ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਣ ਲੱਗੇ ਸਰਕਾਰੀ ਸਕੂਲ: ਰਹਿਮਾਨ
ਪਰਮਜੀਤ ਸਿੰਘ ਕੁਠਾਲਾ
ਮਾਲੇਰਕੋਟਲਾ, 7 ਮਈ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਹੋਈ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਵੱਲੋਂ ਹਲਕੇ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ 11.75 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਵੱਖ-ਵੱਖ ਸਿੱਖਿਆ ਪ੍ਰਾਜੈਕਟ ਲੋਕ ਅਰਪਣ ਕੀਤੇ ਗਏ। ਇਨ੍ਹਾਂ ਪ੍ਰਾਜੈਕਟਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸਿਕੰਦਰਪੁਰਾ ਵਿੱਚ 4.63 ਲੱਖ 65 ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਮਿਡਲ ਸਕੂਲ ਸਿਕੰਦਰਪੁਰਾ ਵਿੱਚ 3.70 ਲੱਖ ਰੁਪਏ ਦੀ ਲਾਗਤ ਨਾਲ ਪਖਾਨੇ ਦੀ ਮੁਰੰਮਤ ਅਤੇ ਚਾਰਦੀਵਾਰੀ, ਸਰਕਾਰੀ ਮਿਡਲ ਸਕੂਲ ਅਹਿਮਦਪੁਰ ਵਿੱਚ 3.40 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਸ਼ਾਮਲ ਹੈ। ਵੱਖ ਵੱਖ ਸਕੂਲਾਂ ਵਿਚ ਕਰਵਾਏ ਵਿਸ਼ੇਸ਼ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਕਿਹਾ ਕਿ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਇਤਿਹਾਸਕ ਇਨਕਲਾਬ ਦੀ ਸ਼ੁਰੂਆਤ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿੱਚ 12 ਫ਼ੀਸਦੀ ਬਜਟ ਦਾ ਵਾਧਾ ਕਰਕੇ ਇਤਿਹਾਸ ਸਿਰਜਿਆ ਹੈ। ਅੱਜ ਪੰਜਾਬ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਂਦੇ ਹਨ ਅਤੇ ਸਕੂਲ ਆਫ਼ ਐਮੀਨੈਂਸ ਤੇ ਸਕੂਲ ਆਫ਼ ਹੈਪੀਨੈੱਸ ਦੇ ਵਿਦਿਆਰਥੀਆਂ ਨੂੰ ਆਈਏਐੱਸ, ਆਈਪੀਐੱਸ, ਪੀਸੀਐੱਸ ਤੇ ਆਈਆਈਟੀ ਆਦਿ ਉੱਚ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਇਸ ਮੌਕੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਸਮਾਗਮਾਂ ਵਿਚ ਸੰਦੀਪ ਕੌਰ ਸਰਪੰਚ ਪਿੰਡ ਅਹਿਮਦਪੁਰ, ਯੋਗਿੰਦਰ ਸਿੰਘ ਸਰਪੰਚ ਪਿੰਡ ਸਿਕੰਦਰਪੁਰਾ, ਇੰਚਾਰਜ ਜਸਵੀਰ ਕੌਰ, ਇੰਚਾਰਜ ਕਮਲ ਚਹਿਲ, ਪ੍ਰਿੰਸੀਪਲ ਕਮਲੇਸ਼, ਪ੍ਰਿੰਸੀਪਲ ਰਜਿੰਦਰ ਕੁਮਾਰ ਅਤੇ ਬੀਪੀਈਓ ਸੋਹਣ ਸਿੰਘ ਤੋਂ ਇਲਾਵਾ ਸਕੂਲਾਂ ਦੇ ਵਿਦਿਆਰਥੀ ਅਤੇ ਮਾਪੇ ਵੀ ਮੌਜੂਦ ਸਨ।