ਪ੍ਰਾਪਰਟੀ ਡੀਲਰ ਦੀ ਗੋਲੀ ਮਾਰ ਕੇ ਹੱਤਿਆ
ਨਵੀਂ ਦਿੱਲੀ, 11 ਅਪਰੈਲ
ਇਥੇ ਬਾਹਰੀ ਦਿੱਲੀ ਦੇ ਪੱਛਮ ਵਿਹਾਰ ਪੂਰਬ ਵਿੱਚ ਅੱਜ ਸਵੇਰੇ ਅਣਪਛਾਤੇ ਹਮਲਾਵਰਾਂ ਨੇ ਪੰਜਾਹ ਸਾਲਾ ਪ੍ਰਾਪਰਟੀ ਡੀਲਰ ਦੀ ਕਥਿਤ ਰੂਪ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਾਜਕੁਮਾਰ (50) ਵਜੋਂ ਹੋਈ ਹੈ। ਜਦੋਂ ਉਹ ਆਪਣੇ ਸਪਾਰਟ ਯੂਟੀਲਿਟੀ ਵਾਹਨ (ਐੱਸਯੂਵੀ) ਚਲਾ ਰਿਹਾ ਸੀ ਤਾਂ ਹਮਲਾਵਰਾਂ ਨੇ ਕਥਿਤ ਤੌਰ ’ਤੇ ਉਸ ਨੂੰ ਘੇਰ ਲਿਆ ਅਤੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਸਬੰਧੀ ਕਥਿਤ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਪੀੜਤ ਡਰਾਈਵਰ ਸੀਟ ’ਤੇ ਖੂਨ ਨਾਲ ਲਥਪਥ ਹਾਲਤ ਵਿੱਚ ਪਿਆ ਦਿਖਾਈ ਦਿੰਦਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸਵੇਰੇ ਕਰੀਬ ਸਵਾ ਸੱਤ ਵਜੇ ਪੁਲੀਸ ਦੀ ਪੀਸੀਆਰ ਵਾਹਨ ਨੂੰ ਇਸ ਸਬੰਧੀ ਸੂਚਨਾ ਮਿਲੀ ਕਿ ਐੱਸਬੀਆਈ ਕਲੋਨੀ ਦੇ ਨੇੜੇ ਗੋਲੀਆਂ ਚੱਲੀਆਂ ਹਨ। ਸੂਚਨਾ ਮਿਲਣ ਮਗਰੋੋਂ ਮੌਕੇ ’ਤੇ ਪਹੁੰਚੀ ਪੁਲੀਸ ਨੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ ’ਤੇ ਫੋਰੈਂਸਿਕ ਵਿਭਾਗ ਦੀ ਟੀਮ ਨੂੰ ਸੱਦਿਆ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਲਈ ਪੁਲੀਸ ਘਟਨਾ ਨੇੜਲੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲ ਰਹੀ ਹੈ। ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਨੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਇਸ ਕੇਸ ਨੂੰ ਹੱਲ ਕਰਨ ਲਈ ਟੀਮ ਦਾ ਗਠਨ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪਹਿਲੀ ਨਜ਼ਰੇ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਜਾਪਦਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਫੋਰੈਂਸਿਕ ਟੀਮ ਦੇ ਮਾਹਿਰਾਂ ਨੇ ਮੌਕੇ ’ਤੇ ਸੈਂਪਲ ਲਏ ਹਨ। ਪੁਲੀਸ ਵੱਲੋਂ ਮੁਲਜ਼ਮਾਂ ਦੀ ਭਾਲ ਜਾਰੀ ਹੈ।