ਪ੍ਰਦੇਸ਼ ਕਾਂਗਰਸ ਵੱਲੋਂ ਜੱਸੋਵਾਲ ਹਲਕਾ ਅਮਰਗੜ੍ਹ ਦਾ ਕੋਆਰਡੀਨੇਟਰ ਨਿਯੁਕਤ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 10 ਜੂਨ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਦੇ ਸੀਨੀਅਰ ਆਗੂ ਅਮਰਿੰਦਰ ਸਿੰਘ ਜੱਸੋਵਾਲ ਨੂੰ ਹਲਕਾ ਅਮਰਗੜ੍ਹ ਦਾ ਕੋਆਰਡੀਨੇਟਰ ਲਗਾਇਆ ਹੈ। ਅੱਜ ਇਥੇ ਗੱਲਬਾਤ ਕਰਦਿਆਂ ਸ੍ਰੀ ਜਸੋਵਾਲ ਨੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਸਮੁੱਚੀ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਉਹ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਹਰ ਫਰੰਟ ਤੇ ਫੇਲ੍ਹ ਹੈ ਅਤੇ ਸਰਕਾਰ ਵੱਲੋਂ ਲੋਕ ਵਿਰੋਧੀ ਫ਼ੈਸਲੇ ਕਰਕੇ ਲੋਕਾਂ ਲਈ ਮੁਸ਼ਕਿਲਾਂ ਖੜ੍ਹੀਆਂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਿਰਫ਼ ਫੌਕੇ ਵਾਅਦੇ ਤੇ ਝੂਠੇ ਦਾਅਵੇ ਕਰਕੇ ਡੰਗ ਟਪਾਈ ਕਰ ਰਹੇ ਹਨ ਅਤੇ ਪਿਛਲੇ ਸਾਢੇ ਤਿੰਨ ਸਾਲ ਦੇ ਕਾਰਜ ਕਾਲ ਦੌਰਾਨ ਸਿਵਾਏ ਇਸ਼ਤਿਹਾਰਬਾਜ਼ੀ ਕਰਨ ਦੇ ਸਰਕਾਰ ਵੱਲੋਂ ਹੋਰ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਸੀਨੀਅਰ ਆਗੂਆਂ ਸਮੇਤ ਹਦਕੇ ਦਾ ਦੌਰਾ ਕਰਕੇ ਘਰ ਘਰ ਜਾਣਗੇ ਅਤੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਭਗਵੰਤ ਮਾਨ ਸਰਕਾਰ ਦੀਆਂ ਅਸਫ਼ਲਤਾਵਾਂ ਬਾਰੇ ਜਾਣੂ ਕਰਾਉਣਗੇ।