ਪ੍ਰੈੱਸ ਦੀ ਆਜ਼ਾਦੀ ’ਤੇ ਹਮਲਾ ਬੰਦ ਕਰੇ ‘ਆਪ’: ਬੈਦਵਾਨ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 9 ਜੂਨ
ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ‘ਆਪ’ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪ੍ਰੈੱਸ ਦੀ ਆਜ਼ਾਦੀ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਪੱਤਰਕਾਰਾਂ ਦੇ ਘਰਾਂ ਵਿੱਚ ਜਾਣ ਅਤੇ ਉਨ੍ਹਾਂ ਤੋ ਘੰਟਿਆਂਬੱਧੀ ਪੁੱਛਗਿੱਛ ਕਰਨ ਦੀਆਂ ਖ਼ਬਰਾਂ ਲੋਕਤੰਤਰ ਲਈ ਬਹੁਤ ਹੀ ਚਿੰਤਾਜਨਕ ਅਤੇ ਨਾ ਬਰਦਾਸ਼ਤ-ਯੋਗ ਹਨ। ਸ੍ਰੀ ਬੈਦਵਾਨ ਨੇ ਆਖਿਆ ਕਿ ਅਜਿਹੀਆਂ ਕਾਰਵਾਈਆਂ ਲੋਕਤੰਤਰ ਦਾ ਚੌਥਾ ਥੰਮ੍ਹ ਮੰਨੇ ਜਾਂਦੇ ਮੀਡੀਆ ’ਤੇ ਸਿੱਧਾ ਹਮਲਾ ਹਨ। ਉਨ੍ਹਾਂ ਕਿਹਾ ਕਿ ਬੀਤੇ ਕਈ ਦਿਨਾਂ ਤੋਂ ਪੰਜਾਬ ਸਰਕਾਰ ਦੀ ਸੀਆਈਡੀ ਅਤੇ ਹੋਰ ਖ਼ੁਫ਼ੀਆ ਏਜੰਸੀਆਂ ਵੱਲੋਂ ਲੋਕ-ਪੱਖੀ ਪੱਤਰਕਾਰਾਂ ਅਤੇ ਯੂ-ਟਿਊਬਰਾਂ ਨੂੰ ਤਲਬ ਕਰ ਕੇ ਘੰਟਿਆਂਬੱਧੀ ਪੁੱਛਗਿੱਛ ਕਰਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਸ੍ਰੀ ਬੈਦਵਾਨ ਨੇ ਕਿਹਾ ਕਿ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਕਮਜ਼ੋਰ ਕਰਨ ਵਾਲੀਆਂ ਅਜਿਹੀਆਂ ਡਰਾਉਣੀਆਂ ਚਾਲਾਂ ਦਾ ਸਹਾਰਾ ਲੈਣ ਦੀ ਬਜਾਇ, ‘ਆਪ’ ਸਰਕਾਰ ਨੂੰ ਪ੍ਰਸ਼ਾਸਨਿਕ ਕੰਮਾਂ ’ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਅਤੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪ੍ਰੈੱਸ ਨੂੰ ਪ੍ਰੇਸ਼ਾਨ ਕਰਨ ਨਾਲ ਸਚਾਈ ਛੁਪ ਨਹੀਂ ਸਕਦੀ।