ਪ੍ਰਦਰਸ਼ਨੀ ਲਗਾਈ ਗਈ।
ਇਸ ਪ੍ਰਦਰਸ਼ਨੀ ਦਾ ਉਦਘਾਟਨ ਉਪ-ਕੁਲਪਤੀ ਡਾ. ਬੀ. ਐੱਸ. ਘੁੰਮਣ ਨੇ ਕਰਦਿਆਂ ਕਿਹਾ ਕਿ ਇਸ ਪ੍ਰਦਰਸ਼ਨੀ ਵਿੱਚ ਸ਼ਾਮਿਲ ਚਿੱਤਰ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ ਦਾ ਪ੍ਰਗਟਾਅ ਹਨ। ਉਨ੍ਹਾਂ ਵੱਲੋਂ ਵਿਸ਼ਵ ਨੂੰ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਦਾ ਦਿਤਾ ਗਿਆ ਸਿਧਾਂਤ ਇਸ ਪ੍ਰਦਰਸ਼ਨੀ ਵਿੱਚ ਵੇਖਣ ਨੂੰ ਮਿਲਦਾ ਹੈ, ਜੋ ਕਿ ਨੌਜਵਾਨ ਵਿਦਿਆਰਥੀਆਂ ਲਈ ਸੇਧਮਈ ਹੈ। ਇਸ ਮੌਕੇ ਭਾਈ ਵੀਰ ਸਿੰਘ ਸਾਹਿਤ ਸਦਨ ਦੇ ਡਾਇਰੈਕਟਰ ਡਾ. ਮਹਿੰਦਰ ਸਿੰਘ ਵੱਲੋਂ ਇਸ ਯੂਨੀਵਰਸਿਟੀ ਨਾਲ ਸਬੰਧਤ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੀਆਂ ਘਟਨਾਵਾਂ ਦਾ ਭਾਵਨਾਮਈ ਤਰੀਕੇ ਨਾਲ ਪ੍ਰਗਟਾਵਾ ਕੀਤਾ। ਵਿਭਾਗ ਦੇ ਮੁਖੀ ਡਾ. ਮੁਹੰਮਦ ਹਬੀਬ ਨੇ ਸਵਾਗਤ ਕੀਤਾ ਤੇ ਪ੍ਰੋਫੈਸਰ ਇੰਚਾਰਜ ਗੁਰੂ ਗੋਬਿੰਦ ਸਿੰਘ ਚੇਅਰ ਡਾ. ਗੁਰਮੀਤ ਸਿੰਘ ਸਿੱਧੂ ਨੇ ਪੰਜਾਬ ਸਰਕਾਰ, ਪੰਜਾਬੀ ਯੂਨੀਵਰਸਿਟੀ ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

‘ਰਬਾਬ ਤੋਂ ਨਗਾਰੇ ਤੱਕ’ ਵਿਸ਼ੇ ’ਤੇ ਭਾਸ਼ਣ
ਪਟਿਆਲਾ (ਨਿੱਜੀ ਪੱਤਰ ਪ੍ਰੇਰਕ): ਖ਼ਾਲਸਾ ਕਾਲਜ ਪਟਿਆਲਾ ਵਿੱਚ ਡਾ. ਮਹਿੰਦਰ ਸਿੰਘ, ਡਾਇਰੈਕਟਰ ਭਾਈ ਵੀਰ ਸਿੰਘ ਸਾਹਿਤ ਸਦਨ, ਨਵੀ ਦਿੱਲੀ ਨੇ ‘ਰਬਾਬ ਤੋਂ ਨਗਾਰੇ ਤੱਕ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਦਿੱਤਾ। ਇਹ ਲੈਕਚਰ ਕਾਲਜ ਦੇ ਧਰਮ ਅਧਿਐਨ ਵਿਭਾਗ ਵੱਲੋਂ ਕੀਤਾ ਗਿਆ। ਇਸ ਮੌਕੇ ਡਾ. ਮਹਿੰਦਰ ਸਿੰਘ ਨੇ ਆਪਣੇ ਗਿਆਨ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅੰਤਰ ਸੰਵਾਦ ਰਚਾਇਆ ਅਤੇ ਇਸ ਨੂੰ ਤਰਕ ਦੀ ਕਸੌਟੀ ’ਤੇ ਉਤਾਰਿਆ ਹੈ।ਇਸ ਮੌਕੇ ਉਨ੍ਹਾਂ ਗੁਰੂ ਨਾਨਕ ਦੇਵ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਨਾਲ ਸਬੰਧਤ ਪੇਸ਼ਕਾਰੀ ਵੀ ਦਿਖਾਈ।