ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਣ ਮੁਕਾਬਲੇ

ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 20 ਸਤੰਬਰ

ਮੁਕਾਬਲਿਆਂ ਵਿੱਚ ਹਿੱਸਾ ਲੈਂਦੀਆਂ ਹੋਈਆਂ ਵਿਦਿਆਰਥਣਾਂ। -ਫੋਟੋ: ਮਿੱਠਾ

ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸ਼ਬਦ ਗਾਇਣ ਤੇ ਗੁਰੂ ਨਾਨਕ ਦੇਵ ਵੱਲੋਂ ਰਚੀ ਬਾਣੀ ਦੇ ਸ਼ਬਦਾਂ ਦੇ ਸਹੀ ਤੇ ਢੁਕਵੇਂ ਅਰਥਾਂ ਸਬੰਧੀ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਸਕੂਲੀ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਪਰਮਜੀਤ ਕੌਰ ਸਿੱਧੂ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਨੇ ਗੁਰਬਾਣੀ ਰਾਹੀਂ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਤੇ ਜਾਤ-ਪਾਤ ਤੋਂ ਉਪਰ ਉੱਠ ਕੇ ਕੰਮ ਕਰਨ ਅਤੇ ਦਸਾਂ ਨਹੂੰਆਂ ਦੀ ਕਰਨ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਜਾ ਰਹੀ ਹੈ, ਜਿਸ ਵਿੱਚ ਸਾਨੂੰ ਰਲ ਮਿਲ ਕੇ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ। ਸ੍ਰੀਮਤੀ ਸਿੱਧੂ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਚ ਸ਼ਬਦ ਗਾਇਣ ਮੁਕਾਬਲਿਆਂ ਵਿੱਚ ਰੁਪਿੰਦਰ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਬਾਣੀ ਦੇ ਸ਼ਬਦਾਂ ਦੇ ਸਹੀ ਤੇ ਢੁਕਵੇਂ ਅਰਥਾਂ ਸਬੰਧੀ ਕਰਵਾਏ ਗਏ ਮੁਕਾਬਲਿਆਂ ਵਿੱਚ ਯਸ਼ਲੀਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ।